ਬਲੂਮਿੰਗ ਬਡਜ਼ ਸਕੂਲ ’ਚ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਕੀਤਾ ਯਾਦ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ
Publish Date: Sun, 15 Nov 2026 03:38 PM (IST)
Updated Date: Sun, 15 Nov 2026 03:39 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਵੇਰ ਦੀ ਸਭਾ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬਾਲ ਦਿਵਸ ਨਾਲ ਸਬੰਧਤ ਚਾਰਟ ਅਤੇ ਲੇਖ ਪੇਸ਼ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਰ ਸਾਲ 14 ਨਵੰਬਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਦੀ ਯਾਦ ਵਿਚ ਬਾਲ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦਾ ਜਨਮ 14 ਨਵੰਬਰ 1889 ਨੂੰ ਇਲਾਹਾਬਾਦ ਵਿਖੇ ਹੋਇਆ ਸੀ। ਬੱਚਿਆਂ ਨਾਲ ਉਨ੍ਹਾਂ ਦੇ ਵਿਸ਼ੇਸ਼ ਪਿਆਰ ਕਾਰਨ ਬੱਚੇ ਉਨ੍ਹਾਂ ਨੂੰ ਪਿਆਰ ਨਾਲ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਅਤੇ ਰਾਸ਼ਟਰ ਦੇ ਨਿਰਮਾਤਾ ਮੰਨਦੇ ਸਨ। ਇਸ ਮੌਕੇ ਵਿਦਿਆਰਥੀ ਚਾਚਾ ਨਹਿਰੂ ਦੀ ਪਹਿਰਾਵੇ ਵਿਚ ਸਜ ਕੇ ਸਕੂਲ ਪਹੁੰਚੇ। ਨਰਸਰੀ ਤੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਪੰਡਿਤ ਨਹਿਰੂ ਜੀ ਦੇ ਜੀਵਨ ਅਤੇ ਬਾਲ ਦਿਵਸ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਉਪਰੰਤ ਸਕੂਲ ਦੇ ਖੇਡ ਮੈਦਾਨ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਫਨ ਗੇਮਜ਼ ਕਰਵਾਈਆਂ ਗਈਆਂ, ਜਿੰਨ੍ਹਾਂ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਇੱਕ ਮਹਾਨ ਲੇਖਕ, ਉੱਘੇ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਦੂਰਅੰਦੇਸ਼ੀ ਸੋਚ ਵਾਲੇ ਵਿਚਾਰਕ ਸਨ। ਉਨ੍ਹਾਂ ਕਿਹਾ ਕਿ ਬਾਲ ਦਿਵਸ ਬੱਚਿਆਂ ਦੀ ਪ੍ਰਤਿਭਾ, ਖੁਸ਼ੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਸਮਰਪਿਤ ਦਿਨ ਹੈ। ਇਸ ਦੌਰਾਨ ਚੇਅਰਪਰਸਨ ਕਮਲ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਡਿਤ ਨਹਿਰੂ ਜੀ ਨੂੰ ਸਿੱਖਿਆ ਦੇ ਖ਼ੇਤਰ ਵਿਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੇਸ਼ ਵਿਚ ਉੱਚ ਸਿੱਖਿਆ ਅਤੇ ਵਿਗਿਆਨਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਆਈਆਈਟੀ ਅਤੇ ਹੋਰ ਉੱਚ ਸਿੱਖਿਆ ਸੰਸਥਾਵਾਂ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ।