- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਘੱਲ ਕਲਾਂ ਅਤੇ ਆਸ-ਪਾਸ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਘੱਲ ਕਲਾਂ: ਪਿੰਡ ਘੱਲ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕਈ ਥਾਵਾਂ ’ਤੇ ਬਿਜਲੀ ਦੇ ਮੀਟਰਾਂ ਵਾਲੇ ਬਕਸਿਆਂ ਦੇ ਦਰਵਾਜ਼ੇ ਖੁੱਲ੍ਹੇ ਰਹਿਣ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੋ ਰਹੀ ਹੈ। ਖੁੱਲ੍ਹੇ ਬਿਜਲੀ ਬਕਸੇ ਜਿੱਥੇ ਆਮ ਲੋਕਾਂ ਲਈ ਖ਼ਤਰੇ ਦਾ ਕਾਰਨ ਬਣ ਸਕਦੇ ਹਨ, ਉੱਥੇ ਖ਼ਾਸ ਕਰਕੇ ਛੋਟੇ ਬੱਚਿਆਂ ਨਾਲ ਕਿਸੇ ਵੀ ਸਮੇਂ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਕਾਂਗਰਸੀ ਆਗੂ ਕੁਲਜਿੰਦਰ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸਾਰੇ ਖੁੱਲ੍ਹੇ ਬਿਜਲੀ ਮੀਟਰ ਬਕਸਿਆਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਬੰਦ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਦੇ ਖੁੱਲ੍ਹੇ ਬਕਸਿਆਂ ਦੇ ਨੇੜੇ ਲੋਕਾਂ ਦੀ ਆਵਾਜਾਈ ਰਹਿੰਦੀ ਹੈ ਅਤੇ ਬੱਚੇ ਅਕਸਰ ਖੇਡਦੇ ਹੋਏ ਇਨ੍ਹਾਂ ਦੇ ਨੇੜੇ ਪਹੁੰਚ ਜਾਂਦੇ ਹਨ, ਜਿਸ ਕਾਰਨ ਕਿਸੇ ਅਣਸੁਖਾਵੀਂ ਘਟਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਿਜਲੀ ਨਾਲ ਜੁੜੇ ਉਪਕਰਨਾਂ ਵਿਚ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ। ਇਸ ਲਈ ਹਾਦਸਾ ਵਾਪਰਨ ਦੀ ਉਡੀਕ ਕਰਨ ਦੀ ਬਜਾਏ ਪਹਿਲਾਂ ਹੀ ਸੁਰੱਖਿਆ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਸਬੰਧਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਲਾਕੇ ਦਾ ਸਰਵੇ ਕਰਵਾ ਕੇ ਜਿੱਥੇ ਵੀ ਮੀਟਰ ਬਕਸੇ ਖੁੱਲ੍ਹੇ ਜਾਂ ਖਰਾਬ ਹਾਲਤ ਵਿਚ ਹਨ, ਉਨ੍ਹਾਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਬਕਸਿਆਂ ਦੇ ਦਰਵਾਜ਼ਿਆਂ ਨੂੰ ਮਜ਼ਬੂਤ ਤਰੀਕੇ ਨਾਲ ਲਾਕ ਕੀਤਾ ਜਾਵੇ। ਕੁਲਜਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਧਿਕਾਰੀ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਲੈਂਦਿਆਂ ਜਲਦ ਕਾਰਵਾਈ ਕਰਨਗੇ ਤਾਂ ਜੋ ਭਵਿੱਖ ਵਿਚ ਕਿਸੇ ਤਰ੍ਹਾਂ ਦਾ ਹਾਦਸਾ ਨਾ ਵਾਪਰੇ।