ਐੱਨਐੱਚਐੱਮ ਕਾਮਿਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ ਨੈਸ਼ਨਲ ਹੈਲਥ ਮਿਸ਼ਨ ਐੱਨਐੱਚਐੱਮ
Publish Date: Sat, 22 Aug 2026 05:44 PM (IST)
Updated Date: Sun, 23 Aug 2026 04:00 AM (IST)
ਹੜਤਾਲ 9ਵੇਂ ਦਿਨ ਵੀ ਰਹੀ ਜਾਰੀ, ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵਾਕਿਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਨੈਸ਼ਨਲ ਹੈਲਥ ਮਿਸ਼ਨ ਐੱਨਐੱਚਐੱਮ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਜ 9ਵੇਂ ਦਿਨ ਵੀ ਜਾਰੀ ਰਹੀ। ਹੜਤਾਲ ਦੇ ਨੌਵੇਂ ਦਿਨ ਮੋਗਾ ਵਿਖੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਐੱਨਐੱਚਐੱਮ ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਸਰਕਾਰ ਦਾ ਧਿਆਨ ਦਵਾਉਂਦੇ ਆ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ। ਇਸ ਮੌਕੇ ਮਲਟੀ ਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਆਪਣੇ ਸਾਥੀਆਂ ਸਮੇਤ ਐੱਨਐੱਚਐੱਮ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਸਬਾਰਡੀਨੇਟ ਸਰਵਿਸ ਫੈੱਡਰੇਸ਼ਨ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਰਿਆੜ ਨੇ ਵੀ ਐੱਨਐੱਚਐੱਮ ਇੰਪਲਾਈ ਐਸੋਸੀਏਸ਼ਨ ਮੋਗਾ ਦੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਨਾਲ ਸਬੰਧਤ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਜੇਕਰ ਸਰਕਾਰ ਵੱਲੋਂ ਸਿਹਤ ਮੁਲਾਜ਼ਮਾਂ ਦੀਆਂ ਸਾਂਝੀਆਂ ਅਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੂੰ ਇੱਕਜੁੱਟ ਕਰਕੇ ਸਰਕਾਰ ਖ਼ਿਲਾਫ਼ ਸਾਂਝਾ ਮੋਰਚਾ ਖੋਲ੍ਹਿਆ ਜਾਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਵਾਲਾ ਰਾਹ ਅਪਣਾਉਣ ਦੀ ਬਜਾਏ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਮਸਲੇ ਦਾ ਜਲਦ ਹੱਲ ਕੀਤਾ ਜਾਵੇ। ਐੱਨਐੱਚਐੱਮ ਇੰਪਲਾਈ ਐਸੋਸੀਏਸ਼ਨ ਮੋਗਾ ਦੇ ਬੁਲਾਰੇ ਜਸਬੀਰ ਸਿੰਘ ਕੋਟੀਆ ਅਤੇ ਡਾ. ਸਿਮਰਪਾਲ ਸਿੰਘ ਢੁੱਡੀਕੇ ਨੇ ਕਿਹਾ ਕਿ ਮੁਲਾਜ਼ਮ ਆਪਣੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੇਕਰ ਮੰਗਾਂ ਸਬੰਧੀ ਕੋਈ ਠੋਸ ਅਤੇ ਸੰਤੋਸ਼ਜਨਕ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਐੱਨਐੱਚਐੱਮ ਮੁਲਾਜ਼ਮ ਅਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਹਾਜ਼ਰ ਸਨ।