- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੀ ਨਾਮਵਰ ਵਿੱਦਿਅਕ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਸਰਪ੍ਰਸਤੀ ਹੇਠ ‘ਨਵਾਂ ਪੰਜਾਬ ਦਿਵਸ’ ਬੜੇ ਉਤਸ਼ਾਹ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੀ ਅਮੀਰ ਵਿਰਾਸਤ, ਪੁਰਾਤਨ ਰੀਤੀ-ਰਿਵਾਜਾਂ, ਲੋਕ-ਕਲਾਵਾਂ ਅਤੇ ਰਵਾਇਤੀ ਖੇਡਾਂ ਨੂੰ ਬੜੇ ਹੀ ਸੁੰਦਰ ਢੰਗ ਨਾਲ ਪੇਸ਼ ਕਰਕੇ ਆਪਣੀ ਮਿੱਟੀ ਨਾਲ ਪਿਆਰ ਦਾ ਪ੍ਰਗਟਾਵਾ ਕੀਤਾ। ਸਮਾਗਮ ਦੀ ਸ਼ੁਰੂਆਤ ਸਵੇਰ ਦੀ ਵਿਸ਼ੇਸ਼ ਸਭਾ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਨੇ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨਾਲ ਸਬੰਧਤ ਜਾਣਕਾਰੀ ਭਰਪੂਰ ਲੇਖ ਪੜ੍ਹੇ ਅਤੇ ਮਨਮੋਹਕ ਚਾਰਟਾਂ ਰਾਹੀਂ ਪੰਜਾਬ ਦੀ ਮਹੱਤਤਾ ਨੂੰ ਦਰਸਾਇਆ। ਉਨ੍ਹਾਂ ਦੱਸਿਆ ਕਿ ਹਰ ਸਾਲ ਪਹਿਲੀ ਨਵੰਬਰ ਨੂੰ ਨਵਾਂ ਪੰਜਾਬ ਦਿਵਸ ਮਨਾਇਆ ਜਾਂਦਾ ਹੈ। ਸਾਲ 1966 ਵਿਚ ਇਸੇ ਦਿਨ ਪੰਜਾਬ ਦਾ ਪੁਨਰਗਠਨ ਹੋਇਆ ਸੀ, ਜਿਸ ਦੇ ਨਤੀਜੇ ਵਜੋਂ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਮੌਜੂਦਾ ਪੰਜਾਬ ਹੋਂਦ ਵਿਚ ਆਏ। ਸਮਾਗਮ ਦੌਰਾਨ ਦੂਜੀ ਜਮਾਤ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪੁਰਾਤਨ ਪੰਜਾਬੀ ਪਹਿਰਾਵੇ ਵਿਚ ਸਜ ਕੇ ਮੈਡਮ ਗੁਰਮੀਤ ਦੀ ਅਗਵਾਈ ਹੇਠ ਸ਼ਾਨਦਾਰ ਭੰਗੜਾ ਪੇਸ਼ ਕੀਤਾ। ਦਸਵੀਂ-ਪੀ ਦੇ ਵਿਦਿਆਰਥੀ ਅਮਨਵੀਰ ਸਿੰਘ ਨੇ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਉਜਾਗਰ ਕਰਦੀ ਪ੍ਰਭਾਵਸ਼ਾਲੀ ਕਵਿਤਾ ਸੁਣਾਈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਦਸਵੀਂ ਦੀ ਵਿਦਿਆਰਥਣ ਮਨਸੀਰਤ ਕੌਰ ਨੇ ਆਪਣੀ ਸੁਰੀਲੀ ਆਵਾਜ਼ ਵਿਚ ਪੰਜਾਬੀ ਗੀਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਨ੍ਹਾਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਆਪਣੇ ਪੁਰਖਿਆਂ ਦੇ ਜੀਵਨ, ਸਾਦਗੀ ਅਤੇ ਸੱਭਿਆਚਾਰਕ ਰਹਿਣ-ਸਹਿਣ ਨਾਲ ਜਾਣੂੰ ਹੋਣ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨਾਲ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿਚ ਚੇਅਰਪਰਸਨ ਕਮਲ ਸੈਣੀ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੇ ਅਮੀਰ ਵਿਰਸੇ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।