ਲੋਕਾਂ ਦੇ ਪੈਸਿਆਂ ਨਾਲ ਹੋਣ ਵਾਲੇ ਕੰਮਾਂ ਦਾ ਸਿਆਸੀ ਪ੍ਰਚਾਰ ਬੰਦ ਹੋਵੇ: ਜਥੇਦਾਰ ਬੂਟਾ ਸਿੰਘ ਭਾਰਤ ਦੁਨੀਆ ਦਾ ਸਭ
Publish Date: Tue, 21 Jul 2026 07:34 PM (IST)
Updated Date: Wed, 22 Jul 2026 04:10 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ: ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਪਰ ਦੁੱਖ ਦੀ ਗੱਲ ਹੈ ਕਿ ਅੱਜ ਲੋਕਤੰਤਰ ਦੀ ਭਾਵਨਾ ਨੂੰ ਪਿੱਛੇ ਛੱਡ ਕੇ ਜ਼ਿਆਦਾਤਰ ਸਿਆਸੀ ਪਾਰਟੀਆਂ ਆਪਣੇ ਪਾਰਟੀ ਹਿੱਤਾਂ ਨੂੰ ਪਹਿਲ ਦੇ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨਾਈਟਡ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਦੇਸ਼ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਤੇ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰਾਂ ਲੋਕਾਂ ਦੇ ਭਰੋਸੇ ਅਤੇ ਵੋਟਾਂ ਨਾਲ ਬਣਦੀਆਂ ਹਨ, ਇਸ ਲਈ ਉਨ੍ਹਾਂ ਦਾ ਪਹਿਲਾ ਫਰਜ਼ ਸਮੂਹ ਦੇਸ਼ ਵਾਸੀਆਂ ਦੀ ਭਲਾਈ ਕਰਨਾ ਹੈ, ਨਾ ਕਿ ਸਿਰਫ਼ ਆਪਣੀ ਪਾਰਟੀ ਦਾ ਪ੍ਰਚਾਰ ਕਰਨਾ। ਜਥੇਦਾਰ ਬੂਟਾ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਸਿੱਧੇ ਤੌਰ ’ਤੇ ਆਮ ਲੋਕਾਂ ਤੱਕ ਪਹੁੰਚਾਉਣ ਦੀ ਬਜਾਏ ਉਨ੍ਹਾਂ ਨੂੰ ਸਿਆਸੀ ਰੂਪ ਦੇ ਕੇ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦੇ ਟੈਕਸ ਅਤੇ ਜੀਐੱਸਟੀ ਦੇ ਪੈਸੇ ਨਾਲ ਚੱਲਣ ਵਾਲੀਆਂ ਯੋਜਨਾਵਾਂ ਨੂੰ ਕਿਸੇ ਇਕ ਪਾਰਟੀ ਦੀ ਪ੍ਰਾਪਤੀ ਵਜੋਂ ਦਰਸਾਇਆ ਜਾਂਦਾ ਹੈ, ਜਦੋਂਕਿ ਇਹ ਧਨ ਸਮੂਹ ਦੇਸ਼ ਦੇ ਲੋਕਾਂ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧ ਵਿਚ ਇਕ ਨਵੇਂ ਬਦਲ ਵਜੋਂ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਅੱਜ ਪੰਜਾਬ ਦੀ ਸਰਕਾਰ ਵੀ ਉਸੇ ਰਾਹ ’ਤੇ ਚੱਲਦੀ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿਚੋਂ ਕੀਤੇ ਜਾਣ ਵਾਲੇ ਹਰ ਕੰਮ ਦਾ ਸਿਹਰਾ ਸਿਰਫ਼ ਮੁੱਖ ਮੰਤਰੀ ਦੇ ਸਿਰ ਬੰਨ੍ਹਿਆ ਜਾਂਦਾ ਹੈ, ਜਦਕਿ ਇਹ ਸਾਰਾ ਕੰਮ ਲੋਕਾਂ ਦੇ ਪੈਸਿਆਂ ਨਾਲ ਕੀਤਾ ਜਾਂਦਾ ਹੈ। ਜਥੇਦਾਰ ਬੂਟਾ ਸਿੰਘ ਨੇ ਪੰਜਾਬ ਵਿਚ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਈ ਸ਼ਹਿਰਾਂ ਵਿਚ ਸਫ਼ਾਈ ਕਰਮਚਾਰੀ ਅਕਸਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲਾਂ ਤੇ ਰਹਿੰਦੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਗੰਭੀਰ ਕਦਮ ਨਹੀਂ ਚੁੱਕਦੀ। ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਬੋਲਦਿਆਂ ਜਥੇਦਾਰ ਬੂਟਾ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਲੋਕਾਂ ਦੇ ਪਰਸ, ਮੋਬਾਈਲ ਅਤੇ ਹੋਰ ਕੀਮਤੀ ਸਾਮਾਨ ਖੋਹਣ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ, ਜਿਸ ਨਾਲ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਦੀ ਰਾਖੀ ਕਰਨ ਵਾਲੇ ਅਧਿਕਾਰੀਆਂ ਉੱਤੇ ਹੀ ਸਵਾਲ ਖੜ੍ਹੇ ਹੋਣ ਲੱਗ ਪੈਣ ਤਾਂ ਇਹ ਬਹੁਤ ਹੀ ਚਿੰਤਾਜਨਕ ਸਥਿਤੀ ਹੈ। ਇਸ ਮੌਕੇ ਭਾਈ ਹਰਪ੍ਰੀਤ ਸਿੰਘ ਧੱਲੇਕੇ, ਬਲਜੀਤ ਸਿੰਘ ਅਕਾਲੀਆਂ ਵਾਲਾ, ਗੁਰਲਾਲ ਸਿੰਘ ਧਰਮਕੋਟ, ਜਥੇਦਾਰ ਕਰੋੜ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਧਾਨ ਮੋਗਾ, ਸਰਦਾਰ ਜੀਤ ਸਿੰਘ ਸਰਪੰਚ ਕੋਰੇਵਾਲਾ, ਗੁਰਪ੍ਰੀਤ ਸਿੰਘ ਧੱਲੇਕੇ ਸੰਮਤੀ ਮੈਂਬਰ, ਜਗਸੀਰ ਸਿੰਘ ਡਾਲਾ, ਪਰਮਜੀਤ ਸਿੰਘ ਧੱਲੇਕੇ ਅਤੇ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।