- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੱਲੇਆਣਾ ਤੋਂ ਬੱਧਨੀ ਕਲਾਂ ਨੂੰ ਜੋੜਨ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੱਲੇਆਣਾ ਤੋਂ ਬੱਧਨੀ ਕਲਾਂ ਨੂੰ ਜੋੜਨ ਵਾਲੀ ਮੁੱਖ ਸੜਕ ਦੀ ਲੰਮੇ ਸਮੇਂ ਤੋਂ ਬਣੀ ਹੋਈ ਤਰਸਯੋਗ ਹਾਲਤ ਨੂੰ ਲੈ ਕੇ ਪਿੰਡ ਦੇ ਲੋਕਾਂ ਦਾ ਰੋਹ ਹੁਣ ਲਗਾਤਾਰ ਵਧਦਾ ਜਾ ਰਿਹਾ ਹੈ। ਸੜਕ ’ਤੇ ਥਾਂ-ਥਾਂ ਪਏ ਵੱਡੇ-ਵੱਡੇ ਟੋਏ, ਉੱਖੜੇ ਹੋਏ ਵੱਟੇ ਅਤੇ ਬੇਤਰਤੀਬ ਆਵਾਜਾਈ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਸੜਕ ਇਲਾਕੇ ਦੇ ਕਈ ਪਿੰਡਾਂ ਨੂੰ ਆਪਸ ਵਿਚ ਜੋੜਦੀ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਇਸ ਰਸਤੇ ਰਾਹੀਂ ਆਉਂਦੇ-ਜਾਂਦੇ ਹਨ, ਪਰ ਸੜਕ ਦੀ ਖਸਤਾ ਹਾਲਤ ਵੱਲ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕ ਦੀ ਹਾਲਤ ਇੰਨੀ ਖਰਾਬ ਹੋ ਚੁੱਕੀ ਹੈ ਕਿ ਵਾਹਨ ਚਲਾਉਣਾ ਵੀ ਖਤਰੇ ਤੋਂ ਖਾਲੀ ਨਹੀਂ। ਸੜਕ ’ਤੇ ਬਣੇ ਡੂੰਘੇ ਟੋਇਆਂ ਕਾਰਨ ਵਾਹਨ ਚਾਲਕਾਂ ਨੂੰ ਅਚਾਨਕ ਬਰੇਕ ਲਗਾਉਣੀ ਪੈਂਦੀ ਹੈ, ਜਿਸ ਕਾਰਨ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਦੋਪਹੀਆ ਵਾਹਨ ਚਾਲਕਾਂ ਲਈ ਤਾਂ ਇਹ ਸੜਕ ਹੋਰ ਵੀ ਖਤਰਨਾਕ ਸਾਬਤ ਹੋ ਰਹੀ ਹੈ। ਲੋਕਾਂ ਨੇ ਦੱਸਿਆ ਕਿ ਰਾਤ ਸਮੇਂ ਸੜਕ ’ਤੇ ਪਏ ਟੋਏ ਸਾਫ਼ ਦਿਖਾਈ ਨਾ ਦੇਣ ਕਾਰਨ ਹਾਦਸਿਆਂ ਦਾ ਖ਼ਤਰਾ ਹੋਰ ਵੱਧ ਜਾਂਦਾ ਹੈ। ਲੋਕਾਂ ਮੁਤਾਬਕ ਸੜਕ ਦੀ ਹਾਲਤ ਹੋਰ ਵੀ ਚਿੰਤਾਜਨਕ ਬਣ ਗਈ ਹੈ। ਸੜਕ ਤੇ ਪਾਏ ਗਏ ਵੱਟੇ ਰਾਹਗੀਰਾਂ ਨੂੰ ਮੁਸ਼ਕਲ ਵਿਚ ਪਾ ਰਹੇ ਹਨ। ਇਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਸਕੂਲ ਜਾਣ ਵਾਲੇ ਵਿਦਿਆਰਥੀਆਂ, ਕਿਸਾਨਾਂ ਅਤੇ ਰੋਜ਼ਾਨਾ ਕੰਮ-ਕਾਰ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਪਿੰਡ ਵਾਸੀਆਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਮੱਲੇਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸਾਧੂ ਸਿੰਘ ਮੱਲੇਆਣਾ ਨੇ ਕਿਹਾ ਕਿ ਸੜਕ ਦੀ ਮੁਰੰਮਤ ਦੀ ਮੰਗ ਸਬੰਧੀ ਕਈ ਵਾਰ ਸਬੰਧਤ ਅਧਿਕਾਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸੜਕ ਦੀ ਮੁਰੰਮਤ ਲਈ ਸਿਰਫ਼ ਭਰੋਸੇ ਦੇਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਲੋਕਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸੜਕਾਂ ਆਮ ਲੋਕਾਂ ਦੀ ਮੁੱਢਲੀ ਸਹੂਲਤ ਹਨ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰ ਅਤੇ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਤਾਂ ਇਸ ਸੜਕ ਦੀ ਹਾਲਤ ਵੀ ਉਨ੍ਹਾਂ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੀ ਹੈ।