ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼
Publish Date: Sat, 13 Jun 2026 05:14 PM (IST)
Updated Date: Sun, 14 Jun 2026 04:03 AM (IST)

ਨੀਟ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੀ ਕੀਤੀ ਮੰਗ ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿਚ ਉੱਠ ਰਹੇ ਰੋਸ ਦੇ ਮੱਦੇਨਜ਼ਰ ਮੋਗਾ ਵਿਖੇ ਵੀ ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਇਨਕਲਾਬੀ ਨੌਜਵਾਨ ਸਭਾ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸਾਂਝੇ ਸੱਦੇ ਤੇ ਮੋਗਾ ਬੱਸ ਸਟੈਂਡ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਪੁਤਲਾ ਫੂਕਿਆ ਗਿਆ ਅਤੇ ਨੀਟ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਬਲਕਰਨ ਅਤੇ ਨਵਜੋਤ ਸਿੰਘ ਜੋਗੋਵਾਲਾ ਨੇ ਕਿਹਾ ਕਿ ਨੀਟ ਪੇਪਰ ਲੀਕ ਘੁਟਾਲੇ ਨੇ ਕੇਂਦਰ ਸਰਕਾਰ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖਤਾ ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਸੁਪਨਿਆਂ ਨਾਲ ਖਿਲਵਾੜ ਕੀਤਾ ਗਿਆ ਹੈ, ਜਿਸ ਕਾਰਨ ਨੌਜਵਾਨ ਵਰਗ ਵਿਚ ਭਾਰੀ ਨਿਰਾਸ਼ਾ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਾਲ 2014 ਤੋਂ ਬਾਅਦ ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕੀਤਾ ਗਿਆ ਹੈ। ਸਰਕਾਰੀ ਸੰਸਥਾਵਾਂ ਨੂੰ ਨਜ਼ਰਅੰਦਾਜ਼ ਕਰਕੇ ਅਤੇ ਸਿੱਖਿਆ ਖੇਤਰ ਵਿਚ ਨਿੱਜੀਕਰਨ ਨੂੰ ਉਤਸ਼ਾਹਿਤ ਕਰਕੇ ਕੁਝ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਨਤੀਜੇ ਵਜੋਂ ਅੱਜ ਸਿੱਖਿਆ ਪ੍ਰਣਾਲੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਦੇਸ਼ ਭਰ ਵਿਚ 90 ਤੋਂ ਵੱਧ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਚੁੱਕੇ ਹਨ, ਪਰ ਸਰਕਾਰ ਇਸ ਗੰਭੀਰ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਨੀਟ ਵਰਗੀ ਮਹੱਤਵਪੂਰਨ ਪ੍ਰੀਖਿਆ ਵਿਚ ਹੋਈਆਂ ਬੇਨਿਯਮੀਆਂ ਕਾਰਨ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਰੋੜਾਂ ਨੌਜਵਾਨਾਂ ਦੀਆਂ ਉਮੀਦਾਂ ਨਾਲ ਜੁੜੀ ਇਸ ਪ੍ਰੀਖਿਆ ਵਿਚ ਸਾਹਮਣੇ ਆਈਆਂ ਗੰਭੀਰ ਖਾਮੀਆਂ ਲਈ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੈਤਿਕ ਤੌਰ ਤੇ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਨਾਲ ਜੁੜੇ ਸਾਰੇ ਦੋਸ਼ੀਆਂ ਅਤੇ ਇਸ ਵਿੱਚ ਸ਼ਾਮਲ ਏਜੰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੂਰੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਦਿਆਰਥੀ ਅਤੇ ਨੌਜਵਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਨੀਟ ਪੇਪਰ ਲੀਕ ਮਾਮਲੇ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ।