ਕੌਮੀ ਇਨਸਾਫ਼ ਮੋਰਚੇ ਦੀ ਪੰਜਾਬ ਬੰਦ ਕਾਲ ਨੂੰ ਕੋਟ ਈਸੇ ਖਾਂ ’ਚ ਭਰਵਾਂ ਹੁੰਗਾਰਾ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ
Publish Date: Fri, 21 Aug 2026 03:37 PM (IST)
Updated Date: Fri, 21 Aug 2026 03:39 PM (IST)
ਬਾਜ਼ਾਰ ਮੁਕੰਮਲ ਬੰਦ ਰਹੇ, ਕਿਸਾਨ, ਮਜ਼ਦੂਰ ਤੇ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ: ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਨੂੰ ਕੋਟ ਈਸੇ ਖਾਂ ਅਤੇ ਆਸ-ਪਾਸ ਦੇ ਪਿੰਡਾਂ ਤੋਂ ਭਰਵਾਂ ਹੁੰਗਾਰਾ ਮਿਲਿਆ। ਬੰਦ ਦੇ ਸੱਦੇ ਦੇ ਮੱਦੇਨਜ਼ਰ ਕਸਬੇ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਮੋਰਚੇ ਦੀਆਂ ਮੰਗਾਂ ਦੇ ਹੱਕ ਵਿਚ ਸਮਰਥਨ ਪ੍ਰਗਟ ਕੀਤਾ। ਸਵੇਰ ਤੋਂ ਹੀ ਬਾਜ਼ਾਰਾਂ ਵਿਚ ਦੁਕਾਨਾਂ ਦੇ ਸ਼ਟਰ ਬੰਦ ਰਹੇ ਅਤੇ ਆਮ ਦਿਨਾਂ ਦੇ ਮੁਕਾਬਲੇ ਬਾਜ਼ਾਰਾਂ ਵਿਚ ਚਹਿਲ-ਪਹਿਲ ਕਾਫ਼ੀ ਘੱਟ ਰਹੀ। ਇਸ ਮੌਕੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵੱਲੋਂ ਜਨਵਰੀ 2023 ਤੋਂ ਚੰਡੀਗੜ੍ਹ-ਮੋਹਾਲੀ ਦੀਆਂ ਬਰੂਹਾਂ ’ਤੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਅਨੁਸਾਰ ਇਨ੍ਹਾਂ ਮਸਲਿਆਂ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਬੁਲਾਰਿਆਂ ਨੇ ਕਿਹਾ ਕਿ ਜਿਨ੍ਹਾਂ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਚਰਚਾ ’ਚ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਮਨੁੱਖੀ ਅਤੇ ਕਾਨੂੰਨੀ ਪੱਖ ਤੋਂ ਗੰਭੀਰਤਾ ਨਾਲ ਵਿਚਾਰਦਿਆਂ ਯੋਗ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰੀ ਦਾ ਹਵਾਲਾ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਤਾ ਨਾਲ ਮੁਲਾਕਾਤ ਲਈ ਪੈਰੋਲ ਨਾ ਮਿਲਣਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਮਨੁੱਖੀ ਭਾਵਨਾਵਾਂ ਅਤੇ ਪਰਿਵਾਰਕ ਹਾਲਾਤਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਬੁਲਾਰਿਆਂ ਨੇ 15 ਅਗਸਤ ਨੂੰ ਰਾਜਪਾਲ ਭਵਨ ਵੱਲ ਸ਼ਾਂਤਮਈ ਤਰੀਕੇ ਨਾਲ ਜਾ ਰਹੇ ਪ੍ਰਦਰਸ਼ਨਕਾਰੀਆਂ ਨਾਲ ਹੋਈ ਪੁਲਿਸ ਕਾਰਵਾਈ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਮੰਗਾਂ ਨੂੰ ਸ਼ਾਂਤਮਈ ਢੰਗ ਨਾਲ ਸਰਕਾਰ ਤੱਕ ਪਹੁੰਚਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਦਾ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇ। ਇਸ ਮੌਕੇ ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ, ਕਰਮਜੀਤ ਸਿੰਘ ਰਸੂਲਪੁਰ, ਦਲ ਖ਼ਾਲਸਾ ਦੇ ਆਗੂ ਸਾਰਜ ਸਿੰਘ ਬਹਿਰਾਮਕੇ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਪ੍ਰਧਾਨ ਹੀਰਾ ਸਿੰਘ ਦੋਲੇਵਾਲਾ, ਸ਼ੇਰੇ ਪੰਜਾਬ ਕਿਸਾਨ ਜਥੇਬੰਦੀ, ਕਿਰਤੀ ਕਿਸਾਨ ਯੂਨੀਅਨ ਅਤੇ ਸੁੱਖ ਗਿੱਲ ਤੋਤੇਵਾਲਾ ਕਿਸਾਨ ਯੂਨੀਅਨ ਵੱਲੋਂ ਪੰਜਾਬ ਬੰਦ ਨੂੰ ਪੂਰਨ ਸਹਿਯੋਗ ਦਿੱਤਾ ਗਿਆ। ਇਸ ਤੋਂ ਇਲਾਵਾ ਕੁਲਵਿੰਦਰ ਸਿੰਘ ਜਿੰਮ ਵਾਲੇ, ਡਾ. ਸੁਰਜੀਤ ਸਿੰਘ ਖਾਲਿਸਤਾਨੀ, ਗੁਰਮੀਤ ਸਿੰਘ ਦਾਤੇਵਾਲ, ਸੁਖਦੇਵ ਸਿੰਘ ਨਿਹਾਲਗੜ੍ਹ, ਤਰਸੇਮ ਸਿੰਘ , ਸ਼ਹੀਦ ਭਗਤ ਸਿੰਘ ਵੈੱਲਫੇਅਰ ਸਪੋਰਟਸ ਕਲੱਬ ਦੇ ਸੁਰਿੰਦਰ ਸਿੰਘ ਛਿੰਦਾ ਸਮੇਤ ਹੋਰ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਇਨਸਾਫ਼ ਮੋਰਚੇ ਦੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਬੁਲਾਰਿਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਇਨ੍ਹਾਂ ਮਸਲਿਆਂ ਦਾ ਸਥਾਈ ਅਤੇ ਨਿਆਂਸੰਗਤ ਹੱਲ ਕੱਢਣ ਲਈ ਸਰਕਾਰ ਨੂੰ ਸਬੰਧਤ ਧਿਰਾਂ ਨਾਲ ਗੰਭੀਰਤਾ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੌਰਾਨ ਕੋਟ ਈਸੇ ਖਾਂ ਵਿਚ ਪੰਜਾਬ ਬੰਦ ਨੂੰ ਮਿਲੇ ਵਿਆਪਕ ਹੁੰਗਾਰੇ ਕਾਰਨ ਕਸਬੇ ਦਾ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਿਹਾ। ਦੁਕਾਨਦਾਰਾਂ ਵੱਲੋਂ ਬੰਦ ਨੂੰ ਦਿੱਤੇ ਸਹਿਯੋਗ ਕਾਰਨ ਸਥਾਨਕ ਪੱਧਰ ’ਤੇ ਬੰਦ ਦਾ ਸ਼ਾਂਤਮਈ ਪ੍ਰਭਾਵ ਦੇਖਣ ਨੂੰ ਮਿਲਿਆ। ਲੋਕਾਂ ਨੇ ਆਪਸੀ ਸਹਿਯੋਗ ਅਤੇ ਸ਼ਾਂਤੀ ਬਣਾਈ ਰੱਖਦਿਆਂ ਬੰਦ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਇਆ। ਵਾਰਿਸ ਪੰਜਾਬ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਪੰਜਾਬ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਮੂਹ ਜਥੇਬੰਦੀਆਂ, ਨਗਰ ਨਿਵਾਸੀਆਂ ਅਤੇ ਦੁਕਾਨਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕੋਟ ਈਸੇ ਖਾਂ ਦੇ ਲੋਕਾਂ ਅਤੇ ਦੁਕਾਨਦਾਰਾਂ ਵੱਲੋਂ ਜਿਸ ਤਰ੍ਹਾਂ ਸ਼ਾਂਤਮਈ ਢੰਗ ਨਾਲ ਸਹਿਯੋਗ ਦਿੱਤਾ ਗਿਆ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਸਮੂਹ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਇਕਜੁੱਟਤਾ ਅਤੇ ਸਹਿਯੋਗ ਨਾਲ ਹੀ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਸਰਕਾਰ ਤੱਕ ਪਹੁੰਚਾਇਆ ਜਾ ਸਕਦਾ ਹੈ।