- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡਾਂ ਅਤੇ ਸ਼ਹਿਰਾਂ ਵਿਚ ਘਰੇਲੂ

ਵਕੀਲ ਮਹਿਰੋਂ, ਪੰਜਾਬੀ ਜਗਾਰਣ ਮੋਗਾ: ਪਿੰਡਾਂ ਅਤੇ ਸ਼ਹਿਰਾਂ ਵਿਚ ਘਰੇਲੂ ਬਿਜਲੀ ਸਪਲਾਈ ਦੀ ਮਾੜੀ ਵਿਵਸਥਾ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਵਿਭਾਗ ਵੱਲੋਂ ਦਿਨ-ਰਾਤ ਲਗਾਏ ਜਾ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਕਦੇ ਫਾਲਟ ਅਤੇ ਕਦੇ ਹੋਰ ਤਕਨੀਕੀ ਕਾਰਨਾਂ ਦਾ ਹਵਾਲਾ ਦੇ ਕੇ ਸਪਲਾਈ ਬੰਦ ਕਰ ਦਿੱਤੀ ਜਾਂਦੀ ਹੈ। ਜੇਕਰ ਕਿਸੇ ਖੇਤਰ ਵਿਚ ਕੋਈ ਤਕਨੀਕੀ ਨੁਕਸ ਪੈਦਾ ਹੁੰਦਾ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਨਾ ਵਿਭਾਗ ਦੀ ਜ਼ਿੰਮੇਵਾਰੀ ਹੈ ਪਰ ਤਕਨੀਕੀ ਖ਼ਰਾਬੀਆਂ ਦੇ ਨਾਂ ’ਤੇ ਲੋਕਾਂ ਨੂੰ ਘੰਟਿਆਂਬੱਧੀ ਬਿਜਲੀ ਤੋਂ ਵਾਂਝਾ ਰੱਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮੁਫ਼ਤ ਬਿਜਲੀ ਦੇ ਐਲਾਨ ਕਰਨ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋ ਸਕਦੀਆਂ, ਸਗੋਂ ਬਿਜਲੀ ਦੀ ਨਿਯਮਤ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਵੀ ਲਾਜ਼ਮੀ ਹੈ। ਅਖੀਰ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਘਰੇਲੂ ਬਿਜਲੀ ਸਪਲਾਈ ਨਿਰਵਿਘਨ ਕੀਤੀ ਜਾਵੇ। ਇਸ ਮੌਕੇ ਭੁਪਿੰਦਰ ਸਿੰਘ ਦੌਲਤਪੁਰਾ, ਭੁਪਿੰਦਰ ਸਿੰਘ ਮਹੇਸ਼ਰੀ, ਬਲਕਰਨ ਸਿੰਘ ਢਿੱਲੋਂ, ਜੀਤ ਸਿੰਘ ਬਰਾੜ ਅਤੇ ਕੁਲਵੰਤ ਸਿੰਘ ਮੋਗਾ ਆਦਿ ਹਾਜ਼ਰ ਸਨ।