- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਵਿਚ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਅਪਰਾਧਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਰੋਪੀਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਪੁਲਿਸ ਨੇ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਲੁਟੇਰਿਆਂ ਨੂੰ ਤੇਜਧਾਰ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਮੋਗਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਅਪਰਾਧਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਲਵਾਰ ਦੀ ਨੋਕ ’ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲੁੱਟਿਆ ਹੋਇਆ ਮੋਟਰਸਾਈਕਲ ਅਤੇ ਵਾਰਦਾਤ ਵਿਚ ਵਰਤੀ ਗਈ ਕ੍ਰਿਪਾਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂਦੱਸਿਆ ਕਿ ਬਾਲ ਕ੍ਰਿਸ਼ਨ ਸਿੰਗਲਾ ਐੱਸਪੀ (ਡੀ) ਮੋਗਾ ਦੀ ਸੁਪਰਵੀਜ਼ਨ ਅਤੇ ਜਤਿੰਦਰ ਸਿੰਘ ਗਿੱਲ ਡੀਐੱਸਪੀ ਸਿਟੀ ਮੋਗਾ ਦੀ ਅਗਵਾਈ ਹੇਠ ਇੰਸਪੈਕਟਰ ਵਰੁਣ ਮੁੱਖ ਅਫ਼ਸਰ ਥਾਣਾ ਸਿਟੀ । ਮੋਗਾ ਅਤੇ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਇਲਾਕੇ ਵਿਚ ਗਸ਼ਤ ਅਤੇ ਅਪਰਾਧਕ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਸੁਮਿਤ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਕੁਰੂਕਸ਼ੇਤਰ ਹਰਿਆਣਾ ਹਾਲ ਆਬਾਦ ਮੋਗਾ ਨੇ ਰਿਪੋਰਟ ਦਰਜ ਕਰਵਾਈ ਸੀ ਕਿ ਮਿਤੀ 27 ਮਈ 2026 ਨੂੰ ਜਦੋਂ ਉਹ ਆਪਣੀ ਡਿਊਟੀ ਖ਼ਤਮ ਕਰਕੇ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ ਤਾਂ ਟੈਂਕੀ ਵਾਲੀ ਗਲੀ ਮੋਗਾ ਨੇੜੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਕ੍ਰਿਪਾਨ ਦੀ ਨੋਕ ’ਤੇ ਉਸ ਦਾ ਮੋਟਰਸਾਈਕਲ ਖੋਹ ਲਿਆ ਸੀ। ਇਸ ਸਬੰਧੀ ਮੁਕੱਦਮਾ ਨੰਬਰ 126 ਮਿਤੀ 28 ਮਈ 2026 ਅਧੀਨ ਧਾਰਾ 304 ਬੀਐੱਨਐੱਸ ਥਾਣਾ ਸਿਟੀ 1 ਮੋਗਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ। ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਪਾਰਟੀ ਵੱਲੋਂ ਤਕਨੀਕੀ ਅਤੇ ਮਾਨਵੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਤਰਲੋਕ ਸਿੰਘ ਉਰਫ਼ ਬਾਬਾ, ਕੁਲਦੀਪ ਸਿੰਘ ਉਰਫ਼ ਕਾਲਾ ਅਤੇ ਜਸਕਰਨ ਸਿੰਘ ਉਰਫ਼ ਗਰੇਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਲੁੱਟਿਆ ਹੋਇਆ ਮੋਟਰਸਾਈਕਲ ਅਤੇ ਵਾਰਦਾਤ ਵਿਚ ਵਰਤੀ ਗਈ ਕ੍ਰਿਪਾਨ ਬਰਾਮਦ ਕੀਤੀ ਗਈ। ਇਸ ਸਬੰਧੀ ਬਰਾਮਦਗੀ ਨੂੰ ਕਬਜ਼ਾ ਪੁਲਿਸ ਵਿਚ ਲੈ ਕੇ ਮੁਕੱਦਮੇ ਵਿਚ ਸ਼ਾਮਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰੀਮਾਂਡ ਹਾਸਲ ਕੀਤਾ ਗਿਆ। ਅਰੋਪੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ ਕਿ ਉਹ ਪਹਿਲਾਂ ਹੋਰ ਕਿਹੜੀਆਂ ਅਪਰਾਧਕ ਵਾਰਦਾਤਾਂ ’ਚ ਸ਼ਾਮਲ ਰਹੇ ਹਨ। ਮੁਲਜ਼ਮਾਂ ਦੇ ਅਗਲੇ ਪਿਛਲੇ ਲਿੰਕਾਂ ਬਾਰੇ ਵੀ ਜਾਂਚ ਜਾਰੀ ਹੈ ਅਤੇ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।