- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਜ਼ ਐਸੋ ਸੀਏਸ਼ਨ ਪਾਵਰਕਾਮ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਕੋ ਸਿਟੀ ਮੰਡਲ ਮੋਗਾ ਦੀ ਮਹੀਨਾਵਾਰ ਜਨਰਲ ਮੀਟਿੰਗ ਅੱਜ ਰੈਸਟ ਹਾਊਸ ਮੋਗਾ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਬਲੌਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕਰਦਿਆਂ ਮੌਜੂਦਾ ਸਮੇਂ ਦੌਰਾਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨਾਲ ਜੁੜੇ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਕੱਤਰ ਸਾਥੀ ਬਲਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪਾਵਰਕਾਮ ਦੇ ਐਪ੍ਰੈਂਟਿਸ ਲਾਈਨਮੈਨ ਆਪਣੀ ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਪਾਵਰਕਾਮ ਹੈੱਡ ਆਫ਼ਿਸ ਪਟਿਆਲਾ ਦੇ ਬਾਹਰ ਸ਼ਾਂਤਮਈ ਧਰਨਾ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ 5 ਜੂਨ 2026 ਨੂੰ ਧਰਨਾਕਾਰੀਆਂ ਉੱਪਰ ਪਟਿਆਲਾ ਪੁਲਿਸ ਵੱਲੋਂ ਕੀਤੇ ਗਏ ਬੇਰਹਿਮ ਲਾਠੀਚਾਰਜ ਨੇ ਲੋਕਤੰਤਰੀ ਹੱਕਾਂ ’ਤੇ ਸਿੱਧਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹੈ ਅਤੇ ਸੰਘਰਸ਼ ਕਰ ਰਹੇ ਲਾਈਨਮੈਨ ਸਾਥੀਆਂ ਨਾਲ ਪੂਰੀ ਏਕਤਾ ਅਤੇ ਹਮਾਇਤ ਦਾ ਪ੍ਰਗਟਾਵਾ ਕਰਦੀ ਹੈ। ਮੀਟਿੰਗ ਦੌਰਾਨ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਕੱਤਰ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤਾ ਡੀਏ ਅਤੇ ਉਸ ਦੇ ਬਕਾਏ ਦੀ ਅਦਾਇਗੀ 30 ਜੂਨ 2026 ਤੱਕ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਸਰਕਾਰ ਨੇ ਇਸ ਮਾਮਲੇ ’ਚ ਡਬਲ ਬੈਂਚ ਕੋਲ ਐੱਲਪੀਏ. ਦਾਇਰ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਰੁੱਧ ਇਕ ਸਬ-ਕਮੇਟੀ ਦੀ ਗੁਪਤ ਰਿਪੋਰਟ ਬੰਦ ਲਿਫ਼ਾਫ਼ੇ ’ਚ ਪੇਸ਼ ਕੀਤੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸਾਥੀ ਬਲੌਰ ਸਿੰਘ ਨੇ ਕਿਹਾ ਕਿ ਇਸ ਗੁਪਤ ਰਿਪੋਰਟ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੋਈ ਰਾਹਤ ਦੇਣ ਦੀ ਬਜਾਏ ਉਨ੍ਹਾਂ ਨੂੰ ਪਹਿਲਾਂ ਤੋਂ ਮਿਲ ਰਹੀਆਂ ਸਹੂਲਤਾਂ ’ਚ ਕਟੌਤੀ ਕਰਨ ਦੀ ਗੱਲ ਕੀਤੀ ਗਈ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਜੰਗੀਰ ਸਿੰਘ ਅਤੇ ਸਾਥੀ ਰਣਜੀਤ ਸਿੰਘ ਨੇ ਕਿਹਾ ਕਿ ਜੇਕਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਆਪਣੇ ਹੱਕ ਬਚਾਉਣੇ ਹਨ ਤਾਂ ਸਾਰੀਆਂ ਜਥੇਬੰਦੀਆਂ ਵੱਲੋਂ ਉਲੀਕੇ ਜਾ ਰਹੇ ਸੰਘਰਸ਼ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਆਉਣ ਵਾਲੇ ਮਹੀਨਿਆਂ ਲਈ ਸੰਘਰਸ਼ ਦੀ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਫਰੰਟ ਦੇ ਐਲਾਨੇ ਪ੍ਰੋਗਰਾਮ ਅਨੁਸਾਰ ਜੂਨ ਮਹੀਨੇ ਦੌਰਾਨ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ। ਜੁਲਾਈ ਅਤੇ ਅਗਸਤ ਮਹੀਨੇ ਵਿਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਘੜਾ-ਭੰਨ ਮੁਜ਼ਾਹਰੇ ਕੀਤੇ ਜਾਣਗੇ। ਇਸ ਤੋਂ ਬਾਅਦ ਸਤੰਬਰ ਮਹੀਨੇ ਵਿਚ ਜ਼ੋਨ ਪੱਧਰੀ ਧਰਨੇ ਲਗਾਏ ਜਾਣਗੇ ਜਦਕਿ ਅਕਤੂਬਰ ਮਹੀਨੇ ਵਿਚ ਸੂਬਾ ਪੱਧਰੀ ਵਿਸ਼ਾਲ ਧਰਨਾ ਦੇ ਕੇ ਸਰਕਾਰ ਉੱਤੇ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾਵੇਗਾ। ਸਾਥੀ ਰੇਸ਼ਮ ਸਿੰਘ, ਪ੍ਰਗਟ ਸਿੰਘ, ਜਗਰਾਜ ਸਿੰਘ, ਰਾਮ ਸਨੇਹੀ, ਸਵਰਨ ਸਿੰਘ ਅਤੇ ਸਵਿੰਦਰ ਸਿੰਘ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਮਹਿੰਗਾਈ ਭੱਤਾ, ਉਸ ਦਾ ਬਕਾਇਆ ਅਤੇ 2.59 ਦੇ ਫੈਕਟਰ ਅਨੁਸਾਰ ਪੈਨਸ਼ਨ ਵਿਚ ਸੋਧ ਵਰਗੀਆਂ ਮੰਗਾਂ ਪ੍ਰਾਪਤ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸੰਘਰਸ਼ ਦੇ ਹਰ ਪੜਾਅ ਵਿਚ ਪੂਰੇ ਜੋਸ਼ ਅਤੇ ਏਕਤਾ ਨਾਲ ਹਿੱਸਾ ਲੈਣਾ ਚਾਹੀਦਾ ਹੈ। ਮੀਟਿੰਗ ਵਿਚ ਪਿਆਰਾ ਸਿੰਘ, ਕੁਲਦੀਪ ਕੁਮਾਰ, ਤਰਸੇਮ ਲਾਲ, ਜਗਰਾਜ ਸਿੰਘ, ਪ੍ਰੀਤਮ ਸਿੰਘ, ਦਲੀਪ ਸਿੰਘ, ਮੈਡਮ ਛਿੰਦਰਪਾਲ ਕੌਰ ਸਮੇਤ ਵੱਡੀ ਗਿਣਤੀ ਵਿਚ ਫੈਮਿਲੀ ਪੈਨਸ਼ਨਰ ਅਤੇ ਹੋਰ ਸਾਥੀ ਵੀ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿਚ ਪੈਨਸ਼ਨਰਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ ਗਿਆ।