
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੌਮੀ ਇਨਸਾਫ਼ ਮੋਰਚੇ ਵੱਲੋਂ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਕੌਮੀ ਇਨਸਾਫ਼ ਮੋਰਚੇ ਵੱਲੋਂ ਚੰਡੀਗੜ੍ਹ ਵਿਚ ਹੋਏ ਪੁਲਿਸ ਜ਼ਬਰ ਦੇ ਵਿਰੋਧ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮੋਗਾ ਜ਼ਿਲ੍ਹੇ ਵਿਚ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ। ਇਸ ਤਹਿਤ ਅਜੀਤਵਾਲ ਵਿਖੇ ਧਰਨੇ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਲਖਵੀਰ ਸਿੰਘ ਦੌਧਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਉਨ੍ਹਾਂ ਦੀਆਂ ਜਥੇਬੰਦੀਆਂ ਨੇ ਅਜੀਤਵਾਲ ਵਿਖੇ ਲਗਾਏ ਧਰਨੇ ਵਿਚ ਸ਼ਮੂਲੀਅਤ ਕਰਕੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਇਆ। ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਕੰਗ ਅਤੇ ਜੁਗਰਾਜ ਸਿੰਘ ਦੱਦਾਹੂਰ ਦੀ ਅਗਵਾਈ ਹੇਠ ਵੱਡਾ ਜਥਾ ਧਰਨੇ ਵਿਚ ਸ਼ਾਮਲ ਹੋਇਆ। ਅਜੀਤਵਾਲ ਵਿਖੇ ਕੀਤੇ ਗਏ ਰੋਡ ਜਾਮ ਦੌਰਾਨ ਸੂਬਾ ਆਗੂ ਲਖਵੀਰ ਸਿੰਘ ਦੌਧਰ, ਬਲਾਕ ਪ੍ਰਧਾਨ ਸੰਦੀਪ ਸਿੰਘ ਚੂਹੜਚੱਕ, ਸੀਨੀਅਰ ਮੀਤ ਪ੍ਰਧਾਨ ਟਹਿਲ ਸਿੰਘ ਝੰਡੇਆਣਾ, ਅਜਮੇਰ ਸਿੰਘ ਕਿਸਨਪੁਰਾ, ਜੁਗਰਾਜ ਸਿੰਘ ਦੌਧਰ, ਜਸਵੀਰ ਸਿੰਘ ਮਟਾਵਣੀ ਅਤੇ ਨੱਛਤਰ ਸਿੰਘ ਹੇਰ ਦੀ ਅਗਵਾਈ ਹੇਠ ਜਥੇਬੰਦੀਆਂ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਦੱਸਿਆ ਕਿ 15 ਅਗਸਤ ਨੂੰ ਮੋਹਾਲੀ ਵਿਖੇ ਕੌਮੀ ਇਨਸਾਫ਼ ਮੋਰਚੇ ਵੱਲੋਂ ਵੱਡੀ ਰੈਲੀ ਕਰਕੇ ਗਵਰਨਰ ਹਾਊਸ ਵੱਲ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡਿੰਗ ਕਰਕੇ ਮਾਰਚ ਨੂੰ ਰੋਕਿਆ ਗਿਆ ਅਤੇ ਪ੍ਰਦਰਸ਼ਨਕਾਰੀਆਂ ’ਤੇ ਪਾਣੀ ਦੀਆਂ ਬੁਛਾੜਾਂ ਅਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਕਾਰਨ ਕਈ ਆਗੂ ਅਤੇ ਲੋਕ ਜ਼ਖ਼ਮੀ ਹੋਏ। ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਪਿਛਲੇ ਕਈ ਸਾਲਾਂ ਤੋਂ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਜਿਨ੍ਹਾਂ ਬੰਦੀ ਸਿੰਘਾਂ ਅਤੇ ਹੋਰ ਸਿਆਸੀ ਕੈਦੀਆਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਬਿੰਨ੍ਹਾਂ ਸ਼ਰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਲਈ ਵੀ ਪੈਰੋਲ ਦੀ ਮੰਗ ਉਠਾਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਚੰਡੀਗੜ੍ਹ ਵਿਚ ਹੋਏ ਪੁਲਿਸ ਜ਼ਬਰ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਆਗੂਆਂ ਅਨੁਸਾਰ ਅਜੀਤਵਾਲ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਕਈ ਥਾਵਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਰਹੀ। ਇਸ ਮੌਕੇ ਆਗੂਆਂ ਨੇ ਬੰਦ ਨੂੰ ਸਫ਼ਲ ਬਣਾਉਣ ਲਈ ਦੁਕਾਨਦਾਰਾਂ, ਵਪਾਰੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦਾ ਧੰਨਵਾਦ ਕੀਤਾ। ਧਰਨਿਆਂ ਦੌਰਾਨ ਨਿਰਮਲ ਸਿੰਘ ਸੰਘਾ, ਤਰਸੇਮ ਸਿੰਘ, ਸਮਿੰਦਰ ਸਿੰਘ ਮਾਨ, ਗੁਰਮੇਲ ਸਿੰਘ ਖਾਲਸਾ, ਮਨਵੀਰ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। ਧਰਨਿਆਂ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਖੇਤ ਮਜ਼ਦੂਰ ਯੂਨੀਅਨ ਪੰਜਾਬ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।