
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਸਡੀ ਕਾਲਜ ਫਾਰ ਵੂਮੈਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਸਡੀ ਕਾਲਜ ਫਾਰ ਵੂਮੈਨ ਮੋਗਾ ਵਿਖੇ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਜਾਰੀ ਪੱਤਰ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1947 ਦੀ ਵੰਡ ਦੇ ਯਾਦਗਾਰੀ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸਮਾਗਮ ਦਾ ਮੁੱਖ ਉਦੇਸ਼ 1947 ਦੀ ਵੰਡ ਦੌਰਾਨ ਵਾਪਰੇ ਦੁਖਾਂਤ ਨੂੰ ਯਾਦ ਕਰਨਾ, ਉਸ ਸਮੇਂ ਜਾਨਾਂ ਗੁਆਉਣ ਵਾਲੇ ਅਤੇ ਆਪਣੇ ਘਰ ਬਾਰ ਤੋਂ ਵਿਛੜੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸਕ ਘਟਨਾਵਾਂ ਤੋਂ ਜਾਣੂੰ ਕਰਵਾਉਣਾ ਸੀ। ਕਾਲਜ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ 1947 ਦੀ ਵੰਡ ਦੇ ਦਰਦਨਾਕ ਇਤਿਹਾਸ ਨੂੰ ਯਾਦ ਕੀਤਾ। ਪ੍ਰਿੰਸੀਪਲ ਨੇ ਕਿਹਾ ਕਿ ਵੰਡ ਮਨੁੱਖੀ ਇਤਿਹਾਸ ਦੀ ਇਕ ਬਹੁਤ ਹੀ ਦੁਖਦਾਈ ਘਟਨਾ ਸੀ, ਜਿਸ ਨੇ ਲੱਖਾਂ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰਾ, ਸਦਭਾਵਨਾ, ਸ਼ਾਂਤੀ ਅਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਕਨਵੀਨਰ ਡਾ. ਪਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ 1947 ਦੀ ਵੰਡ ਦੀ ਤ੍ਰਾਸਦੀ, ਮਨੁੱਖੀ ਦੁੱਖਾਂ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ । ਹਿਸਟਰੀ ਵਿਭਾਗ ਦੇ ਮੁਖੀ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ 1947 ਦੀ ਵੰਡ ਦੇ ਇਤਿਹਾਸਕ ਪਿਛੋਕੜ, ਇਸ ਦੇ ਕਾਰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੋਸਟਰ ਮੇਕਿੰਗ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲਿਆ ਗਿਆ। ਵਿਦਿਆਰਥੀਆਂ ਨੂੰ ‘ਪਿੰਜਰ’ ਫ਼ਿਲਮ ਦਿਖਾਈ ਗਈ, ਜਿਸ ਰਾਹੀਂ ਵੰਡ ਸਮੇਂ ਲੋਕਾਂ ਵੱਲੋਂਹੰਢਾਏ ਗਏ ਦਰਦ ਅਤੇ ਵਿਛੋੜੇ ਨੂੰ ਸਮਝਣ ਦਾ ਮੌਕਾ ਮਿਲਿਆ। ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਜਾਰੀ ਡਿਜੀਟਲ ਪ੍ਰਦਰਸ਼ਨੀ ਵੀ ਵਿਦਿਆਰਥੀਆਂ ਨੂੰ ਦਿਖਾਈ ਗਈ। ਵੰਡ ਦੇ ਸ਼ਹੀਦਾਂ ਅਤੇ ਪੀੜਤਾਂ ਦੀ ਯਾਦ ’ਚ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਇਲਾਵਾ ਕਾਲਜ ਤੋਂ ਸ਼ਹੀਦੀ ਪਾਰਕ ਮੋਗਾ ਤੱਕ ਕੈਂਡਲ ਮਾਰਚ ਕੱਢਿਆ ਗਿਆ। ਵਿਦਿਆਰਥੀਆਂ ਅਤੇ ਸਟਾਫ਼ ਨੇ ਮੋਮਬੱਤੀਆਂ ਜਗਾ ਕੇ ਵੰਡ ਦੌਰਾਨ ਵਿਛੜੇ ਅਤੇ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਵਿਦਿਆਰਥੀਆਂ ਨੇ ‘ਮਾਈ ਭਾਰਤ’ ਪੋਰਟਲ ’ਤੇ ਆਯੋਜਿਤ ਨੈਸ਼ਨਲ ਕੁਇਜ਼ ਮੁਕਾਬਲੇ ਵਿਚ ਵੀ ਉਤਸ਼ਾਹ ਨਾਲ ਹਿੱਸਾ ਲਿਆ। ਸਮੁੱਚੀਆਂ ਗਤੀਵਿਧੀਆਂ ਨੇ ਵਿਦਿਆਰਥੀਆਂ ਵਿਚ ਇਤਿਹਾਸ ਪ੍ਰਤੀ ਜਾਗਰੂਕਤਾ, ਮਨੁੱਖੀ ਸੰਵੇਦਨਾ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਵੱਖ-ਵੱਖ ਗਤੀਵਿਧੀਆਂ ਦੇ ਆਯੋਜਨ ਵਿਚ ਲੈਫ਼ਟੀਨੈਂਟ ਰਮਨਪ੍ਰੀਤ ਕੌਰ, ਸਹਾਇਕ ਪ੍ਰੋਫੈਸਰ ਮਨਦੀਪ ਸ਼ਰਮਾ, ਭਾਗਿਆਸ਼੍ਰੀ, ਊਸ਼ਾ ਰਾਣੀ ਅਤੇ ਰਿਸ਼ੂਪਾਲ ਨੇ ਅਹਿਮ ਯੋਗਦਾਨ ਪਾਇਆ ।