ਐੱਨਐੱਚਐੱਮ ਕਾਮਿਆਂ ਨੇ ਸਿਵਲ ਸਰਜਨ ਦਫਤਰ ਅੱਗੇ ਕੀਤਾ ਪ੍ਰਦਰਸ਼ਨ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਲੰਬੇ
Publish Date: Mon, 28 Sep 2026 03:57 PM (IST)
Updated Date: Mon, 28 Sep 2026 04:00 PM (IST)
ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ, ਵਿਧਾਇਕਾਂ ਦੇ ਦਫ਼ਤਰਾਂ ਅੱਗੇ ਧਰਨੇ ਦਾ ਐਲਾਨ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਨਐੱਚਐੱਮ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਨੂੰ ਪੜਾਅਵਾਰ ਢੰਗ ਨਾਲ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਦੀ ਸ਼ੁਰੂਆਤ ਤਹਿਤ ਜ਼ਿਲ੍ਹਾ ਮੋਗਾ ਦੀ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਵੱਲੋਂ ਸਿਵਲ ਸਰਜਨ ਦਫ਼ਤਰ ਮੋਗਾ ਦੇ ਬਾਹਰ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਸਰਕਾਰ ਅਤੇ ਸਿਹਤ ਵਿਭਾਗ ਤੋਂ ਲੰਬਿਤ ਮਸਲਿਆਂ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਯੂਨੀਅਨ ਵੱਲੋਂ ਸਿਵਲ ਸਰਜਨ ਰਾਹੀਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਵਿਚਾਰ ਅਧੀਨ ਮੰਗਾਂ ਨੂੰ ਤੁਰੰਤ ਹੱਲ ਕਰਨ ਅਤੇ ਪਹਿਲਾਂ ਹੋਈਆਂ ਮੀਟਿੰਗਾਂ ਦੌਰਾਨ ਕੀਤੇ ਗਏ ਫ਼ੈਸਲਿਆਂ ਅਤੇ ਭਰੋਸਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ ਗਈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂ ਸੁਮਿਤ ਬਜਾਜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਧਰਨਿਆਂ ਤੋਂ ਬਾਅਦ ਸੰਘਰਸ਼ ਨੂੰ ਅਗਲੇ ਪੜਾਅ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਅਕਤੂਬਰ 2026 ਨੂੰ ਪੰਜਾਬ ਭਰ ਵਿਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਵਿਧਾਇਕਾਂ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਜਾਣਗੇ। ਯੂਨੀਅਨ ਵੱਲੋਂ ਇਸ ਮੌਕੇ ਸਰਕਾਰ ਨੂੰ ਪਿਛਲੀਆਂ ਮੀਟਿੰਗਾਂ ਵਿਚ ਕੀਤੇ ਗਏ ਫ਼ੈਸਲਿਆਂ ਅਤੇ ਦਿੱਤੇ ਭਰੋਸਿਆਂ ਨੂੰ ਲਾਗੂ ਕਰਨ ਦੀ ਮੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 9 ਅਕਤੂਬਰ 2026 ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾਂ ਰੋਸ ਰੈਲੀ ਕੀਤੀ ਜਾਵੇਗੀ। ਯੂਨੀਅਨ ਅਨੁਸਾਰ ਇਸ ਮਹਾਂ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 6,000 ਤੋਂ 6,500 ਐੱਨਐੱਚਐੱਮ. ਮੁਲਾਜ਼ਮਾਂ ਤੋਂ ਇਲਾਵਾ ਹੋਰ ਭਰਾਤਰੀ ਜਥੇਬੰਦੀਆਂ ਦੇ ਮੈਂਬਰ ਵੀ ਸ਼ਾਮਲ ਹੋਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਵਿਚ ਲੰਬੇ ਸਮੇਂ ਤੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨਾਲ ਸਬੰਧਤ ਕਈ ਮਸਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਵਿਭਾਗ ਕੋਲ ਵਿਚਾਰ ਅਧੀਨ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮਸਲਿਆਂ ਨੂੰ ਹੋਰ ਲਟਕਾਉਣ ਦੀ ਬਜਾਏ ਵਿਭਾਗੀ ਪੱਧਰ ’ਤੇ ਤੁਰੰਤ ਕਾਰਵਾਈ ਕਰਕੇ ਹੱਲ ਕੀਤਾ ਜਾਵੇ। ਯੂਨੀਅਨ ਵੱਲੋਂ ਮੁੱਖ ਮੰਗਾਂ ਵਿਚ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਵਿਭਾਗੀ ਕਮੇਟੀ ਰਾਹੀਂ ਤੁਰੰਤ ਨਿਪਟਾਰਾ, ਪਿਛਲੀਆਂ ਮੀਟਿੰਗਾਂ ਵਿਚ ਹੋਏ ਫ਼ੈਸਲਿਆਂ ਨੂੰ ਲਾਗੂ ਕਰਨਾ ਅਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਯੂਨੀਅਨ ਨੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦੇ ਸਿਧਾਂਤ ਨੂੰ ਲਾਗੂ ਕਰਨ, ਐੱਨਐੱਚਐੱਮ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਸਨਮਾਨਜਨਕ ਵਾਧਾ ਕਰਨ ਅਤੇ ਲੰਬੇ ਸਮੇਂ ਤੋਂ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਨਾਲ ਸਬੰਧਤ ਤਨਖਾਹੀ ਮਸਲਿਆਂ ਦਾ ਨਿਪਟਾਰਾ ਕਰਨ ਦੀ ਮੰਗ ਵੀ ਉਠਾਈ। ਇਸ ਮੌਕੇ ਯੂਨੀਅਨ ਆਗੂ ਡਾ. ਗੁਰਵਿੰਦਰ ਸਿੰਘ ਨੇ ਕਿਹਾ ਕਿ ਵੱਖ-ਵੱਖ ਕੈਡਰਾਂ ਨਾਲ ਸਬੰਧਤ ਕਈ ਮਸਲੇ ਲੰਬੇ ਸਮੇਂ ਤੋਂ ਲੰਬਿਤ ਹਨ। ਇਨ੍ਹਾਂ ਮਸਲਿਆਂ ਨਾਲ ਸਬੰਧਤ ਫਾਈਲਾਂ ਸਰਕਾਰ ਅਤੇ ਸਿਹਤ ਵਿਭਾਗ ਕੋਲ ਪਹਿਲਾਂ ਤੋਂ ਚੱਲ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਫਾਈਲਾਂ ਦਾ ਜਲਦ ਨਿਪਟਾਰਾ ਕਰਕੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਦਾ ਰਾਹ ਨਾ ਅਪਣਾਉਣਾ ਪਵੇ। ਜ਼ਿਲ੍ਹਾ ਪ੍ਰਧਾਨ ਡਾ. ਸਿਮਰਪਾਲ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਦਿਆਂ ਯੂਨੀਅਨ ਨਾਲ ਗੱਲਬਾਤ ਰਾਹੀਂ ਠੋਸ ਅਤੇ ਸਥਾਈ ਹੱਲ ਕੱਢਣਾ ਚਾਹੀਦਾ ਹੈ। ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ 9 ਅਕਤੂਬਰ ਨੂੰ ਧੂਰੀ ਵਿਖੇ ਹੋਣ ਵਾਲੀ ਮਹਾਂ ਰੈਲੀ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ, ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਤੋਂ ਬਾਅਦ ਸੰਘਰਸ਼ ਦੇ ਅਗਲੇ ਪੜਾਅ ਸਬੰਧੀ ਨਵੇਂ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ। ਧਰਨੇ ਦੌਰਾਨ ਜ਼ਿਲ੍ਹਾ ਮੋਗਾ ਨਾਲ ਸਬੰਧਤ ਐੱਨਐੱਚਐੱਮ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ।