- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
30 ਸਤੰਬਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਜਦੋਂ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਉਸ ਨੇ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।

ਗੁਰਦੇਵ ਮਨੇਸ਼, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਥਾਣਾ ਕੋਟ ਈਸੇ ਖਾਂ ਦੀ ਐੱਸਐੱਚਓ ਇੰਸਪੈਕਟਰ ਸੁਨੀਤਾ ਬਾਵਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਬਦਲੇ ਤੇਵਰ ਚਰਚਾ ਦਾ ਵਿਸ਼ਾ ਬਣੇ ਹੋਏ ਹਨ। 30 ਸਤੰਬਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਜਦੋਂ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਉਸ ਨੇ ਮੀਡੀਆ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ।
ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਈ ਵੀਡੀਓ ਵਿਚ ਸੁਨੀਤਾ ਬਾਵਾ ਮੁਸਕਰਾਉਂਦਿਆਂ ‘ਆਲ ਇਜ਼ ਵੈੱਲ’ ਅਤੇ ਨੌਕਰੀ ਵਿਚ ਉਤਰਾਅ-ਚੜ੍ਹਾਅ ਆਉਂਦੇ ਰਹਿਣ ਦੀ ਗੱਲ ਕਰਦੀ ਨਜ਼ਰ ਆਈ ਸੀ। ਹਾਲਾਂਕਿ ਅਦਾਲਤ ਵਿਚ ਪੇਸ਼ੀ ਦੌਰਾਨ ਉਸ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ।
ਰਿਪੋਰਟਾਂ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਦੌਰਾਨ ਕਾਲ ਰਿਕਾਰਡ, ਡਿਜੀਟਲ ਭੁਗਤਾਨ ਅਤੇ ਜਾਇਦਾਦ ਨਾਲ ਸਬੰਧਤ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਨੇ ਵਿਜੀਲੈਂਸ ਨੂੰ ਇਕ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਸੀ।
ਵਿਜੀਲੈਂਸ ਅਧਿਕਾਰੀਆਂ ਅਨੁਸਾਰ ਸੁਨੀਤਾ ਬਾਵਾ ਅਤੇ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ 50 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਮੁਤਾਬਕ ਇਹ ਕਾਰਵਾਈ ਨੂਰਪੁਰ ਹਕੀਮਾਂ ਦੇ ਵਸਨੀਕ ਦੀ ਸ਼ਿਕਾਇਤ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਫਸਾਉਣ ਦੀ ਧਮਕੀ ਦੇ ਕੇ ਰਿਸ਼ਵਤ ਮੰਗੀ ਗਈ।
ਵਿਜੀਲੈਂਸ ਅਨੁਸਾਰ ਟਰੈਪ ਦੌਰਾਨ ਸੁਨੀਤਾ ਬਾਵਾ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 50 ਹਜ਼ਾਰ ਰੁਪਏ ਦੀ ਰਿਸ਼ਵਤ ਸਵੀਕਾਰ ਕਰਦਿਆਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਫ਼ਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।