- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਮੌਕੇ ਮੋਗਾ ਸ਼ਹਿਰ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਪਵਿੱਤਰ ਮੌਕੇ ’ਤੇ ਮੰਦਰ ਮਾਤਾ ਸ਼ੇਰਾਂਵਾਲੀ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਅਤੇ ਨਗਰ ਨਿਗਮ ਮੋਗਾ ਦੀ ਮੇਅਰ ਵੀਰਪਾਲ ਕੌਰ ਵਿਸ਼ੇਸ਼ ਤੌਰ ’ਤੇ ਮੰਦਰ ਪਹੁੰਚੀਆਂ। ਉਨ੍ਹਾਂ ਨੇ ਮੰਦਰ ਵਿਚ ਮੱਥਾ ਟੇਕ ਕੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਕੀਤੀ ਅਤੇ ਸਰਬੱਤ ਦੇ ਭਲੇ, ਸ਼ਹਿਰ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਮੰਦਰ ਦੇ ਮੁੱਖ ਸੇਵਾਦਾਰ ਬੋਬੀ ਮਹੰਤ ਵੱਲੋਂ ਵਿਧਾਇਕ ਅਮਨਦੀਪ ਕੌਰ ਅਤੇ ਮੇਅਰ ਵੀਰਪਾਲ ਕੌਰ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਧਾਇਕ ਅਮਨਦੀਪ ਕੌਰ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਿੱਤੇ ਗਏ ਧਰਮ, ਸੱਚਾਈ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈ ਕੇ ਸਮਾਜ ਵਿਚ ਪਿਆਰ, ਭਾਈਚਾਰਾ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਮੇਅਰ ਵੀਰਪਾਲ ਕੌਰ ਨੇ ਵੀ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਆਪਸੀ ਪਿਆਰ ਅਤੇ ਏਕਤਾ ਨੂੰ ਵਧਾਇਆ ਜਾ ਸਕਦਾ ਹੈ। ਇਸ ਮੌਕੇ ਮੰਦਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਸੇਵਾਦਾਰਾਂ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ ਨਾਲ ਪੂਰਾ ਮੰਦਰ ਗੂੰਜ ਉੱਠਿਆ ਅਤੇ ਸ਼ਰਧਾਲੂਆਂ ਨੇ ਭਗਤੀ ਭਾਵਨਾ ਨਾਲ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ।