- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸੜਕਾਂ ਨਾ ਬਨਣ ਤੇ ਸ਼ੈਸ਼ਨ ਦੌਰਾਨ ਉਠਾਏ ਗੰਭੀਰ ਮਸਲੇ ਤੇ ਪਿੰਡ ਮੱਲੇਆਣਾ ਦੇ ਵਾਸੀ ਅਤੇ ਕਿਸਾਨ ਜਥੇਬੰਦੀਆਂ ਖਫਾ ਨਜ਼ਰ ਆ ਰਹੀਆਂ ਹਨ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸੜਕਾਂ ਨਾ ਬਨਣ ਤੇ ਸ਼ੈਸ਼ਨ ਦੌਰਾਨ ਉਠਾਏ ਗੰਭੀਰ ਮਸਲੇ ਤੇ ਪਿੰਡ ਮੱਲੇਆਣਾ ਦੇ ਵਾਸੀ ਅਤੇ ਕਿਸਾਨ ਜਥੇਬੰਦੀਆਂ ਖਫਾ ਨਜ਼ਰ ਆ ਰਹੀਆਂ ਹਨ। ਪਿੰਡ ਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਿਧਾਨ ਸਭਾ ਵਿਚ ਲਗਾਏ ਸਵਾਲ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਵਿਚ ਮੰਡੀ ਬੋਰਡ ਦੀਆਂ 70 ਫੀਸਦੀ ਬਣੀਆਂ ਸੜਕਾਂ ਤੇ ਸਖ਼ਤ ਟਿਪਣੀ ਕੀਤੀ ਹੈ।
ਭਰਵੇਂ ਇਕੱਠ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਮੱਲੇਆਣਾ ਅਤੇ ਬਲਕਰਨ ਸਿੰਘ ਮੱਲੇਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸਾਧੂ ਸਿੰਘ ਨੇ ਕਿਹਾ ਕਿ ਪਿੰਡ ਮੱਲੇਆਣਾ ਤੋਂ ਬੱਧਨੀ ਕਲਾਂ ਨੂੰ ਜੋੜਦੀ ਸੜਕ ਪਿਛਲੇ ਲੰਬੇ ਸਮੇਂ ਤੋਂ ਜਿਉਂ ਦੀ ਤਿਉਂ ਪਈ ਹੈ। ਉਨ੍ਹਾਂ ਦੱਸਿਆ ਕਿ ਸੜਕ ਤੇ ਪਾਏ ਵੱਟੇ ਵੀ ਹੁਣ ਕਿਸਾਨਾਂ ਦੇ ਖੇਤਾਂ ਵਿਚ ਜਾ ਚੁੱਕੇ ਹਨ। ਪਿੰਡ ਵਾਸੀਆਂ ਨੇ ਇਤਰਾਜ਼ ਜਤਾਇਆ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਮੱਲੇਆਣਾ ਦਾ ਨਾਂ ਲਏ ਬਿਨਾਂ ਹੀ ਆਖ ਦਿੱਤਾ ਕਿ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ 70 ਫੀਸਦੀ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਾਡਾ ਪਿੰਡ ਟੇਲ ਤੇ ਹੈ, ਅੱਗੇ ਲੁਧਿਆਣਾ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਜਗਰਾਓਂ ਨਾਲ ਜੁੜਦਾ ਹੈ ਪਰ ਇਸ ਪਿੰਡ ਦੀ ਬਦਕਿਸਮਤੀ ਇਹ ਹੈ ਕਿ ਪਿੰਡ ਵਿਕਾਸ ਪੱਖੋਂ ਅਜੇ ਤੱਕ ਬੇਹੂਣਾ ਹੈ।
ਉਕਤ ਆਗੂਆਂ ਨੇ ਸੰਕਾ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਸ਼ਾਇਦ ਸਾਡੇ ਪਿੰਡ ਦੀ ਸੜਕ ਕਦੇ ਨਹੀਂ ਬਣ ਸਕਦੀ। ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਇਕ ਹਫਤੇ ਵਿਚ ਮੱਲੇਆਣਾ ਤੋਂ ਬੱਧਨੀ ਕਲਾਂ ਸੜਕ ਨਾ ਬਣਾਈ ਗਈ ਤਾਂ ਪਿੰਡ ਵਾਸੀ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਧਰਨਾ ਲਗਾਇਆ ਜਾਵੇਗਾ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਪਿੰਡ ਵਿਚ ਆਉਣਾ ਬੰਦ ਕਰ ਦਿੱਤਾ ਜਾਵੇਗਾ। ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅੱਜ ਐੱਸਡੀਐੱਮ ਨਿਹਾਲ ਸਿੰਘ ਵਾਲਾ ਨੂੰ ਮਿਲ ਕੇ ਸਬੰਧਤ ਮਸਲੇ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਦੱਸਿਆ ਕਿ ਪੂਰੀ ਤਰ੍ਹਾਂ ਟੁੱਟ ਚੁੱਕੀ ਇਸ ਸੜਕ ਤੇ ਪਾਏ ਗਏ ਵੱਟੇ ਵੀ ਝੋਨੇ ਦੀ ਫ਼ਸਲ ਵਿਚ ਜਾ ਚੁੱਕੇ ਹਨ ਅਤੇ ਫ਼ਸਲ ਦਾ ਨੁਕਸਾਨ ਕਰ ਰਹੇ ਹਨ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਡਾ ਸੁਖਵਿੰਦਰ ਸਿੰਘ ਢੋਲਣ, ਕੇਵਲ ਸਿੰਘ ਛਿੰਦਰ ਸਿੰਘ, ਜਰਨੈਲ ਸਿੰਘ, ਬੂਟਾ ਸਿੰਘ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।
ਪਿੰਡ ਵਾਸੀਆਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਸੜਕ ਨਾ ਬਣਨ ਦੇ ਰੋਸ ਵਜੋਂ ਇਕੱਤਰ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨਾਂ ਵਿਚ ਇਸ ਸੜਕ ਨੂੰ ਨਾ ਬਣਾਇਆ ਗਿਆ ਤਾਂ ਮਜਬੂਰਨ ਪਿੰਡ ਵਾਸੀਆਂ ਵੱਲੋਂ ਪੱਕੇ ਤੌਰ ਤੇ ਧਰਨਾ ਲਗਾਇਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਸੜਕ ਨੂੰ ਜਾਨ ਬੁੱਝ ਕੇ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੜਕ ਨਾ ਬਣਨ ਕਾਰਨ ਹਾਦਸਿਆਂ ਦਾ ਡਰ ਬਣਿਆ ਹੋਇਆ ਹੈ।