ਮੋਗਾ ਰੈਲੀ ਪੰਜਾਬ ਦੀ ਸਿਆਸਤ 'ਚ ਬਣੇਗੀ ਮੀਲ ਦਾ ਪੱਥਰ; ਅਰਵਿੰਦ ਮਿੱਤਲ ਨੇ ਕੀਤੇ ਵੱਡੇ ਦਾਅਵੇ
ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲਿਆ ਦਿੱਤਾ ਹੈ ਅਤੇ ਇਸ ਰੈਲੀ ਨੇ ਸੂਬੇ ਦੀ ਦਿਸ਼ਾ ਤੇ ਦਸ਼ਾ ਬਦਲ ਕੇ ਰੱਖ ਦਿੱਤੀ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਮੋਗਾ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
Publish Date: Sun, 15 Mar 2026 02:02 PM (IST)
Updated Date: Sun, 15 Mar 2026 02:03 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ - ਦੇਸ਼ ਦੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਮੋੜ ਲਿਆ ਦਿੱਤਾ ਹੈ ਅਤੇ ਇਸ ਰੈਲੀ ਨੇ ਸੂਬੇ ਦੀ ਦਿਸ਼ਾ ਤੇ ਦਸ਼ਾ ਬਦਲ ਕੇ ਰੱਖ ਦਿੱਤੀ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਮੋਗਾ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਮੋਗਾ ਵਿੱਚ ਹੋਈ ਇਸ ਵੱਡੀ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਨੇਤ੍ਰਿਤਵ ਨਾਲ ਖੜੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਸੂਬੇ ਦੇ ਹਰੇਕ ਹਿੱਸੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਭਾਜਪਾ ਪ੍ਰਤੀ ਆਪਣਾ ਭਰਪੂਰ ਸਮਰਥਨ ਦਰਸਾਇਆ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਹਲਕਾ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਵੀ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ।
ਮਿੱਤਲ ਨੇ ਕਿਹਾ ਕਿ ਅਮਿਤ ਸ਼ਾਹ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਵਿੱਚ ਫੈਲੇ ਨਸ਼ੇ ਦੇ ਮੁੱਦੇ ਨੂੰ ਵੀ ਗੰਭੀਰਤਾ ਨਾਲ ਉਠਾਇਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਉਨ੍ਹਾਂ ਨੇ ਹੋਰ ਪਾਰਟੀਆਂ ਨੂੰ ਮੌਕਾ ਦਿੱਤਾ ਹੈ, ਉਸੇ ਤਰ੍ਹਾਂ ਇੱਕ ਵਾਰ ਭਾਜਪਾ ਨੂੰ ਵੀ ਮੌਕਾ ਦਿੱਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਜੇ ਪੰਜਾਬ ਵਿੱਚ ਡਬਲ ਇੰਜਨ ਦੀ ਸਰਕਾਰ ਬਣਦੀ ਹੈ ਤਾਂ ਦੋ ਸਾਲਾਂ ਦੇ ਅੰਦਰ ਸੂਬੇ ਵਿੱਚੋਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਕੜੇ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਲੋਕ ਭਾਜਪਾ ਨੂੰ ਸਮਰਥਨ ਦੇਣ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਮੋਗਾ ਦੀ ਇਹ ਰੈਲੀ ਇਸ ਗੱਲ ਦਾ ਵੱਡਾ ਸੰਕੇਤ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਭਾਜਪਾ ਮਜ਼ਬੂਤੀ ਨਾਲ ਉਭਰ ਰਹੀ ਹੈ ਅਤੇ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਚੁੱਕੀ ਹੈ।
ਅੰਤ ਵਿੱਚ ਅਰਵਿੰਦ ਮਿੱਤਲ ਨੇ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਪੰਜਾਬ ਭਾਜਪਾ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਦਿਨ ਰਾਤ ਮਿਹਨਤ ਕਰਕੇ ਇਸ ਰੈਲੀ ਨੂੰ ਇਤਿਹਾਸਕ ਬਣਾਇਆ ਹੈ। ਇਸ ਮੌਕੇ ਉਨ੍ਹਾਂ ਮੌਜੂਦਾ ਸਰਕਾਰ ਉੱਤੇ ਇਲਜ਼ਾਮ ਲਗਾਉਂਦੇ ਕਿਹਾ ਕਿ ਸਰਕਾਰ ਹਰ ਮੋਰਚੇ ‘ਤੇ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ, ਜਦਕਿ ਵਪਾਰੀ ਵਰਗ ਵੀ ਸਰਕਾਰ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੈ ਅਤੇ ਵੱਖ-ਵੱਖ ਸੰਗਠਨ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਹਨ। ਇਸ ਮੌਕੇ ਹਲਕਾ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੇ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਸਨ।