- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਖੇਡ ਵਿਭਾਗ ਵੱਲੋਂ

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਪੰਜਾਬ ਖੇਡ ਵਿਭਾਗ ਵੱਲੋਂ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-2’ ਤਹਿਤ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਦਿਵਿਆਂਗ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਦਾ ਆਯੋਜਨ 25 ਤੋਂ 28 ਨਵੰਬਰ 2026 ਤੱਕ ਲੁਧਿਆਣਾ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੈਰਾ ਖੇਡਾਂ ਤਹਿਤ ਪੈਰਾ-ਐਥਲੈਟਿਕਸ, ਪੈਰਾ-ਬੈਡਮਿੰਟਨ, ਪੈਰਾ-ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-19 ਅਤੇ ਓਪਨ ਵਰਗ (19 ਸਾਲ ਤੋਂ ਵੱਧ ਉਮਰ) ਦੇ ਯੋਗ ਖਿਡਾਰੀ ਭਾਗ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਪੈਰਾ ਖਿਡਾਰੀਆਂ ਦੀ ਕਲਾਸੀਫਿਕੇਸ਼ਨ 23 ਸਤੰਬਰ ਤੋਂ 12 ਨਵੰਬਰ 2026 ਤੱਕ ਸਮੂਹ ਜ਼ਿਲ੍ਹਾ ਖੇਡ ਦਫ਼ਤਰਾਂ ਵਿਖੇ ਕੀਤੀ ਜਾਵੇਗੀ। ਉਨ੍ਹਾਂ ਸਿੱਖਿਆ ਵਿਭਾਗ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਪੈਰਾ ਖਿਡਾਰੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੋਗ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਤਾਲਮੇਲ ਕਰਕੇ ਰਜਿਸਟ੍ਰੇਸ਼ਨ, ਕਲਾਸੀਫਿਕੇਸ਼ਨ ਅਤੇ ਖੇਡ ਮੁਕਾਬਲਿਆਂ ਸਬੰਧੀ ਲੋੜੀਂਦੀ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ। ਏਡੀਸੀ ਨੇ ਕਿਹਾ ਕਿ ਪੈਰਾ ਖੇਡਾਂ ਦਿਵਿਆਂਗ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਖੇਡ ਖੇਤਰ ਵਿੱਚ ਅੱਗੇ ਵਧਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਯੋਗ ਖਿਡਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਕੋਈ ਵੀ ਯੋਗ ਖਿਡਾਰੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਮੌਕੇ ਤੋਂ ਵਾਂਝਾ ਨਾ ਰਹੇ।