- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਖੇਤੀਬਾੜੀ ਅਫ਼ਸਰ ਮੋਗਾ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਮੋਗਾ 1 ਡਾ. ਗੁਰਮਿੰਦਰ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮੋਗਾ-1 ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਇੰਚਾਰਜ ਸਤਵੀਰ ਕੌਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੱਥੂਵਾਲਾ ਜਦੀਦ ਵਿਖੇ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ, ਭਾਸ਼ਣ ਅਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਵਾਸਤੇ ਜਾਗਰੂਕਤਾ ਦੇ ਦੂਤ ਵਜੋਂ ਤਿਆਰ ਕਰਨਾ ਸੀ। ਮੈਥ ਮਿਸਟ੍ਰੈਸ ਅਮਨਦੀਪ ਬਾਵਾ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਬਹੁਤ ਨੁਕਸਾਨਦਾਇਕ ਹੈ। ਇਸ ਮੌਕੇ ਗੁਰਮਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਨੇ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪੇਂਟਿੰਗ, ਭਾਸ਼ਣ ਅਤੇ ਲੇਖ ਲਿਖਣ ਦੇ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਭਾਗ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।