ਸਵਰਨ ਗੁਲਾਟੀ, ਮੋਗਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂ, ਸਿਮਰਨਜੀਤ ਸਿੰਘ ਨੀਲੋ, ਸ਼ੇਰ ਸਿੰਘ ਖੰਨਾ, ਰਮਨਪ੍ਰਰੀਤ ਕੌਰ ਮਾਨ, ਪਵਨਦੀਪ ਸਿੰਘ, ਸੁਰਿੰਦਰ ਕੁਮਾਰ, ਜਸਪ੍ਰਰੀਤ ਸਿੰਘ ਗਗਨ, ਹਰਪਾਲ ਸਿੰਘ ਆਦਿ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਆਊਟਸੋਰਸ਼ਡ, ਇਨਲਿਸਟਮੈਂਟ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਆਦਿ ਕੈਟਾਗਰੀਆਂ ਰਾਹੀਂ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮ ਸਮੁੱਚੇ ਪੰਜਾਬ ਵਿਚ 15 ਅਗਸਤ ਦੇ ਦਿਨ ਨੂੰ ਵਿਰੋਧ ਦਿਵਸ ਵਜੋਂ ਮਨਾਉਣਗੇ।

ਇਸ ਦਿਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸਮੂਹ ਠੇਕਾ ਮੁਲਾਜ਼ਮ ਜ਼ਿਲ੍ਹਾ ਹੈੱਡ ਕੁਆਰਟਰਾਂ ਅਤੇ ਵੱਖ-ਵੱਖ ਥਾਵਾਂ 'ਤੇ ਵਿਸ਼ਾਲ ਇਕੱਠ ਕਰ ਕੇ ਰੈਲੀਆਂ ਕਰਨ ਉਪਰੰਤ ਕਾਲੇ ਝੰਡੇ ਲਹਿਰਾ ਕੇ ਅਤੇ ਕਾਲੇ ਚੌਲੇ ਪਾ ਕੇ ਸ਼ਹਿਰਾਂ ਅਤੇ ਕਸਬਿਆਂ ਵਿਚ ਰੋਸ ਪ੍ਰਦਰਸ਼ਨ ਕਰ ਕੇ ਸੂਬਾ ਅਤੇ ਕੇਂਦਰ ਸਰਕਾਰਾਂ ਦੇ ਕਾਰਪੋਰੇਟ ਘਰਾਣਿਆਂ-ਪੱਖੀ ਅਤੇ ਮਿਹਨਤਕਸ਼ ਕਿਸਾਨਾਂ-ਮਜ਼ਦੂਰਾਂ ਅਤੇ ਮੁਲਾਜ਼ਮਾਂ ਪ੍ਰਤੀ ਮਾੜੇ ਰਵੱਈਏ ਦੀ ਅਸਲੀਅਤ ਨੂੰ ਲੋਕਾਂ ਸਾਹਮਣੇ ਲਿਆਉਣਗੇ।