ਜ਼ਿਲ੍ਹੇ ਦੇ ਕਿਸਾਨਾਂ ਨੂੰ 600 ਤੋਂ ਵੱਧ ਖੇਤੀ ਮਸ਼ੀਨਾਂ ਮੁਹੱਈਆ ਕਰਵਾਏਗੀ ਸਰਕਾਰ

15 ਸਤੰਬਰ ਤੱਕ ਮਸ਼ੀਨਰੀ ਕਿਸਾਨਾਂ ਤੱਕ ਪਹੁੰਚਾਉਣ ਦਾ ਟੀਚਾ ਮਿੱਖਿਆ

ਰਾਜ ਦੇ ਕਿਸਾਨਾਂ ਨੂੰ 278 ਕਰੋੜ ਰੁਪਏ ਦੀ ਸਬਸਿਡੀ ਨਾਲ 28000 ਤੋਂ ਵੱਧ ਖੇਤੀ ਸੰਦ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ

ਕੈਪਸ਼ਨ : ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ।

ਨੰਬਰ : 18 ਮੋਗਾ 7 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੂੰ 600 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਵਿਆਪਕ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਵਿੱਚ 10 ਕਰੋੜ 42 ਲੱਖ ਰੁਪਏ ਦੀ ਸਬਸਿਡੀ ਨਾਲ ਮੁਹੱਈਆ ਕਰਵਾਏ ਜਾ ਰਹੇ ਇਹ ਖੇਤੀ ਸੰਦ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸਹਾਈ ਸਿੱਧ ਹੋਣਗੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਦਾਂ 'ਤੇ 50 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਤਹਿਤ ਸਹਿਕਾਰੀ ਸਭਾਵਾਂ ਤੇ ਕਿਸਾਨ ਗਰੁੱਪਾਂ ਨੂੰ 80 ਫੀਸਦੀ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਰੂਪ ਵਿੱਚ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਆਲਾ ਦਰਜੇ ਦੀ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ ਜਿਸ ਵਿੱਚ ਸੁਪਰ ਐਸ.ਐਮ.ਐਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ।

ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਸਾਲ 2019-20 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ 78 ਹੈਪੀਸੀਡਰ, 47 ਸੁਪਰ ਐਸ.ਐਮ.ਐਸ., 135 ਪੈਡੀ ਚੋਪਰ ਸਰੈਡਰ, 43 ਮਲਚਰ, 67 ਹਾਈਡ੍ਰਾਲਿਕ ਪਲਾਉ, 96 ਜੀਰੋ ਟਿੱਲ ਡਰਿੱਲ ਅਤੇ 182 ਕਿਸਾਨ ਗਰੁੱਪਾਂ ਨੂੰÎ 50 ਫੀਸਦੀ ਸਬਸਿਡੀ ਦੇਣ ਦੀ ਤਜਵੀਜ ਹੈ। ਉਨ੍ਹਾਂ ਦੱਸਿਆ ਕਿ ਸਾਲ 2019-20 ਦੌਰਾਨ ਇਸ ਸਕੀਮ ਤਹਿਤ ਕਿਸਾਨਾਂ ਨੂੰ ਖੇਤੀ ਸੰਦਾਂ ਉੱਪਰ 10 ਕਰੋੜ 42 ਲੱਖ ਦੀ ਸਬਸਿਡੀ ਦੇਣ ਦਾ ਟੀਚਾ ਮਿਥਿਆ ਗਿਆ ਹੈ।

ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ 15 ਸਤੰਬਰ, 2019 ਤੋਂ ਪਹਿਲਾਂ ਕਿਸਾਨਾਂ ਤੱਕ ਮਸ਼ੀਨਰੀ ਪਹੁੰਚਾਉਣ ਦਾ ਟੀਚਾ ਹਾਸਲ ਕਰਨ ਲਈ ਪੂਰੀ ਤਰਾਂ ਤਿਆਰ ਹੈ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵ ਬਾਰੇ ਜਾਣੂੰ ਕਰਨ ਲਈ ਸੂਚਨਾ, ਸਿੱਖਿਆ ਤੇ ਸੰਚਾਰ ਬਾਰੇ ਗਤੀਵਿਧੀਆਂ ਵੀ ਆਰੰਭੀਆਂ ਹੋਈਆਂ ਹਨ। ਇਸ ਜਾਗਰੂਕਾ ਮੁਹਿੰਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਲਈ ਸੰਦਾਂ ਦੀ ਪ੍ਰਦਰਸ਼ਨੀ ਕਰਨਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਇਸ ਸਕੀਮ ਤਹਿਤ ਸਾਲ 2018-19 ਦੌਰਾਨ ਜ਼ਿਲ੍ਹੇ ਵਿੱਚ 1150 ਤੋਂ ਵੱਧ ਖੇਤੀਬਾੜੀ ਸੰਦਾਂ ਜਿੰਨ੍ਹਾਂ ਵਿੱਚ ਹੈਪੀਸੀਡਰ, ਪੈਡੀÎ ਜ਼ੀਰੋ ਟਿੱਲ ਡਰਿੱਲ, ਸੁਪਰ ਐਸ.ਐਮ.ਐਸ., ਹਾਈਡ੍ਰਾਲਿਕ ਪਲਾਉ, ਮਲਚਰ ਆਦਿ ਸ਼ਾਮਿਲ ਹਨ ਤੇ ਵੀ 9 ਕਰੋੜ 65 ਲੱਖ 79 ਹਜ਼ਾਰ 530 ਰੁਪਏ ਦੀ ਸਬਸਿਡੀ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪਰਾਲੀ ਸਾੜਣ ਦੇ ਰੁਝਾਨ ਨੂੰ ਠੱਲ ਪਾਈ ਜਾ ਸਕੇ ਜਿਸ ਨਾਲ ਲੋਕਾਂ ਦੀ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਗਪਗ 1 ਲੱਖ 75 ਹਜ਼ਾਰ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਝੋਨੇ ਦੀ ਵਢਾਈ ਤੋਂ ਬਾਅਦ ਖੇਤਾਂ ਵਿੱਚ ਝੋਨੇ ਦੀ 1.2 ਮਿਲੀਅਨ ਟਨ ਪਰਾਲੀ ਹੋਣ ਦੀ ਆਸ ਹੈ ਜਿਸ ਨੂੰ ਕਿਸਾਨਾਂ ਵੱਲੋਂ ਹਾੜੀ ਦੀ ਅਗਲੀ ਫਸਲ ਤੋਂ ਪਹਿਲਾਂ ਨਿਪਟਾਇਆ ਜਾਣਾ ਹੈ।

ਜ਼ਿਕਰਯੋਗ ਹੈ ਕਿ ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਵਿੱਚ ਪਹਿਲੇ ਪੜਾਅ ਅਧੀਨ ਕਿਸਾਨਾਂ ਨੂੰ 278 ਕਰੋੜ ਰੁਪਏ ਦੀ ਸਬਸਿਡੀ ਨਾਲ 28000 ਤੋਂ ਵੱਧ ਖੇਤੀ ਮਸ਼ੀਨਾਂ/ਸੰਦ ਮੁਹੱਈਆ ਕਰਵਾਉਣ ਲਈ ਟੀਚਾ ਮਿਥਿਆ ਹੈ।