- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਵਿਖੇ ਸਮਾਗਮ ਕਰਵਾਇਆ
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ 56 ਜੀਬੀ ਵਿਖੇ ਮੱਸਿਆ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ। ਸਵੇਰੇ ਤੋਂ ਹੀ ਗੁਰਦੁਆਰਾ ਸਾਹਿਬ ਵਿਚ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਸੀ ਅਤੇ ਦੂਰ ਦੁਰਾਹੇ ਪਿੰਡਾਂ ਤੋਂ ਆਏ ਸ਼ਰਧਾਲੂਆਂ ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਸਜਾਏ ਗਏ। ਧਾਰਮਿਕ ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਰਸਭਰੇ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ ਗਿਆ। ਕਥਾਵਾਚਕਾਂ ਨੇ ਗੁਰੂ ਸਾਹਿਬਾਨ ਦੀਆਂ ਬਾਣੀਆਂ ਦਾ ਅਰਥ ਸਮਝਾਉਂਦਿਆਂ ਮਨੁੱਖੀ ਜੀਵਨ ਦੀ ਮਹੱਤਤਾ ਅਤੇ ਸੇਵਾ ਸਿਮਰਨ ਦੀ ਲੋੜ ’ਤੇ ਚਾਨਣ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਮੱਸਿਆ ਦਾ ਦਿਹਾੜਾ ਮਨੁੱਖ ਨੂੰ ਆਪਣੇ ਅੰਦਰ ਝਾਤ ਮਾਰਨ ਅਤੇ ਗੁਰੂ ਦੀ ਸ਼ਰਨ ਵਿਚ ਆਉਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੋ ਮਨੁੱਖ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਜੀਵਨ ਬਤੀਤ ਕਰਦਾ ਹੈ, ਉਸ ਦਾ ਜੀਵਨ ਸਫ਼ਲ ਹੋ ਜਾਂਦਾ ਹੈ। ਗੁਰੂ ਦੀ ਬਾਣੀ ਮਨੁੱਖ ਨੂੰ ਅਹੰਕਾਰ ਛੱਡ ਕੇ ਨਿਮਰਤਾ, ਸੱਚਾਈ ਅਤੇ ਮਨੁੱਖਤਾ ਦੇ ਮਾਰਗ ’ਤੇ ਤੁਰਨ ਦੀ ਸਿੱਖਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਭਟਕਦੇ ਸਮਾਜ ਨੂੰ ਗੁਰਬਾਣੀ ਨਾਲ ਜੁੜਨ ਦੀ ਸਭ ਤੋਂ ਵੱਧ ਲੋੜ ਹੈ ਕਿਉਂਕਿ ਗੁਰੂ ਦੀ ਬਾਣੀ ਹੀ ਮਨੁੱਖ ਦੇ ਅੰਦਰਲੇ ਅੰਧਕਾਰ ਨੂੰ ਦੂਰ ਕਰਕੇ ਜੀਵਨ ਵਿਚ ਰੋਸ਼ਨੀ ਭਰਦੀ ਹੈ ਇਸ ਮੌਕੇ ਸੰਤ ਬਾਬਾ ਗੁਰਦੀਪ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਕਿਹਾ ਕਿ ਨਸ਼ੇ ਸਮਾਜ ਲਈ ਘਾਤਕ ਬਿਮਾਰੀ ਬਣ ਚੁੱਕੇ ਹਨ ਜਿਸ ਨਾਲ ਨਾ ਸਿਰਫ਼ ਭਵਿੱਖ ਬਰਬਾਦ ਹੁੰਦਾ ਹੈ ਸਗੋਂ ਪਰਿਵਾਰ ਅਤੇ ਸਮਾਜ ਵੀ ਇਸ ਦਾ ਭਾਰ ਝੱਲਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਖੇਡਾਂ, ਸਿੱਖਿਆ ਅਤੇ ਧਾਰਮਿਕ ਗਤੀਵਿਧੀਆਂ ਨਾਲ ਜੁੜ ਕੇ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਇਆ ਜਾਵੇ। ਉਨ੍ਹਾਂ ਨੇ ਮਾਪਿਆਂ ਨੂੰ ਵੀ ਸੰਦੇਸ਼ ਦਿੰਦਿਆਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰੂ ਘਰ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਚੰਗੇ ਸੰਸਕਾਰ ਦਿੱਤੇ ਜਾਣ ਤਾਂ ਜੋ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਸਕਣ। ਸੰਤ ਬਾਬਾ ਗੁਰਦੀਪ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦਪੁਰਾਣਾ ਵਿਖੇ 15 ਮਾਰਚ ਨੂੰ ਸ਼ਹੀਦੀ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਵੱਡੀ ਗਿਣਤੀ ਵਿਚ ਪਹੁੰਚ ਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਨਮਨ ਕਰਨ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ। ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਇਸ ਤੋਂ ਬਾਅਦ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਜਿਸ ਵਿਚ ਸੰਗਤਾਂ ਨੇ ਬੜੇ ਪਿਆਰ ਅਤੇ ਸਮਰਪਣ ਨਾਲ ਸੇਵਾ ਨਿਭਾਈ।