ਸੜਕ ਹਾਦਸੇ ’ਚ ਬਾਈਕ ਸਵਾਰ ਦੀ ਮੌਤ ਦਾ ਮਾਮਲਾ ਭਖਿਆ
ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ
Publish Date: Sun, 29 Mar 2026 06:56 PM (IST)
Updated Date: Mon, 30 Mar 2026 04:09 AM (IST)

ਇਨਸਾਫ ਦੀ ਮੰਗ ਨੂੰ ਲੈ ਕੇ ਥਾਣਾ ਬਾਘਾਪੁਰਾਣਾ ਅੱਗੇ ਲਾਇਆ ਧਰਨਾ ਪਵਨ ਗਰਗ ਪੰਜਾਬੀ ਜਾਗਰਣ ਬਾਘਾਪੁਰਾਣਾ: ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਦੇ ਨੇੜੇ ਅੱਜ ਸਵੇਰੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਮੋਟਰਸਾਈਕਲ ਸਵਾਰ ਬਹਾਦਰ ਸਿੰਘ (ਉਮਰ ਕਰੀਬ 40 ਸਾਲ) ਦੀ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ, ਜਿਸ ਕਾਰਨ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਹਾਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਇਸ ਦੌਰਾਨ ਇਕ ਤੇਜ਼ ਰਫ਼ਤਾਰ ਪਿੱਕਅਪ ਗੱਡੀ ਨੇ ਉਸਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਹਾਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਆਸ-ਪਾਸ ਦੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਬਾਘਾ ਪੁਰਾਣਾ ਪੁਲਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਹਰਜਿੰਦਰ ਸਿੰਘ ਨਿਵਾਸੀ ਹਾਕਮ ਸਿੰਘ ਵਾਲਾ ਦੇ ਬਿਆਨਾਂ ਦੇ ਆਧਾਰ ’ਤੇ ਪਿੱਕਅਪ ਚਾਲਕ ਗੁਰਦੀਪ ਸਿੰਘ ਪੱਪੀ ਨਿਵਾਸੀ ਪਿੰਡ ਕੋਟਲਾ ਰਾਏਕਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਥਿਤ ਮੁਲਜ਼ਮ ਚਾਲਕ ਨੂੰ ਗੱਡੀ ਸਮੇਤ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ। ਹਾਦਸੇ ਤੋਂ ਗੁੱਸੇ ਵਿਚ ਆਏ ਪਿੰਡ ਵਾਸੀਆਂ, ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਬਹਾਦਰ ਸਿੰਘ ਦੀ ਲਾਸ਼ ਨੂੰ ਗੱਡੀ ਵਿਚ ਰੱਖ ਕੇ ਥਾਣੇ ਅੱਗੇ ਚੌਂਕ ਵਿਚ ਧਰਨਾ ਲਗਾ ਦਿੱਤਾ। ਇਸ ਕਾਰਨ ਨਿਹਾਲ ਸਿੰਘ ਵਾਲਾ, ਮੁੱਦਕੀ ਰੋਡ, ਮੋਗਾ ਰੋਡ ਅਤੇ ਕੋਟਕਪੂਰਾ ਰੋਡ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਟਰੈਫ਼ਿਕ ਜਾਮ ਹੋ ਗਿਆ। ਕਿਸਾਨ ਆਗੂਆਂ ਨੇ ਪੁਲਿਸ ਦੀ ਕਾਰਵਾਈ ’ਤੇ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਮਾਮਲੇ ਵਿਚ ਲਗਾਈਆਂ ਗਈਆਂ ਧਾਰਾਵਾਂ ਠੀਕ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਵਿਚ ਧਾਰਾ 106/2 ਲਗਾਈ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਸ ਨੇ ਮਾਮਲਾ ਦਰਜ ਕਰਦੇ ਸਮੇਂ ਗੱਡੀ ਦਾ ਨੰਬਰ ਵੀ ਗਲਤ ਦਰਜ ਕੀਤਾ ਹੈ ਅਤੇ ਕਥਿਤ ਚਾਲਕ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਜਦ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਆਪਣਾ ਧਰਨਾ ਜਾਰੀ ਰੱਖਣਗੇ। ਇਸ ਘਟਨਾ ਨਾਲ ਇਲਾਕੇ ਵਿਚ ਗਹਿਰਾ ਦੁੱਖ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ।