ਮੋਗਾ ਪੁਲਿਸ ਵੱਲੋਂ ਪਿੰਡ ਸਿੰਘਾਂਵਾਲਾ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਮੋਗਾ ਪੁਲਿਸ ਵੱਲੋਂ ਪਰਾਲੀ ਸਾੜਨ
Publish Date: Tue, 13 Oct 2026 04:26 PM (IST)
Updated Date: Wed, 14 Oct 2026 04:03 AM (IST)
ਕਿਸਾਨਾਂ ਨੇ ਸਹਿਯੋਗ ਦਾ ਦਿੱਤਾ ਭਰੋਸਾ ਪਿੰਡ ਸਿੰਘਾਂਵਾਲਾ ਵਿਖੇ ਆਰਜੀ ਥਾਣਾ ਚੜਿੱਕ ਦੇ ਇੰਚਾਰਜ ਐੱਸਆਈ ਪੂਰਨ ਸਿੰਘ ਪਿੰਡ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ੍ਹਨ ਲਈ ਜਾਗਰੂਕ ਕਰਦੇ ਹੋਏ। ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਮੋਗਾ ਪੁਲਿਸ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਪਿੰਡ ਸਿੰਘਾਂਵਾਲਾ ਵਿਖੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸਬ ਇੰਸਪੈਕਟਰ ਪੂਰਨ ਸਿੰਘ, ਮੁੱਖ ਅਫ਼ਸਰ ਥਾਣਾ ਚੜਿੱਕ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧਨ ਕਰਨ ਲਈ ਜਾਗਰੂਕ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ, ਬੱਚਿਆਂ, ਬਜ਼ੁਰਗਾਂ, ਪਸ਼ੂ ਪੰਛੀਆਂ ਅਤੇ ਵਾਤਾਵਰਣ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ, ਪਰਾਲੀ ਸਾੜਨ ਨਾਲ ਮਿੱਟੀ ਦੇ ਲਾਭਦਾਇਕ ਸੂਖਮ ਜੀਵਾਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚ ਸਕਦਾ ਹੈ। ਇਸ ਮੌਕੇ ਕਿਸਾਨਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐੱਮ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਵਿੱਚ ਆਪਣਾ ਸਹਿਯੋਗ ਦੇਣ। ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ ਅਤੇ ਹੋਰ ਖੇਤੀਬਾੜੀ ਮਸ਼ੀਨਾਂ ਦੀ ਵਰਤੋਂ ਕਰਨ ਅਤੇ ਖੇਤੀਬਾੜੀ ਵਿਭਾਗ ਤੇ ਸਹਿਕਾਰੀ ਸਭਾਵਾਂ ਨਾਲ ਤਾਲਮੇਲ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਨਾਲ ਹਵਾ ਪ੍ਰਦੂਸ਼ਣ ਘਟਾਉਣ ਦੇ ਨਾਲ ਨਾਲ ਮਿੱਟੀ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਵਿਚ ਵੀ ਮਦਦ ਮਿਲੇਗੀ। ਪਿੰਡ ਸਿੰਘਾਂਵਾਲਾ ਦੇ ਕਿਸਾਨਾਂ ਨੇ ਇਸ ਪਹਿਲਕਦਮੀ ਪ੍ਰਤੀ ਸਹਿਮਤੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਤੇ ਇਸ ਦੇ ਯੋਗ ਪ੍ਰਬੰਧਨ ਲਈ ਆਪਣਾ ਪੂਰਾ ਸਹਿਯੋਗ ਦੇਣਗੇ। ਮੋਗਾ ਪੁਲਿਸ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਾਤਾਵਰਣ ਦੀ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਤਾਂ ਜੋ ਸਾਫ਼ ਸੁਥਰੇ ਵਾਤਾਵਰਣ ਅਤੇ ਪ੍ਰਦੂਸ਼ਣ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।