- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ਼ ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਭਾਰਤੀ ਸੰਵਿਧਾਨ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਸ਼ਾਨਾਮੱਤੇ ਇਤਿਹਾਸ, ਇਸ ਦੇ ਨਿਰਮਾਣ ਦੀ ਪ੍ਰਕਿਰਿਆ, ਲੋਕਤੰਤਰੀ ਵਿਵਸਥਾ ਅਤੇ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਣ ਦੀ ਸਹੁੰ ਚੁੱਕੀ। ਇਸ ਦੌਰਾਨ ਖੋਜ ਅਤੇ ਵਿਕਾਸ ਵਿਭਾਗ ਦੇ ਡੀਨ ਅਤੇ ਫਾਰਮਾਕੋਲੋਜੀ ਵਿਭਾਗ ਦੇ ਮੁਖੀ ਡਾ. ਸ਼ਮਸ਼ੇਰ ਸਿੰਘ, ਫਾਰਮਾਸਿਊਟੀਕਲ ਕੈਮਿਸਟਰੀ ਐਂਡ ਐਨਾਲਿਸਿਸ ਵਿਭਾਗ ਦੇ ਮੁਖੀ ਡਾ. ਸੰਤ ਕੁਮਾਰ ਵਰਮਾ, ਫਾਰਮੇਸੀ ਪ੍ਰੈਕਟਿਸ ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ, ਫਾਰਮਾਸਿਊਟਿਕਸ ਵਿਭਾਗ ਦੇ ਮੁਖੀ ਡਾ. ਭੀਮਾਕਿਰਣ, ਡਾ. ਸਿਧਾਰਥ ਮਹਿਨ, ਡਾ. ਨਿਧੀ ਗੁਪਤਾ, ਡਾ. ਬਾਲਕ ਦਾਸ ਕੁਰਮੀ, ਰੋਮਨਪ੍ਰੀਤ ਕੌਰ ਅਤੇ ਸਾਂਚੀ ਜੈਨ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਵਿਵਸਥਾ ਦੀ ਸਭ ਤੋਂ ਮਜ਼ਬੂਤ ਨੀਂਹ ਹੈ। ਇਹ ਹਰੇਕ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਵਿੱਚ ਨਿਆਂ, ਸਮਾਨਤਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਕਾਲਜ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਹਾ ਕਿ ਸੰਵਿਧਾਨ ਹਰੇਕ ਭਾਰਤੀ ਨੂੰ ਸਨਮਾਨ ਨਾਲ ਜੀਵਨ ਬਤੀਤ ਕਰਨ, ਆਪਣੇ ਵਿਚਾਰ ਪ੍ਰਗਟਾਉਣ ਅਤੇ ਬਰਾਬਰ ਦੇ ਮੌਕੇ ਪ੍ਰਾਪਤ ਕਰਨ ਦਾ ਅਧਿਕਾਰ ਦਿੰਦਾ ਹੈ। ਇਸ ਦੇ ਨਾਲ ਹੀ ਹਰੇਕ ਨਾਗਰਿਕ ਦਾ ਇਹ ਫਰਜ਼ ਵੀ ਹੈ ਕਿ ਉਹ ਦੇਸ਼ ਦੇ ਕਾਨੂੰਨਾਂ ਦਾ ਸਤਿਕਾਰ ਕਰੇ ਅਤੇ ਸਮਾਜ ਵਿਚ ਸ਼ਾਂਤੀ, ਸਦਭਾਵਨਾ ਤੇ ਅਨੁਸ਼ਾਸਨ ਬਣਾਈ ਰੱਖਣ ’ਚ ਸਹਿਯੋਗ ਦੇਵੇ। ਇਸ ਮੌਕੇ ਡਾ. ਸ਼ਮਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੀ ਸਹੁੰ ਚੁਕਾਉਂਦਿਆਂ ਇਸ ਦਿਵਸ ਦੇ ਇਤਿਹਾਸਕ ਮਹੱਤਵ ਤੋਂ ਜਾਣੂੰ ਕਰਵਾਇਆ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸੰਵਿਧਾਨ ਦੇ ਆਦਰਸ਼ਾਂ ਦੀ ਪਾਲਣਾ ਕਰਨ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨ ਅਤੇ ਸਮਾਜ ਵਿਚ ਸਮਾਨਤਾ, ਭਾਈਚਾਰਾ ਤੇ ਸਦਭਾਵਨਾ ਬਣਾਈ ਰੱਖਣ ਦੀ ਸਹੁੰ ਚੁੱਕੀ।