- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਕਿਹਾ ਕਿ 90 ਫ਼ੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਮਹਿਲਾਵਾਂ ਲਈ ਆਰਥਿਕ ਸਹਾਇਤਾ, ਨਹਿਰੀ ਸਿੰਚਾਈ ਦਾ ਵਿਸਥਾਰ, ਮੈਰਿਟ ਦੇ ਆਧਾਰ 'ਤੇ ਸਰਕਾਰੀ ਭਰਤੀਆਂ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਵਰਗੀਆਂ ਪਹਿਲਾਂ ਨਾਲ ਸੂਬੇ ਵਿੱਚ ਵੱਡਾ ਬਦਲਾਅ ਆਇਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਨੇ 2027 ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਮੋਗਾ ਦੇ ਪਿੰਡ ਚੜਿੱਕ ਵਿੱਚ ਕਰਵਾਏ ਲੋਕ ਮਿਲਣੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ 90 ਫ਼ੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਮਹਿਲਾਵਾਂ ਲਈ ਆਰਥਿਕ ਸਹਾਇਤਾ, ਨਹਿਰੀ ਸਿੰਚਾਈ ਦਾ ਵਿਸਥਾਰ, ਮੈਰਿਟ ਦੇ ਆਧਾਰ 'ਤੇ ਸਰਕਾਰੀ ਭਰਤੀਆਂ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਵਰਗੀਆਂ ਪਹਿਲਾਂ ਨਾਲ ਸੂਬੇ ਵਿੱਚ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਦੇ ਨਾਲ ਹੀ 100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ, ਜਿਸ ਨਾਲ ਸੂਬੇ ਵਿੱਚ ਇਨ੍ਹਾਂ ਦੀ ਗਿਣਤੀ 1090 ਹੋ ਗਈ ਹੈ।
ਵਿਰੋਧੀ ਧਿਰਾਂ 'ਤੇ ਸਿਆਸੀ ਨਿਸ਼ਾਨਾ
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਅਜਿਹੀ ਬਰਾਤ ਵਾਂਗ ਹਨ, ਜਿਸ ਦਾ ਲਾੜਾ ਹੀ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਈ ਧੜਿਆਂ ਵਿੱਚ ਵੰਡਿਆ ਹੋਇਆ ਹੈ ਅਤੇ ਕਾਂਗਰਸ ਦੇ ਆਗੂ ਵੀ ਇਕ-ਦੂਜੇ ਨਾਲ ਸਹਿਮਤ ਨਹੀਂ ਹਨ।
ਨਹਿਰੀ ਸਿੰਚਾਈ ਅਤੇ ਬਿਜਲੀ ਸਪਲਾਈ ਦੇ ਦਾਅਵੇ
ਭਗਵੰਤ ਮਾਨ ਨੇ ਕਿਹਾ ਕਿ 2022 ਵਿੱਚ ਸੂਬੇ ਵਿੱਚ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਜੋ ਹੁਣ 80 ਫ਼ੀਸਦੀ ਤੋਂ ਵੱਧ ਹੋ ਗਈ ਹੈ। ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ 14 ਹਜ਼ਾਰ ਕਿਲੋਮੀਟਰ ਪਾਈਪਲਾਈਨ ਅਤੇ ਵਾਟਰ ਕੋਰਸ ਬਣਾਏ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਿਨ ਵੇਲੇ ਲਗਾਤਾਰ ਅੱਠ ਘੰਟਿਆਂ ਤੋਂ ਵੱਧ ਬਿਜਲੀ ਮਿਲ ਰਹੀ ਹੈ। ਨਾਲ ਹੀ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।