ਟਰੈਕਟਰ ਮਾਰਚ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ
ਕੇਂਦਰ ਸਰਕਾਰ ਦੀਆਂ
Publish Date: Fri, 23 Jan 2026 04:08 PM (IST)
Updated Date: Sat, 24 Jan 2026 04:00 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਕਿਸਾਨੀ ਸੰਘਰਸ਼ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਮੁੱਕਰਨ ਦੇ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਐਸਕੇਐਮ ਵੱਲੋਂ 26 ਜਨਵਰੀ ਨੂੰ ਸਮੁੱਚੇ ਜ਼ਿਲ੍ਹੇ ਵਿਚ ਵਿਸ਼ਾਲ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅੱਜ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਬੀਕੇਯੂ ਰਾਜੇਵਾਲ ਦੇ ਆਗੂ ਗੁਰਬੀਰ ਸਿੰਘ ਕੋਟਈਸੇਖਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਬੀਕੇਯੂ ਲੱਖੋਵਾਲ, ਗੁਰਮੀਤ ਸਿੰਘ ਕਿਸ਼ਨਪੁਰਾ ਜਨਰਲ ਸਕੱਤਰ ਬੀਕੇਯੂ ਏਕਤਾ ਉਗਰਾਹਾਂ, ਕਸ਼ਮੀਰਾ ਸਿੰਘ ਭੇਖਾ ਜ਼ਿਲ੍ਹਾ ਮੀਤ ਪ੍ਰਧਾਨ ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਪ੍ਰਗਟ ਸਿੰਘ ਸਾਫੂਵਾਲਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਅਤੇ ਗੁਰਭੇਜ ਸਿੰਘ ਜਨਰਲ ਸਕੱਤਰ ਕੌਮੀ ਕਿਸਾਨ ਯੂਨੀਅਨ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਵਿਚਾਰ ਸਾਂਝੇ ਕਰਦਿਆਂ ਮੀਡੀਆ ਨੂੰ ਦੱਸਿਆ ਕਿ ਕੇਂਦਰ ਸਰਕਾਰ ਕਿਸਾਨੀ ਸੰਘਰਸ਼ ਸਮੇਂ ਕੀਤੇ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਖਾਸ ਕਰਕੇ ਐਮਐਸਪੀ ਨੂੰ ਕਾਨੂੰਨੀ ਗਰੰਟੀ ਦੇਣ ਅਤੇ ਹੋਰ ਕਿਸਾਨੀ ਹੱਕਾਂ ਸਬੰਧੀ ਮੰਗਾਂ ਅਜੇ ਤੱਕ ਅਧੂਰੀਆਂ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੀ ਦਿਸ਼ਾਨਿਰਦੇਸ਼ਾਂ ਅਨੁਸਾਰ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਮੋਗਾ ਜ਼ਿਲ੍ਹੇ ਦੇ ਹਰ ਹਿੱਸੇ ਵਿਚ ਕੀਤੀ ਜਾਵੇਗੀ। ਇਸ ਮੌਕੇ ਵੱਖਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਪਰੇਡ ਦੀ ਤਿਆਰੀ ਲਈ ਆਪਣੀਆਂ ਆਪਣੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਤਾਂ ਜੋ ਇਹ ਪ੍ਰੋਗਰਾਮ ਪੂਰੇ ਅਨੁਸ਼ਾਸਨ ਅਤੇ ਸ਼ਾਂਤੀਪੂਰਨ ਢੰਗ ਨਾਲ ਸਫ਼ਲ ਬਣਾਇਆ ਜਾ ਸਕੇ। ਆਗੂਆਂ ਨੇ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪਰੇਡ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਇਸ ਸਮੇਂ ਗੁਰਮੇਲ ਸਿੰਘ ਡਰੋਲੀ ਬਲਾਕ ਪ੍ਰਧਾਨ ਬੀਕੇਯੂ ਲੱਖੋਵਾਲ, ਸੁਖਮੰਦਰ ਸਿੰਘ ਭੇਖਾ ਅਤੇ ਮੇਜਰ ਸਿੰਘ ਡਰੋਲੀ ਆਦਿ ਵੀ ਹਾਜ਼ਰ ਸਨ।