ਬਿੱਲ ਕਲਰਕਾਂ ਤੇ ਤਹਿਸੀਲਦਾਰਾਂ ਦੇ਼ ਘਿਰਾਓ ਦਾ ਕੀਤਾ ਐਲਾਨ ਰਿਟਾਇਰਡ ਰੈਵੀਨਿਊ ਕਾਨੂੰਨਗੋ
Publish Date: Sun, 04 Oct 2026 04:51 PM (IST)
Updated Date: Sun, 04 Oct 2026 04:53 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਰਜਿਸਟਰਡ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ। ਮੀਟਿੰਗ ਦੌਰਾਨ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਇਆ ਬਿੱਲ ਬਣਾਉਣ ਵਿਚ ਹੋ ਰਹੀ ਦੇਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਬਕਾਇਆ ਬਿੱਲ ਤਿਆਰ ਕਰਨ ਲਈ 15 ਅਕਤੂਬਰ ਤੱਕ ਦਾ ਹੋਰ ਸਮਾਂ ਦਿੰਦਿਆਂ ਸਪੱਸ਼ਟ ਕੀਤਾ ਕਿ ਜੇਕਰ ਇਸ ਸਮੇਂ ਤੱਕ ਵੀ ਮਸਲੇ ਦਾ ਹੱਲ ਨਾ ਹੋਇਆ ਤਾਂ ਸਬੰਧਤ ਬਿੱਲ ਕਲਰਕਾਂ ਅਤੇ ਤਹਿਸੀਲਦਾਰਾਂ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਦੌਰਾਨ 30 ਸਤੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਦਿੱਤੇ ਗਏ ਧਰਨੇ ਦੀ ਕਾਰਵਾਈ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਧਰਨੇ ਵਿੱਚ ਸ਼ਾਮਲ ਹੋ ਕੇ ਸਹਿਯੋਗ ਦੇਣ ਵਾਲੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਅਤੇ ਹੋਰ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਡੀਸੀ ਦਫ਼ਤਰ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਔਲਖ ਅਤੇ ਹੋਰ ਮੁਲਾਜ਼ਮ ਆਗੂਆਂ ਵੱਲੋਂ ਦਿੱਤੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਗਈ। ਇਸ ਸਮੇਂ ਵਿਛੜੇ ਸਾਥੀ ਬਲਜੀਤ ਸਿੰਘ ਲੰਗੇਆਣਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੈਨਸ਼ਨਰਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਦੀ ਅਪੀਲ ਕੀਤੀ ਗਈ ਮੀਟਿੰਗ ਦੌਰਾਨ ਡੀ.ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਔਲਖ ਵੱਲੋਂ ਕਲੈਰੀਕਲ ਸਟਾਫ਼ ਨੂੰ ਸੰਬੋਧਨ ਕਰਦਿਆਂ ਜਾਰੀ ਕੀਤੀ ਗਈ ਆਡੀਓ ਦਾ ਵੀ ਜ਼ਿਕਰ ਕੀਤਾ ਗਿਆ। ਇਸ ਵਿੱਚ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਇਆ ਬਿੱਲਾਂ, ਮੈਡੀਕਲ ਬਿੱਲਾਂ ਅਤੇ ਹੋਰ ਰੋਜ਼ਾਨਾ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਬਿਨਾਂ ਕਿਸੇ ਬੇਲੋੜੀ ਪ੍ਰੇਸ਼ਾਨੀ ਦੇ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਡੀਸੀ ਦਫ਼ਤਰ ਦਾ ਕਲੈਰੀਕਲ ਸਟਾਫ਼ ਸੇਵਾਮੁਕਤ ਪੈਨਸ਼ਨਰਾਂ ਦੇ ਕੰਮ ਮਾਣ-ਸਤਿਕਾਰ ਨਾਲ ਕਰੇਗਾ ਤਾਂ ਵੈੱਲਫੇਅਰ ਐਸੋਸੀਏਸ਼ਨ ਵੀ ਮੁਲਾਜ਼ਮ ਜਥੇਬੰਦੀ ਦੇ ਸੰਘਰਸ਼ਾਂ ਵਿਚ ਡਟ ਕੇ ਸਾਥ ਦੇਵੇਗੀ। ਆਗੂਆਂ ਨੇ ਕਿਹਾ ਕਿ ਡੀਸੀ ਦਫ਼ਤਰ ਦੀ ਇੰਪਲਾਈਜ਼ ਯੂਨੀਅਨ ਵੱਲੋਂ ਇਸ ਮਾਮਲੇ ਦੇ ਹੱਲ ਲਈ ਸੱਤ ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਐਸੋਸੀਏਸ਼ਨ ਨੇ ਸਹਿਯੋਗ ਦੀ ਭਾਵਨਾ ਨਾਲ ਹੁਣ 15 ਅਕਤੂਬਰ ਤੱਕ ਦਾ ਹੋਰ ਸਮਾਂ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਤੋਂ ਸਤੰਬਰ ਤੱਕ ਦੇ ਛੇ ਮਹੀਨਿਆਂ ਦੇ ਬਕਾਇਆ ਬਿੱਲ ਤਿਆਰ ਕਰਕੇ ਪੈਨਸ਼ਨਰਾਂ ਦੇ ਬੈਂਕ ਖਾਤਿਆਂ ’ਚ ਬਣਦੀ ਰਕਮ ਪਹੁੰਚਾਈ ਜਾਵੇ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ 15 ਅਕਤੂਬਰ ਤੱਕ ਵੀ ਬਕਾਇਆ ਬਿੱਲਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਸਬੰਧਤ ਬਿੱਲ ਕਲਰਕਾਂ ਅਤੇ ਤਹਿਸੀਲਦਾਰਾਂ ਦਾ ਸਖ਼ਤ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਗੁਰਮੇਲ ਸਿੰਘ ਗੌਂਦਾਰਾ, ਲਖਵੀਰ ਸਿੰਘ, ਗੁਰਮੇਲ ਸਿੰਘ, ਰਤਨ ਸਿੰਘ ਗਿੱਲ, ਗੁਰਦੋਰ ਸਿੰਘ, ਜਗਰਾਜ ਸਿੰਘ, ਜਸਵੰਤ ਸਿੰਘ, ਕਮਲੇਸ਼ ਕੁਮਾਰ, ਮੱਘਰ ਸਿੰਘ, ਚੰਦ ਸਿੰਘ, ਮੱਖਣਜੀਤ, ਗੁਰਤੇਜ ਸਿੰਘ ਗਿੱਲ, ਨਾਇਬ ਸਿੰਘ, ਕੇਵਲ ਸਿੰਘ, ਚਮਕੌਰ ਸਿੰਘ, ਬਲਵਿੰਦਰ ਸਿੰਘ, ਰਸ਼ਪਾਲ ਸਿੰਘ, ਠਾਣਾ ਸਿੰਘ, ਦਰਸ਼ਨ ਸਿੰਘ, ਕੁਲਵੰਤ ਸਿੰਘ, ਸੰਤੋਖ ਸਿੰਘ, ਬਲਦੇਵ ਸਿੰਘ, ਮੋਹਣ ਸਿੰਘ, ਗੁਰਮੀਤ ਸਿੰਘ, ਮੰਗਲ ਪ੍ਰਕਾਸ਼, ਬਲਵੰਤ ਸਿੰਘ, ਸੁਖਦੇਵ ਸਿੰਘ ਸਮੇਤ ਹੋਰ ਪਟਵਾਰੀ ਅਤੇ ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਰਾਮ ਰੱਖਾ ਸਿੰਘ, ਮੁਲਖਰਾਜ, ਗੁਰਮੀਤ ਸਿੰਘ, ਗੁਰਨਾਮ ਸਿੰਘ, ਹਰਿੰਦਰਪਾਲ ਸਿੰਘ ਸਮੇਤ ਹੋਰ ਕਾਨੂੰਨਗੋ ਅਤੇ ਤਜਿੰਦਰ ਸਿੰਘ ਖਹਿਰਾ ਸੀਨੀਅਰ ਸਹਾਇਕ ਹਾਜ਼ਰ ਸਨ।