- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਵਿਚ ਆਉਣ ਵਾਲੀਆਂ

ਜ਼ਿਲ੍ਹਾ ਪ੍ਰਧਾਨ ਖਾਈ ਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਕੀਤੀ ਮੀਟਿੰਗ
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ: ਮੋਗਾ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਕਾਂਗਰਸ ਪਾਰਟੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ। ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਅਤੇ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜਤਾਈ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਤੁਰੰਤ ਤੌਰ ’ਤੇ ਵਾਰਡਾਂ ਦੀ ਬਣਤਰ ਨਾਲ ਛੇੜਛਾੜ ਨਾ ਰੋਕੀ ਗਈ ਤਾਂ ਕਾਂਗਰਸ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕਰੇਗੀ। ਇਸ ਮੀਟਿੰਗ ਵਿਚ ਸਾਬਕਾ ਮੰਤਰੀ ਡਾ. ਮਲਤੀ ਥਾਪਰ, ਸਾਬਕਾ ਵਿਧਾਇਕਾ, ਪੀਸੀਸੀ ਮੈਂਬਰਾਂ, ਮੌਜੂਦਾ ਅਤੇ ਪੁਰਾਣੇ ਕੌਂਸਲਰਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਮਜ਼ਬੂਤ ਢੰਗ ਨਾਲ ਚੋਣ ਲੜਨ ਦਾ ਫ਼ੈਸਲਾ ਲਿਆ ਗਿਆ। ਕਾਂਗਰਸ ਆਗੂਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਵਾਰਡਾਂ ਵਿਚ ਪਾਰਟੀ ਦੇ ਮਜ਼ਬੂਤ ਕੌਂਸਲਰ ਹਨ ਜਾਂ ਜਿੱਥੇ ਕਾਂਗਰਸ ਨੂੰ ਵੱਡਾ ਲੋਕ ਸਮਰਥਨ ਮਿਲਦਾ ਹੈ, ਉਨ੍ਹਾਂ ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਵਿਚ ਜਾਣ-ਬੁੱਝ ਕੇ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਮੁਤਾਬਕ ਇਹ ਸਭ ਕੁੱਝ ਸਿਆਸੀ ਲਾਭ ਹਾਸਲ ਕਰਨ ਲਈ ਕੀਤਾ ਜਾ ਰਿਹਾ ਹੈ ਜੋ ਕਿ ਲੋਕਤੰਤਰਿਕ ਅਸੂਲਾਂ ਦੇ ਸਿੱਧੇ ਤੌਰ ’ਤੇ ਖ਼ਿਲਾਫ਼ ਹੈ। ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਵਾਰਡਾਂ ਦੀ ਹੱਦਬੰਦੀ ਇਕ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੁੰਦਾ ਹੈ, ਜਿਸ ਵਿਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਲਾਜ਼ਮੀ ਹੈ। ਉਨ੍ਹਾਂ ਕਿਹਾ ਲੋਕਾਂ ਦੇ ਵੋਟ ਦੇ ਅਧਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਕਬੂਲ ਨਹੀਂ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਕਾਂਗਰਸ ਸੜਕਾਂ ’ਤੇ ਉਤਰ ਕੇ ਤਿੱਖਾ ਸੰਘਰਸ਼ ਕਰੇਗੀ। ਇਸ ਮੌਕੇ ਮਾਲਵਿਕਾ ਸੂਦ ਅਤੇ ਡਾ. ਮਲਤੀ ਥਾਪਰ ਨੇ ਵੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਕਿਸੇ ਵੀ ਤਰ੍ਹਾਂ ਦੀ ਨਾਇਨਸਾਫ਼ੀ ਦੇ ਖ਼ਿਲਾਫ਼ ਡਟ ਕੇ ਖੜੀ ਰਹੇਗੀ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਾਂਗਰਸ ਆਗੂਆਂ ਨੇ ਕਿਹਾ ਕਿ ਰਿਜ਼ਰਵੇਸ਼ਨ ਪ੍ਰਕਿਰਿਆ ਵਿਚ ਵੀ ਗੰਭੀਰ ਗੜਬੜ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਵਾਰਡਾਂ ਵਿਚ ਕਾਂਗਰਸ ਦੇ ਮਜ਼ਬੂਤ ਉਮੀਦਵਾਰ ਮੌਜੂਦ ਸਨ, ਉਨ੍ਹਾਂ ਨੂੰ ਜਾਣਬੁੱਝ ਕੇ ਰਿਜ਼ਰਵ ਕਰ ਦਿੱਤਾ ਗਿਆ ਤਾਂ ਜੋ ਪਾਰਟੀ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਉਨ੍ਹਾਂ ਨੇ ਇਸ ਨੂੰ ਸਰਕਾਰ ਦੀ ਰਾਜਨੀਤਿਕ ਕਮਜ਼ੋਰੀ ਅਤੇ ਡਰ ਦਾ ਪ੍ਰਤੀਕ ਕਰਾਰ ਦਿੱਤਾ। ਇਸ ਦੇ ਨਾਲ ਹੀ ਕਾਂਗਰਸ ਆਗੂਆਂ ਨੇ ਭਰੋਸਾ ਜਤਾਇਆ ਕਿ ਮੋਗਾ ਵਿਚ ਪਾਰਟੀ ਦੀ ਪਕੜ ਮਜ਼ਬੂਤ ਹੈ ਅਤੇ ਲੋਕਾਂ ਦੇ ਵੱਡੇ ਸਹਿਯੋਗ ਨਾਲ ਇਸ ਵਾਰ ਨਗਰ ਨਿਗਮ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਵਾਰਡ ਵਿਚ ਟਿਕਟ ਲਈ ਕਈ ਉਮੀਦਵਾਰ ਦਾਅਵੇਦਾਰੀ ਕਰ ਰਹੇ ਹਨ, ਜੋ ਕਿ ਪਾਰਟੀ ਦੀ ਵਧ ਰਹੀ ਲੋਕਪ੍ਰਿਯਤਾ ਦਾ ਸਪਸ਼ਟ ਸਬੂਤ ਹੈ। ਟਿਕਟ ਵੰਡਣ ਦੀ ਪ੍ਰਕਿਰਿਆ ਬਾਰੇ ਵੀ ਪਾਰਟੀ ਨੇ ਵੱਡਾ ਐਲਾਨ ਕੀਤਾ। ਆਗੂਆਂ ਨੇ ਦੱਸਿਆ ਕਿ ਇਸ ਵਾਰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਆਂਪੂਰਨ ਪ੍ਰਣਾਲੀ ਅਪਣਾਈ ਜਾਵੇਗੀ। ਇਸ ਤਹਿਤ ਪਹਿਲਾਂ ਇਛੁਕ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਜਾਣਗੀਆਂ ਫਿਰ ਸਕ੍ਰੀਨਿੰਗ ਕਮੇਟੀ ਵੱਲੋਂ ਉਨ੍ਹਾਂ ਦੀ ਪਿਛੋਕੜ, ਜਨ ਅਧਾਰ ਅਤੇ ਯੋਗਤਾ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਉੱਚ ਪੱਧਰੀ ਕਮੇਟੀ ਅੰਤਿਮ ਫ਼ੈਸਲਾ ਲਵੇਗੀ। ਗੁੱਟਬਾਜ਼ੀ ਦੇ ਸਵਾਲ ’ਤੇ ਹਰੀ ਸਿੰਘ ਖਾਈ ਨੇ ਸਪਸ਼ਟ ਕੀਤਾ ਕਿ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਹਰ ਵਰਕਰ ਨੂੰ ਉਸ ਦੀ ਯੋਗਤਾ ਦੇ ਅਨੁਸਾਰ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਿਰਫ਼ ਚੋਣਾਂ ਜਿੱਤਣ ਲਈ ਨਹੀਂ, ਸਗੋਂ ਮੋਗਾ ਦੇ ਵਿਕਾਸ ਲਈ ਇਕ ਮਜ਼ਬੂਤ ਅਤੇ ਵਚਨਬੱਧ ਟੀਮ ਤਿਆਰ ਕਰ ਰਹੀ ਹੈ। ਅੰਤ ਵਿਚ ਕਾਂਗਰਸ ਆਗੂਆਂ ਨੇ ਇਕ ਸੁਰ ਵਿਚ ਕਿਹਾ ਕਿ ਵਾਰਡਾਂ ਦੀ ਹੱਦਬੰਦੀ ਅਤੇ ਰਿਜ਼ਰਵੇਸ਼ਨ ਵਿਚ ਪੂਰੀ ਪਾਰਦਰਸ਼ਤਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੇਕਰ ਕਿਸੇ ਵੀ ਤਰ੍ਹਾਂ ਦੀ ਗੜਬੜ ਸਾਹਮਣੇ ਆਈ ਤਾਂ ਕਾਂਗਰਸ ਹਰ ਮੰਚ ’ਤੇ ਇਸ ਦਾ ਡਟ ਕੇ ਵਿਰੋਧ ਕਰੇਗੀ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।