- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਕਾਸ ਕਾਰਜਾਂ ਨੂੰ ਤਰਜੀਹ

ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਵਾਲੀ ਸਰਪੰਚ ਪਲਵਿੰਦਰ ਕੌਰ ਡਾਲਾ ਦੀ ਕਾਰਗੁਜ਼ਾਰੀ ਸ਼ਲਾਘਾਯੋਗ : ਹਰਪਾਲ ਸਿੰਘ ਚੀਮਾ
ਪੰਜਾਬੀ ਜਾਗਰਣ ਵੱਲੋਂ ਚੰਡੀਗੜ੍ਹ ਵਿਖੇ ‘ਰਤਨ ਪੰਜਾਬ ਦਾ’ ਐਵਾਰਡ ਨਾਲ ਕੀਤਾ ਸਨਮਾਨ
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਪਿੰਡ ਪੱਧਰ ’ਤੇ ਵਿਕਾਸ ਕਾਰਜਾਂ ਅਤੇ ਲੋਕ-ਸਹੂਲਤਾਂ ਨੂੰ ਤਰਜੀਹ ਦੇਣ ਲਈ ਸਰਪੰਚ ਪਲਵਿੰਦਰ ਕੌਰ ਔਲਖ ਡਾਲਾ ਨੂੰ ਪੰਜਾਬ ਭਰ ਵਿਚੋਂ ਪਹਿਲੀ ਸਰਪੰਚ ਵਜੋਂ ਵਿਸ਼ੇਸ਼ ਮਾਣ ਪ੍ਰਾਪਤ ਹੋਇਆ ਹੈ। ਪੰਜਾਬੀ ਜਾਗਰਣ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ ‘ਰਤਨ ਪੰਜਾਬ ਦਾ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਪੰਚ ਪਲਵਿੰਦਰ ਕੌਰ ਔਲਖ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਪੰਚਾਇਤਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਲਵਿੰਦਰ ਕੌਰ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਜੁੜੀਆਂ ਮੁੱਢਲੀਆਂ ਸਹੂਲਤਾਂ ਨੂੰ ਤਰਜੀਹ ਦੇਣਾ ਹੋਰਨਾਂ ਪੰਚਾਇਤਾਂ ਲਈ ਵੀ ਪ੍ਰੇਰਣਾ ਦਾ ਕਾਰਨ ਬਣ ਸਕਦਾ ਹੈ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਰਪੰਚ ਪਲਵਿੰਦਰ ਕੌਰ ਡਾਲਾ ਵਾਂਗ ਪਿੰਡ ਦੇ ਬੁਨਿਆਦੀ ਢਾਂਚੇ, ਸਫ਼ਾਈ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ ਅਤੇ ਹੋਰ ਲੋਕ-ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪਿੰਡਾਂ ਦੀਆਂ ਪੰਚਾਇਤਾਂ ਲੋਕਾਂ ਦੀਆਂ ਲੋੜਾਂ ਨੂੰ ਸਮਝ ਕੇ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦੀਆਂ ਹਨ ਤਾਂ ਇਸ ਦਾ ਸਿੱਧਾ ਲਾਭ ਪਿੰਡ ਵਾਸੀਆਂ ਨੂੰ ਮਿਲਦਾ ਹੈ। ਪੰਜਾਬ ਭਰ ’ਚੋਂ ਪਹਿਲੀ ਸਰਪੰਚ ਵਜੋਂ ਸਨਮਾਨ ਮਿਲਣ ’ਤੇ ਸਰਪੰਚ ਪਲਵਿੰਦਰ ਕੌਰ ਔਲਖ ਵਾਸੀ ਪਿੰਡ ਡਾਲਾ ਨੇ ਪੰਜਾਬੀ ਜਾਗਰਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਹੀਂ, ਸਗੋਂ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਮਾਣ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਜੋ ਭਰੋਸਾ ਉਨ੍ਹਾਂ ’ਤੇ ਪ੍ਰਗਟਾਇਆ ਹੈ, ਉਸ ’ਤੇ ਖਰਾ ਉਤਰਨ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।
ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਉਪਲਬਧ ਸਰੋਤਾਂ ਦੀ ਸਹੀ ਵਰਤੋਂ ਕਰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਨੂੰ ਪਹਿਲ ਦਿੱਤੀ ਜਾ ਰਹੀ ਹੈ। ਪਿੰਡ ਵਾਸੀਆਂ ਦੀਆਂ ਜ਼ਰੂਰਤਾਂ ਅਤੇ ਸਾਂਝੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਪੰਚਾਇਤ ਵੱਲੋਂ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪੰਜਾਬੀ ਜਾਗਰਣ ਵੱਲੋਂ ਕਰਵਾਏ ਗਏ ‘ਰਤਨ ਪੰਜਾਬ ਦਾ’ ਐਵਾਰਡ ਸਮਾਗਮ ਦੀ ਵੀ ਸ਼ਲਾਘਾ ਕੀਤੀ ਗਈ। ਹਾਜ਼ਰੀਨ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਨਾਲ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਮੰਚ ’ਤੇ ਸਨਮਾਨਿਤ ਕਰਨਾ ਇੱਕ ਸ਼ਲਾਘਾਯੋਗ ਉਪਰਾਲਾ ਹੈ।