
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ

ਹੜਤਾਲ 2 ਸਤੰਬਰ ਤਕ ਵਧੀ, ਵਿੱਤ ਮੰਤਰੀ ਦੇ ਘਿਰਾਓ ਦੀ ਦਿੱਤੀ ਚਿਤਾਵਨੀ
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਐੱਨਐੱਚਐੱਮ ਵਿਚ ਪਿਛਲੇ ਲੰਮੇ ਸਮੇਂ ਤੋਂ ਠੇਕੇ ’ਤੇ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਠੋਸ ਅਤੇ ਹਾਂ-ਪੱਖੀ ਫੈਸਲਾ ਨਾ ਲਏ ਜਾਣ ਕਾਰਨ ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਨੇ ਰੋਸ ਵਜੋਂ ਹੜਤਾਲ ਨੂੰ 2 ਸਤੰਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਸਿਹਤ ਵਿਭਾਗ ਨਾਲ ਸਬੰਧਤ ਕਈ ਸੇਵਾਵਾਂ ਪ੍ਰਭਾਵਿਤ ਹੋਣ ਦਾ ਦਾਅਵਾ ਕੀਤਾ ਗਿਆ ਹੈ। ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਮੋਗਾ ਦੇ ਪ੍ਰਧਾਨ ਡਾ. ਸਿਮਰਪਾਲ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐੱਨਐੱਚਐੱਮ ਦੇ ਮੁਲਾਜ਼ਮ ਪਿਛਲੇ 15 ਤੋਂ 20 ਸਾਲਾਂ ਤੋਂ ਸਿਹਤ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਸਰਕਾਰ ਉਨ੍ਹਾਂ ਦੀਆਂ ਲੰਬੇ ਸਮੇਂ ਤੋ ਲਟਕ ਰਹੀਆਂ ਮੰਗਾਂ ਦਾ ਹੱਲ ਕਰੇਗੀ, ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਸਪੱਸ਼ਟ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਅਤੇ ਮੁਲਾਜ਼ਮ ਜਥੇਬੰਦੀ ਵਿਚਕਾਰ ਲਗਭਗ 40 ਤੋਂ 45 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਸਥਾਈ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹਰ ਵਾਰ ਭਰੋਸੇ ਅਤੇ ਭਰੋਸੇਯੋਗ ਕਾਰਵਾਈ ਦੀ ਉਮੀਦ ਕੀਤੀ ਗਈ, ਪਰ ਮੁਲਾਜ਼ਮਾਂ ਦੇ ਹੱਥ ਨਿਰਾਸ਼ਾ ਹੀ ਲੱਗੀ। ਡਾ. ਸਿਮਰਪਾਲ ਸਿੰਘ ਨੇ ਕਿਹਾ ਕਿ ਆਪਣੇ ਭਵਿੱਖ ਅਤੇ ਰੋਜ਼ਗਾਰ ਦੀ ਸੁਰੱਖਿਆ ਲਈ ਐੱਨਐੱਚਐੱਮ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਇਸੇ ਤਹਿਤ ਮੋਗਾ ਵਿਚ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਤੋਂ ਪ੍ਰਤਾਪ ਚੌਂਕ ਤੱਕ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਲਾਰਿਆਂ ਦੀ ਪੰਡ ਫੂਕੀ ਅਤੇ ਪਰਚੇ ਵੰਡ ਕੇ ਸਰਕਾਰ ਨੂੰ ਆਪਣੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ ਬਰਾਬਰ ਕੰਮ ਲਈ ਬਰਾਬਰ ਤਨਖਾਹ, ਗ੍ਰੈਚੁਟੀ, ਉਮਰ ਹੱਦ ਵਿਚ ਵਾਧਾ ਅਤੇ ਹੋਰ ਸੇਵਾਵਾਂ ਨਾਲ ਸਬੰਧਤ ਹੱਕ ਸ਼ਾਮਲ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਮੰਗਾਂ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ ਅਤੇ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ। ਡਾ. ਸਿਮਰਪਾਲ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਆਉਣ ਵਾਲੇ ਸਮੇਂ ਵਿਚ ਵਿੱਤ ਮੰਤਰੀ ਪੰਜਾਬ ਦਾ ਘਿਰਾਓ ਵੀ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਦੁਬਾਰਾ ਟਾਲ-ਮਟੋਲ ਦੀ ਨੀਤੀ ਅਪਣਾਈ ਤਾਂ ਯੂਨੀਅਨ ਨੂੰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇ ਜਸਬੀਰ ਸਿੰਘ ਮੋਗਾ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਐੱਨਐੱਚਐੱਮ. ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ ਅਤੇ ਸਰਕਾਰ ਦਾ ਹਰ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਡਾ. ਗੁਰਵਿੰਦਰ ਸਿੰਘ, ਡਾ. ਅਜੈ ਮੋਗਾ, ਡਾ. ਨਵਦੀਪ ਕੌਰ, ਡਾ. ਲਖਵੀਰ ਬਾਵਾ, ਡਾ. ਜਸਕਰਨ ਸਿੰਘ, ਡਾ. ਮਨਿੰਦਰ ਕੌਰ, ਡਾ. ਰਿਤਿਕਾ, ਡਾ. ਮਨਿੰਦਰ, ਸੁਮਿਤ ਬਜਾਜ, ਸ਼ੁਭਮ ਬਜਾਜ, ਪ੍ਰਵੀਨ ਮੈਡਮ, ਸ਼ਾਲੂ ਮੈਡਮ ਅਤੇ ਸ਼ਾਈਨਾ ਮੈਡਮ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਇਸ ਮੌਕੇ ਰੁਪਿੰਦਰ ਸਿੰਘ ਫਾਰਮਾਸਿਸਟ, ਮਨਪ੍ਰੀਤ ਕੌਰ ਬੀ.ਐੱਸ.ਏ. ਡਰੋਲੀ ਭਾਈ ਸਮੇਤ ਐਨ.ਐਚ.ਐਮ. ਦੇ ਹੋਰ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।