ਅਪਰਾਧਕ ਅਨਸਰਾਂ ਖ਼ਿਲਾਫ਼ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ
ਮੋਗਾ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ
Publish Date: Thu, 29 Jan 2026 05:47 PM (IST)
Updated Date: Fri, 30 Jan 2026 04:07 AM (IST)

ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਦੌਰਾਨ ਪਿਛੋਕੜ ਦੀ ਵੀ ਕੀਤੀ ਜਾਂਚ ਸਵਰਨ ਗੁਲਾਟੀ ਪੰਜਾਬੀ ਜਾਗਰਣ, ਮੋਗਾ : ਮੋਗਾ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਅਤੇ ਅਪਰਾਧਿਕ ਮੂਵਮੈਂਟ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੀਆਂ ਹੱਦਾਂ ਅੰਦਰ ਮੋਗਾ ਪੁਲਿਸ ਵੱਲੋਂ ਇਕ ਵਿਸ਼ੇਸ਼ ਅਤੇ ਵਿਆਪਕ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦਾ ਮੁੱਖ ਮਕਸਦ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਨਾਕਾਮ ਕਰਨਾ ਅਤੇ ਜਨਤਾ ਵਿਚ ਸੁਰੱਖਿਆ ਦਾ ਭਰੋਸਾ ਮਜ਼ਬੂਤ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਧਰਮਕੋਟ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਅਤੇ ਐੱਸਐੱਸਪੀ ਮੋਗਾ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿਚ ਸੁਰਖਿੱਆ ਪ੍ਰਬੰਧਾਂ ਨੂੰ ਪੁਖਤਾ ਕਰਨ ਦੇ ਲਈ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਲਈ ਇਕ ਸਪੈਸ਼ਲ ਚੈਕਿੰਗ ਚਲਾਈ ਗਈ ਸੀ। ਉਸ ਨੂੰ ਮੱਦੇਨਜਰ ਰੱਖਦੇ ਹੋਏ ਸਬ ਡਵੀਜ਼ਨ ਧਰਮਕੋਟ ਦੇ ਸਾਰੇ ਐੱਸਐੱਚਓ ਨੂੰ ਨਾਲ ਲੈਕੇ ਇਸ ਅਭਿਆਨ ਤਹਿਤ ਹਲਕਾ ਅਫ਼ਸਰਾਂ ਦੀ ਸਿੱਧੀ ਨਿਗਰਾਨੀ ਹੇਠ ਜ਼ਿਲ੍ਹਾ ਮੋਗਾ ਦੇ ਭੀੜ ਵਾਲੇ ਸਥਾਨਾਂ ਜਿਵੇਂ ਕਿ ਮਾਲਜ਼, ਵੱਡੀਆਂ ਮਾਰਕੀਟਾਂ, ਵਪਾਰਕ ਕੇਂਦਰਾਂ ਅਤੇ ਹੋਰ ਸਰਵਜਨਿਕ ਥਾਵਾਂ ਦੇ ਪਾਰਕਿੰਗ ਏਰੀਆ ਵਿਚ ਖੜ੍ਹੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵਾਹਨਾਂ ਦੇ ਦਸਤਾਵੇਜ਼, ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ, ਇੰਸ਼ੋਰੈਂਸ, ਨੰਬਰ ਪਲੇਟਾਂ ਅਤੇ ਵਾਹਨਾਂ ਦੀ ਅੰਦਰੂਨੀ ਤਲਾਸ਼ੀ ਲੈ ਕੇ ਹਰ ਪੱਖੋਂ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕਰਕੇ ਉਨ੍ਹਾਂ ਦੀ ਪਿਛੋਕੜ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਨੀਅਤ ਜਾਂ ਗੈਰਕਾਨੂੰਨੀ ਗਤੀਵਿਧੀ ਨੂੰ ਅਗਾਉਂ ਹੀ ਰੋਕਿਆ ਜਾ ਸਕੇ। ਜਿੱਥੇ ਕਾਨੂੰਨੀ ਉਲੰਘਣਾ ਪਾਈ ਗਈ, ਉੱਥੇ ਮੌਕੇ ’ਤੇ ਹੀ ਕਾਨੂੰਨ ਅਨੁਸਾਰ ਜ਼ਰੂਰੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਮੋਗਾ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਅਤੇ ਆਮ ਜਨਤਾ ਦੀ ਜਾਨ ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਪ੍ਰਾਥਮਿਕਤਾ ਹੈ। ਇਸ ਮਕਸਦ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਅਤੇ ਨਿਗਰਾਨੀ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਅਪਰਾਧੀਆਂ ਵਿਚ ਡਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਵਿਚ ਭਰੋਸਾ ਬਣਿਆ ਰਹੇ। ਮੋਗਾ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਨੇੜਲੇ ਥਾਣੇ ਜਾਂ ਪੁਲਿਸ ਹੈਲਪ ਲਾਈਨ ’ਤੇ ਸੂਚਨਾ ਦੇ ਕੇ ਸਹਿਯੋਗ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਸੁਰੱਖਿਅਤ ਅਤੇ ਅਪਰਾਧ ਮੁਕਤ ਬਣਾਇਆ ਜਾ ਸਕੇ।