ਸ੍ਰੋਮਣੀ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ, ਪਿੰਡ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਦਾ ਅਹਿਦ
ਸ੍ਰੋਮਣੀ ਅਕਾਲੀ ਦਲ ਵੱਲੋਂ ਆਪਣੀਆਂ
Publish Date: Tue, 16 Jun 2026 05:47 PM (IST)
Updated Date: Wed, 17 Jun 2026 04:04 AM (IST)

ਪਵਨ ਗਰਗ, ਪੰਜਾਬੀ ਜਾਗਰਣ, ਬਾਘਾਪੁਰਾਣਾ : ਸ੍ਰੋਮਣੀ ਅਕਾਲੀ ਦਲ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਦੇ ਦਫ਼ਤਰ ਵਿਖੇ ਪਾਰਟੀ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ, ਬਾਲ ਕ੍ਰਿਸ਼ਨ ਬਾਲੀ, ਸ਼ਹਿਰੀ ਪ੍ਰਧਾਨ ਪਵਨ ਢੰਡ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਹਾਲ ਹੀ ਵਿਚ ਵੱਖ-ਵੱਖ ਵਿੰਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਵਿਚ ਵਪਾਰੀ ਵਰਗ ਦੇ ਹਲਕਾ ਪ੍ਰਧਾਨ ਪਵਨ ਗੋਇਲ, ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਕੋਟਲਾ, ਐੱਸਸੀ ਵਿੰਗ ਦੇ ਹਲਕਾ ਪ੍ਰਧਾਨ ਹਰਮੇਸ਼ ਸਿੰਘ ਸਮਾਲਸਰ, ਬੀਸੀ ਵਿੰਗ ਦੇ ਹਲਕਾ ਪ੍ਰਧਾਨ ਦਰਸ਼ਨ ਸਿੰਘ ਥਰਾਜ ਅਤੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ ਸਮੇਤ ਕਈ ਹੋਰ ਆਗੂਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਸਲ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦਾ ਹਰ ਵਰਗ ਚਿੰਤਤ ਹੈ ਅਤੇ ਲੋਕ ਇਕ ਮਜ਼ਬੂਤ ਅਤੇ ਤਜ਼ੁਰਬੇਕਾਰ ਨੇਤ੍ਰਿਤਵ ਦੀ ਭਾਲ ਵਿਚ ਹਨ। ਉਨ੍ਹਾਂ ਹੋਰ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਪਿੰਡ ਪੱਧਰ ਤੋਂ ਲੈ ਕੇ ਸ਼ਹਿਰਾਂ ਤੱਕ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਇਸੇ ਯੋਜਨਾ ਦਾ ਹਿੱਸਾ ਹਨ। ਉਨ੍ਹਾਂ ਨੇ ਦੱਸਿਆ ਕਿ 2027 ਦੀਆਂ ਚੋਣਾਂ ਲਈ ਪਾਰਟੀ ਨੇ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਹਰ ਵਰਕਰ ਨੂੰ ਬੂਥ ਪੱਧਰ ਤੱਕ ਸਰਗਰਮ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਹਲਕੇ ਦੇ ਹਰ ਵਰਗ ਨੂੰ ਪਾਰਟੀ ਨਾਲ ਜੋੜਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਸਾਬਕਾ ਚੇਅਰਮੈਨ ਹਰਮੇਲ ਸਿੰਘ ਮੌੜ, ਸੁਖਚਰਨ ਸਿੰਘ ਛਿੰਦਾ, ਸੰਜੀਵ ਬਿੱਟੂ, ਹਰਜੀਤ ਸਿੰਘ ਗਿੱਲ, ਸੁਖਮੰਦਰ ਸਿੰਘ ਭਲੂਰ, ਬਲਵਿੰਦਰ ਸਿੰਘ ਜੈਲਦਾਰ, ਕਰਮ ਮਾਹਲਾ, ਰਾਮ ਬਾਂਸਲ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਭ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।