ਪਦਮਸ਼੍ਰੀ ਸ਼ੰਟੀ ਵੱਲੋਂ ਸਿਵਲ ਹਸਪਤਾਲ ਅਤੇ ਸਬ-ਜੇਲ੍ਹ ਦਾ ਕੀਤਾ ਨਿਰੀਖਣ ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ
Publish Date: Tue, 17 Nov 2026 05:38 PM (IST)
Updated Date: Wed, 18 Nov 2026 04:01 AM (IST)
ਮਰੀਜ਼ਾਂ ਅਤੇ ਕੈਦੀਆਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦਾ ਲਿਆ ਜਾਇਜ਼ਾ, ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਸਬੰਧੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ ਕੋਵਿਡ ਕਾਲ ਦੌਰਾਨ 4 ਹਜ਼ਾਰ ਤੋਂ ਵੱਧ ਲਾਵਾਰਿਸ ਅਤੇ ਕੋਰੋਨਾ ਪੀੜਤ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕਰਵਾ ਕੇ ਪੇਸ਼ ਕੀਤੀ ਸੀ ਮਨੁੱਖਤਾ ਦੀ ਮਿਸਾਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਪੰਜਾਬ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ਼੍ਰੀ ਸਨਮਾਨ ਨਾਲ ਸਨਮਾਨਿਤ ਸਮਾਜ ਸੇਵੀ ਜਤਿੰਦਰ ਸਿੰਘ ਸ਼ੰਟੀ ਨੇ ਆਪਣੇ ਮੋਗਾ ਦੌਰੇ ਦੌਰਾਨ ਸਿਵਲ ਹਸਪਤਾਲ ਅਤੇ ਸਬ-ਜੇਲ੍ਹ ਦਾ ਨਿਰੀਖਣ ਕਰਕੇ ਉੱਥੇ ਉਪਲਬਧ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿਚ ਇਲਾਜ ਅਧੀਨ ਮਰੀਜ਼ਾਂ ਅਤੇ ਸਬ-ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਹਰੇਕ ਵਿਅਕਤੀ ਨੂੰ ਸਨਮਾਨਜਨਕ ਸਹੂਲਤਾਂ ਮੁਹੱਈਆ ਕਰਵਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਮੋਗਾ ਜ਼ਿਲ੍ਹਾ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਦੀ ਮੈਂਬਰ ਭਾਵਨਾ ਬਾਂਸਲ ਦੇ ਵਿਸ਼ੇਸ਼ ਸੱਦੇ ’ਤੇ ਮੋਗਾ ਦਾ ਦੌਰਾ ਕੀਤਾ। ਇਸ ਮੌਕੇ ਸਥਾਨਕ ਹੋਟਲ ਰੋਜ਼ੇਲ ਵਿਖੇ ਇੱਕ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿੱਚ ਉਨ੍ਹਾਂ ਨੇ ਸ਼ਿਰਕਤ ਕੀਤੀ। ਹੋਟਲ ਪਹੁੰਚਣ ’ਤੇ ਡਾ. ਰਜਤ ਬਾਂਸਲ, ਭਾਵਨਾ ਬਾਂਸਲ ਅਤੇ ਉਨ੍ਹਾਂ ਦੇ ਪੁੱਤਰ ਪ੍ਰਣਵ ਬਾਂਸਲ ਵੱਲੋਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਸਮਾਜ ਅਤੇ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਮੋਗਾ ਦੇ ਸਿਵਲ ਹਸਪਤਾਲ ਦੇ ਨਿਰੀਖਣ ਦੌਰਾਨ ਜਤਿੰਦਰ ਸਿੰਘ ਸ਼ੰਟੀ ਨੇ ਸਿਹਤ ਸੇਵਾਵਾਂ, ਮਰੀਜ਼ਾਂ ਲਈ ਉਪਲਬਧ ਬੁਨਿਆਦੀ ਸਹੂਲਤਾਂ, ਇਲਾਜ ਪ੍ਰਬੰਧਾਂ ਅਤੇ ਹਸਪਤਾਲ ਵਿਚ ਸਫ਼ਾਈ ਸਮੇਤ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਮੋਗਾ ਦੀ ਸਬ-ਜੇਲ੍ਹ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਜੇਲ੍ਹ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਨਿਰੀਖਣ ਦੌਰਾਨ ਉਨ੍ਹਾਂ ਨੇ ਰਹਿਣ-ਸਹਿਣ, ਸਫ਼ਾਈ, ਸਿਹਤ ਸਹੂਲਤਾਂ ਅਤੇ ਕੈਦੀਆਂ ਨਾਲ ਕੀਤੇ ਜਾਣ ਵਾਲੇ ਵਿਵਹਾਰ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਸਜ਼ਾ ਕੱਟ ਰਹੇ ਜਾਂ ਨਿਆਂਇਕ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਵੀ ਬੇਹੱਦ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੇਸ਼ ਭਰ ਵਿਚ ਆਪਣੇ ਨਿਰਸਵਾਰਥ ਸਮਾਜ ਸੇਵੀ ਕਾਰਜਾਂ ਅਤੇ ਮਨੁੱਖਤਾ ਪ੍ਰਤੀ ਸਮਰਪਣ ਲਈ ਵਿਸ਼ੇਸ਼ ਪਛਾਣ ਰੱਖਦੇ ਹਨ। ਕੋਵਿਡ-19 ਮਹਾਂਮਾਰੀ ਦੇ ਬੇਹੱਦ ਮੁਸ਼ਕਲ ਦੌਰ ਦੌਰਾਨ ਜਦੋਂ ਲੋਕ ਸੰਕਰਮਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਵੀ ਅੱਗੇ ਆਉਣ ਤੋਂ ਡਰਦੇ ਸਨ, ਉਸ ਸਮੇਂ ਜਤਿੰਦਰ ਸਿੰਘ ਸ਼ੰਟੀ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਮਨੁੱਖਤਾ ਦੀ ਸੇਵਾ ਦਾ ਬੀੜਾ ਚੁੱਕਿਆ। ਉਨ੍ਹਾਂ ਨੇ ਮਹਾਂਮਾਰੀ ਦੌਰਾਨ 4,000 ਤੋਂ ਵੱਧ ਲਾਵਾਰਿਸ ਅਤੇ ਕੋਰੋਨਾ ਪੀੜਤ ਮ੍ਰਿਤਕਾਂ ਦਾ ਪੂਰੇ ਧਾਰਮਿਕ ਰੀਤੀ-ਰਿਵਾਜਾਂ ਅਤੇ ਸਨਮਾਨ ਨਾਲ ਅੰਤਿਮ ਸੰਸਕਾਰ ਕਰਵਾ ਕੇ ਮਨੁੱਖਤਾy ਦੀ ਇੱਕ ਅਨੋਖੀ ਮਿਸਾਲ ਪੇਸ਼ ਕੀਤੀ ਸੀ। ਉਨ੍ਹਾਂ ਦਾ ਇਹ ਯੋਗਦਾਨ ਸਮਾਜ ਲਈ ਪ੍ਰੇਰਨਾ ਸਰੋਤ ਬਣਿਆ ਅਤੇ ਉਨ੍ਹਾਂ ਨੂੰ ਦੇਸ਼ ਭਰ ਵਿੱਚ ਵਿਸ਼ੇਸ਼ ਪਛਾਣ ਦਿਵਾਈ। ਉਨ੍ਹਾਂ ਦੇ ਸਮਾਜ ਸੇਵੀ ਕਾਰਜਾਂ ਵਿੱਚ ਲੋੜਵੰਦਾਂ ਦੀ ਮਦਦ, ਬੇਸਹਾਰਾ ਲੋਕਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸੰਕਟ ਦੇ ਸਮੇਂ ਮਨੁੱਖਤਾ ਦੀ ਸੇਵਾ ਨੂੰ ਪਹਿਲ ਦੇਣਾ ਸ਼ਾਮਲ ਹੈ। ਇਸੇ ਕਾਰਨ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਉਨ੍ਹਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਸਮਾਗਮ ਦੇ ਅੰਤ ਵਿੱਚ ਡਾ. ਰਜਤ ਬਾਂਸਲ, ਭਾਵਨਾ ਬਾਂਸਲ ਅਤੇ ਪ੍ਰਣਵ ਬਾਂਸਲ ਨੇ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਦਾ ਮੋਗਾ ਆਉਣ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਬੇਸਹਾਰਾ ਵਰਗਾਂ ਲਈ ਉਨ੍ਹਾਂ ਦਾ ਸਮਰਪਣ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਦਾ ਮੋਗਾ ਦੌਰਾ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸਮਾਜ ਵਿਚ ਸੇਵਾ, ਸੰਵੇਦਨਾ ਅਤੇ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਰਿਹਾ।