ਐੱਨਪੀਐੱਸ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ
Publish Date: Thu, 19 Feb 2026 06:01 PM (IST)
Updated Date: Fri, 20 Feb 2026 04:07 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਐੱਨਪੀਐੱਸ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਡੀਸੀ ਦਫ਼ਤਰ ਮੋਗਾ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਦੀ ਤਾਦਾਦ ਵਿਚ ਅਧਿਆਪਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਲੰਬਿਤ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਜਸਵਿੰਦਰ ਸਿੰਘ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਹਰਸ਼ ਗੋਇਲ ਜ਼ਿਲ੍ਹਾ ਪ੍ਰਧਾਨ ਐੱਨਪੀਐੱਸ ਕਰਮਚਾਰੀ ਯੂਨੀਅਨ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ। ਉਨ੍ਹਾਂ ਦੱਸਿਆ ਕਿ 18 ਨਵੰਬਰ 2022 ਨੂੰ ਜਾਰੀ ਕੀਤਾ ਗਿਆ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਨੋਟੀਫਿਕੇਸ਼ਨ ਅਧੂਰਾ ਅਤੇ ਲੰਗੜਾ ਸਾਬਤ ਹੋਇਆ ਹੈ, ਜਿਸ ਨੂੰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਲਾਗੂ ਨਹੀਂ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਨਿਰਮਲ ਸਿੰਘ ਨੇ ਕਿਹਾ ਕਿ ਸਰਕਾਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਚੁੱਪੀ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਅਰਥੀ ਫੂਕ ਪ੍ਰਦਰਸ਼ਨ ਰਾਹੀਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਮੰਗਾਂ ਨੂੰ ਤੁਰੰਤ ਨਾ ਮੰਨਿਆ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਸਮੂਹ ਐੱਨਪੀਐੱਸ ਕਰਮਚਾਰੀ ਵਿਧਾਨ ਸਭਾ ਵੱਲ ਮਾਰਚ ਕਰਨਗੇ। ਇਸ ਸਬੰਧੀ ਬਲਾਕ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਦੇ ਵਾਰ ਵਾਰ ਦੇ ਲਾਰਿਆਂ ਤੋਂ ਅੱਕ ਕੇ ਹੁਣ ਉਹ ਆਰ ਜਾਂ ਪਾਰ ਦੀ ਲੜਾਈ ਲਈ ਤਿਆਰ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲੀ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਟੈਟ ਦੀ ਸ਼ਰਤ ਥੋਪ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਵਿਧਾਨ ਸਭਾ ਵਿਚ ਆਰਡੀਨੈਂਸ ਪਾਸ ਕਰਕੇ ਟੈਟ ਦੀ ਬੇਲੋੜੀ ਸ਼ਰਤ ਵਾਪਸ ਲਵੇ ਨਹੀਂ ਤਾਂ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਸਮਰਥਨ ਦਿੱਤਾ ਜਾਵੇਗਾ ਅਤੇ ਦੋਹਾਂ ਮੁੱਦਿਆਂ ਨੂੰ ਲੈ ਕੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਵੱਡਾ ਮਾਰਚ ਕੀਤਾ ਜਾਵੇਗਾ। ਇਸ ਮੌਕੇ ਤਜਿੰਦਰ ਸਿੰਘ ਨਿਹਾਲ ਸਿੰਘ ਵਾਲਾ, ਨਿਰਮਲ ਸਿੰਘ ਮਾਹਲਾ, ਵਿਕਾਸ ਜੋਸ਼ੀ, ਅਮਿਤ ਕੁਮਾਰ, ਰਜੀਵ ਕੁਮਾਰ, ਵਿਜੇ ਕੁਮਾਰ, ਮਨੋਹਰ ਲਾਲ, ਰਣਜੋਧ ਸਿੰਘ, ਅਜਮੇਰ ਸਿੰਘ, ਦਿਨੇਸ਼ ਬਾਂਸਲ ਸਮੇਤ ਹੋਰ ਅਨੇਕਾਂ ਕਰਮਚਾਰੀ ਹਾਜ਼ਰ ਸਨ।