- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸ਼ਹਿਰ ਦੇ ਵਾਰਡ ਨੰਬਰ 9 ਅਧੀਨ

- ਟੁੱਟੀਆਂ ਸੜਕਾਂ, ਬੰਦ ਸਟਰੀਟ ਲਾਈਟਾਂ, ਖੁੱਲ੍ਹੇ ਸੀਵਰੇਜ ਹੋਲ ਅਤੇ ਗੰਦਗੀ ਨੇ ਲੋਕਾਂ ਦਾ ਜੀਵਨ ਕੀਤਾ ਦੁੱਭਰ
- ਵਿਧਾਇਕ ਨੇ ਜਲਦੀ ਕਾਰਵਾਈ ਕਰਨ ਦਾ ਦਿੱਤਾ ਭਰੋਸਾ
ਵਕੀਲ ਮਹਿਰੋਂ, ਪੰਜਾਬੀ ਜਾਗਰਣ
ਮੋਗਾ : ਸ਼ਹਿਰ ਦੇ ਵਾਰਡ ਨੰਬਰ 9 ਅਧੀਨ ਪੈਂਦੇ ਇੰਦਰ ਸਿੰਘ ਗਿੱਲ ਨਗਰ ਦੇ ਵਸਨੀਕਾਂ ਨੇ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਆਪਣਾ ਗਹਿਰਾ ਰੋਸ ਜ਼ਾਹਿਰ ਕੀਤਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਨਰਕ ਤੋਂ ਵੀ ਬਦਤਰ ਹਾਲਾਤਾਂ ਵਿਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ ਪਰ ਨਾ ਤਾਂ ਪ੍ਰਸ਼ਾਸਨ ਨੇ ਅਤੇ ਨਾ ਹੀ ਸਬੰਧਿਤ ਵਿਭਾਗਾਂ ਨੇ ਉਨ੍ਹਾਂ ਦੀ ਸਾਰ ਲਈ ਹੈ।
ਇਸ ਮੌਕੇ ਮੁਹੱਲਾ ਵਾਸੀਆਂ ਦੀ ਅਗਵਾਈ ਕਰਦਿਆਂ ਬਲਕਰਨ ਮੋਗਾ ਨੇ ਦੱਸਿਆ ਕਿ ਇੰਦਰ ਸਿੰਘ ਗਿੱਲ ਨਗਰ ਦੇ ਲੋਕ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਡੀ ਅਤੇ ਗੰਭੀਰ ਸਮੱਸਿਆ ਪੀਣ ਵਾਲੇ ਪਾਣੀ ਦੀ ਹੈ। ਵਾਟਰ ਸਪਲਾਈ ਦੀਆਂ ਪਾਈਪਾਂ ਜਰਜਰ ਹੋਣ ਅਤੇ ਸੀਵਰੇਜ ਲਾਈਨਾਂ ਦੇ ਨੁਕਸਾਨ ਕਾਰਨ ਅਕਸਰ ਗੰਦਾ ਪਾਣੀ ਪੀਣ ਵਾਲੇ ਪਾਣੀ ਵਿਚ ਮਿਲ ਜਾਂਦਾ ਹੈ। ਇਸ ਕਾਰਨ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਹੋਣਾ ਪੈਂਦਾ ਹੈ, ਜਿਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਹੋਰ ਲੋਕਾਂ ਵਿਚ ਪੇਟ ਅਤੇ ਚਮੜੀ ਨਾਲ ਸਬੰਧਿਤ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਿਤ ਵਿਭਾਗਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਪਰ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਭਵਿੱਖ ਵਿਚ ਕੋਈ ਵੱਡਾ ਸਿਹਤ ਸੰਕਟ ਪੈਦਾ ਹੋ ਸਕਦਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਦੀਆਂ ਜ਼ਿਆਦਾਤਰ ਸੜਕਾਂ ਟੁੱਟੀਆਂ ਹੋਈਆਂ ਹਨ ਅਤੇ ਕਈ ਥਾਵਾਂ ’ਤੇ ਡੂੰਘੇ ਟੋਏ ਪਏ ਹਨ। ਬਾਰਿਸ਼ ਦੇ ਦਿਨਾਂ ਵਿਚ ਇਹ ਟੋਏ ਪਾਣੀ ਨਾਲ ਭਰ ਜਾਂਦੇ ਹਨ, ਜਿਸ ਕਾਰਨ ਰਾਹਗੀਰਾਂ ਅਤੇ ਦੋਪਹੀਆ ਵਾਹਨ ਚਾਲਕਾਂ ਲਈ ਆਵਾਜਾਈ ਕਰਨੀ ਬਹੁਤ ਮੁਸ਼ਕਿਲ ਹੋ ਜਾਂਦੀ ਹੈ। ਸਕੂਲ ਜਾਣ ਵਾਲੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਰੋਜ਼ਾਨਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਇਲਾਕੇ ਦੀਆਂ ਬਹੁਤੀਆਂ ਸਟਰੀਟ ਲਾਈਟਾਂ ਕਈ ਮਹੀਨਿਆਂ ਤੋਂ ਬੰਦ ਪਈਆਂ ਹਨ। ਰਾਤ ਦੇ ਸਮੇਂ ਹਨੇਰਾ ਹੋਣ ਕਾਰਨ ਚੋਰੀਆਂ, ਹਾਦਸਿਆਂ ਅਤੇ ਹੋਰ ਅਣਸੁਖਾਵੀਂ ਘਟਨਾਵਾਂ ਦਾ ਡਰ ਬਣਿਆ ਰਹਿੰਦਾ ਹੈ। ਔਰਤਾਂ ਅਤੇ ਬੱਚਿਆਂ ਨੂੰ ਸ਼ਾਮ ਤੋਂ ਬਾਅਦ ਘਰੋਂ ਬਾਹਰ ਨਿਕਲਣ ਵਿਚ ਅਸੁਰੱਖਿਆ ਮਹਿਸੂਸ ਹੁੰਦੀ ਹੈ।
ਲੋਕਾਂ ਨੇ ਦੱਸਿਆ ਕਿ ਕਈ ਥਾਵਾਂ ’ਤੇ ਸੀਵਰੇਜ ਦੇ ਮੈਨਹੋਲ ਖੁੱਲ੍ਹੇ ਪਏ ਹਨ, ਜਿਨ੍ਹਾਂ ’ਤੇ ਨਾ ਤਾਂ ਢੱਕਣ ਹਨ ਅਤੇ ਨਾ ਹੀ ਕੋਈ ਸੁਰੱਖਿਆ ਪ੍ਰਬੰਧ। ਇਹ ਖੁੱਲ੍ਹੇ ਮੈਨਹੋਲ ਹਰ ਵੇਲੇ ਕਿਸੇ ਵੱਡੇ ਹਾਦਸੇ ਨੂੰ ਸੱਦਾ ਦੇ ਰਹੇ ਹਨ। ਮੁਹੱਲਾ ਵਾਸੀਆਂ ਨੇ ਕਿਹਾ ਕਿ ਜੇਕਰ ਕਿਸੇ ਮਾਸੂਮ ਬੱਚੇ ਜਾਂ ਬਜ਼ੁਰਗ ਨਾਲ ਕੋਈ ਅਣਹੋਣੀ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਵਿਭਾਗਾਂ ਦੀ ਹੋਵੇਗੀ। ਮੁਹੱਲੇ ਦੀ ਸਫ਼ਾਈ ਵਿਵਸਥਾ ਵੀ ਲੋਕਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਕਈ ਥਾਵਾਂ ’ਤੇ ਗੰਦਗੀ ਦੇ ਢੇਰ ਲੱਗੇ ਰਹਿੰਦੇ ਹਨ, ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਬਦਬੂ ਫੈਲਦੀ ਹੈ ਅਤੇ ਮੱਛਰ-ਮੱਖੀਆਂ ਦੀ ਭਰਮਾਰ ਰਹਿੰਦੀ ਹੈ। ਇਸ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ। ਲੋਕਾਂ ਨੇ ਨਿਯਮਿਤ ਸਫ਼ਾਈ ਅਤੇ ਫੌਗਿੰਗ ਕਰਵਾਉਣ ਦੀ ਵੀ ਮੰਗ ਕੀਤੀ। ਮੁਹੱਲਾ ਵਾਸੀਆਂ ਨੇ ਨਿਰਵਿਘਨ ਬਿਜਲੀ ਸਪਲਾਈ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਵਾਰ-ਵਾਰ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਬਿਜਲੀ ਦੇ ਕੱਟਾਂ ਕਾਰਨ ਘਰੇਲੂ ਕੰਮਕਾਜ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਵਸਨੀਕਾਂ ਨੇ ਕਿਹਾ ਕਿ ਉਹ ਟੈਕਸ ਅਦਾ ਕਰਨ ਦੇ ਬਾਵਜੂਦ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ, ਜੋ ਕਿ ਬਹੁਤ ਹੀ ਦੁਖਦਾਈ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਇੰਦਰ ਸਿੰਘ ਗਿੱਲ ਨਗਰ ਨੂੰ ਵੀ ਸ਼ਹਿਰ ਦੇ ਹੋਰ ਇਲਾਕਿਆਂ ਵਾਂਗ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਆਖ਼ਰਕਾਰ ਇਲਾਕੇ ਦੇ ਲੋਕ ਇਕੱਠੇ ਹੋਏ ਅਤੇ ਆਪਣੀਆਂ ਮੰਗਾਂ ਸਬੰਧੀ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੰਗ ਪੱਤਰ ਪ੍ਰਾਪਤ ਕਰਦਿਆਂ ਮਹੱਲਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤੁਰੰਤ ਮੀਟਿੰਗ ਕਰਕੇ ਪਾਣੀ, ਸੀਵਰੇਜ, ਸੜਕਾਂ, ਸਟਰੀਟ ਲਾਈਟਾਂ, ਸਫ਼ਾਈ ਅਤੇ ਹੋਰ ਵਿਕਾਸ ਕਾਰਜਾਂ ਨੂੰ ਜਲਦੀ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਇਲਾਕੇ ਦੇ ਲੋਕਾਂ ਨੂੰ ਜਲਦੀ ਰਾਹਤ ਮਿਲੇ। ਮੁਹੱਲਾ ਵਾਸੀਆਂ ਨੇ ਉਮੀਦ ਜਤਾਈ ਕਿ ਇਸ ਵਾਰ ਉਨ੍ਹਾਂ ਦੀਆਂ ਸਮੱਸਿਆਵਾਂ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹਿਣਗੀਆਂ, ਸਗੋਂ ਜ਼ਮੀਨੀ ਪੱਧਰ ’ਤੇ ਵੀ ਕੰਮ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆਵਾਂ ਦਾ ਹੱਲ ਨਾ ਹੋਇਆ ਤਾਂ ਉਹ ਲੋਕਤੰਤਰਿਕ ਤਰੀਕੇ ਨਾਲ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਬਲਕਰਨ ਮੋਗਾ, ਗੁਰਸੇਵਕ ਸਿੰਘ ਸੰਨਿਆਸੀ, ਬੀਬੀ ਨਰਿੰਦਰ ਕੌਰ ਭੰਮ, ਹਰਪ੍ਰੀਤ ਸਿੰਘ ਭੰਮ, ਸ਼ਿਵਦੇਵ ਸਿੰਘ ਗੈਦੂ, ਲਛਮਣ ਸਿੰਘ ਢਿੱਲੋਂ, ਮੱਖਣ ਸਿੰਘ, ਰਮਨ, ਬੇਅੰਤ ਕੌਰ, ਬਲਜੀਤ ਕੌਰ, ਜਰਨੈਲ ਕੌਰ, ਸ਼ਿੰਦਰਪਾਲ ਕੌਰ, ਗੁਰਮੀਤ ਸਿੰਘ ਤਖਾਣਵੱਧ, ਰਣਜੀਤ ਪਾਲ, ਗੁਰਸੇਵਕ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਮਹੱਲਾ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਕਜੁੱਟ ਹੋ ਕੇ ਇਲਾਕੇ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਲਈ ਆਪਣੀ ਆਵਾਜ਼ ਬੁਲੰਦ ਕੀਤੀ।