‘ਨਾਈਟ ਡੋਮੀਨੇਸ਼ਨ’ ਮੁਹਿੰਮ ਤਹਿਤ ਪੁਲਿਸ ਨੇ ਕੀਤੀ ਚੈਕਿੰਗ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ
Publish Date: Sat, 28 Nov 2026 03:30 PM (IST)
Updated Date: Sat, 28 Nov 2026 03:32 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਮਕਸਦ ਨਾਲ ਮੋਗਾ ਪੁਲਿਸ ਵੱਲੋਂ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਰਾਤ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਖੁਦ ਮੈਦਾਨ ਵਿਚ ਉਤਰ ਕੇ ਜ਼ਿਲ੍ਹੇ ਦੇ ਵੱਖ-ਵੱਖ ਨਾਕਿਆਂ ਅਤੇ ਪੁਲਿਸ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਸੁਰੱਖਿਆ ਪ੍ਰਬੰਧਾਂ, ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਅਤੇ ਨਾਕਾਬੰਦੀ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਜ਼ਿਲ੍ਹੇ ਭਰ ਵਿਚ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੋਗਾ ਪੁਲਿਸ ਦਾ ਮਕਸਦ ਰਾਤ ਸਮੇਂ ਹੋਣ ਵਾਲੀਆਂ ਅਪਰਾਧਿਕ ਗਤੀਵਿਧੀਆਂ ਤੇ ਨਜ਼ਰ ਰੱਖਣਾ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਹੈ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੋਗਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਐਮਰਜੈਂਸੀ ਜਾਂ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ 112 ਹੈਲਪਲਾਈਨ ਨੰਬਰ ਤੇ ਸੰਪਰਕ ਕੀਤਾ ਜਾਵੇ।