ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਗੁਜਰਾਤ ਚੋਣ ਦੀ ਜਿੱਤ ਇਤਿਹਾਸਕ ਹੋਵੇਗੀ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਅਤੇ ਕਾਂਗਰਸ ਦੋਵਾਂ ਸਰਕਾਰਾਂ ਦੇ ਸ਼ੋਸ਼ਣ ਤੋਂ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਦੂਜੇ ਗੇੜ 'ਚ ਵੀ ਆਮ ਆਦਮੀ ਪਾਰਟੀ ਨੂੰ ਫਤਵਾ ਦੇਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਆਗੂ ਮਨਜੀਤ ਸਿੰਘ ਬਿਲਾਸਪੁਰ ਨੇ ਆਪਣੇ ਗ੍ਹਿ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੀ ਡਿਊਟੀ ਗੁਜਰਾਤ ਦੇ ਵਿਧਾਨ ਸਭਾ ਹਲਕਾ ਕਪੜਵੰਜ ਤੋਂ ਉਮੀਦਵਾਰ ਮਨੂੰ ਭਾਈ ਰਾਮਾ ਭਾਈ ਪਟੇਲ ਦੇ ਹੱਕ ਵਿਚ ਪ੍ਰਚਾਰ ਕਰਨ ਦੀ ਲਾਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਕਪੜਵੰਜ ਤੋਂ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਇਸ ਵਾਰ ਕੇਜਰੀਵਾਲ ਨੂੰ ਮੌਕਾ ਦੇਣਗੇ। ਗੁਜਰਾਤ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਆਮ ਆਦਮੀ ਪਾਰਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਗੁਜਰਾਤ ਚੋਣ ਪ੍ਰਚਾਰ ਤੋਂ ਬਾਅਦ ਉਹ ਆਰਾਮ ਕਰਨ ਦੀ ਬਜਾਏ ਹਲਕੇ ਦੇ ਲੋਕਾਂ ਦੀ ਸੇਵਾ 'ਚ ਜੁਟ ਜਾਣਗੇ।