- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ

ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ ਨੇ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੇ ਹੌਂਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਰਾਜਵੰਤ ਸਿੰਘ ਮਾਹਲਾ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਚ ਅਜਿਹੀਆਂ ਹਿੰਸਕ ਘਟਨਾਵਾਂ ਦਾ ਵਾਪਰਨਾ ਬੇਹੱਦ ਚਿੰਤਾਜਨਕ ਹੈ। ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਦੇ ਮਨ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਲੈਣਾ ਇਕ ਗੰਭੀਰ ਅਪਰਾਧ ਹੈ ਅਤੇ ਅਜਿਹੇ ਮਾਮਲਿਆਂ ਵਿਚ ਕਾਨੂੰਨ ਅਨੁਸਾਰ ਤੁਰੰਤ ਤੇ ਨਿਰਪੱਖ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਲੰਮੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਨਸ਼ਾ ਤਸਕਰੀ ਨਾਲ ਜੁੜੇ ਅਪਰਾਧਾਂ ’ਤੇ ਕਾਬੂ ਪਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਪਰਾਧੀਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਵੇ ਤਾਂ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਦੀ ਹੈ। ਇਸ ਲਈ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਨੂੰਨ ਦਾ ਰਾਜ ਯਕੀਨੀ ਬਣਾਉਣਾ ਚਾਹੀਦਾ ਹੈ। ਰਾਜਵੰਤ ਸਿੰਘ ਮਾਹਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਵਿਚ ਨਸ਼ਾ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਮਾਮਲਿਆਂ ਵਿਚ ਜਵਾਬਦੇਹ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਲਿਆਉਣਾ ਹੀ ਇਸ ਦੁਖਦਾਈ ਘਟਨਾ ਸਬੰਧੀ ਨਿਆਂ ਪ੍ਰਕਿਰਿਆ ਦਾ ਮੁੱਖ ਉਦੇਸ਼ ਹੋਣਾ ਚਾਹੀਦਾ ਹੈ।