- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਲਵਾਈ ਦੇ ਮੌਜੂਦਾ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਝੋਨੇ ਦੀ ਲਵਾਈ ਦੇ ਮੌਜੂਦਾ ਸੀਜ਼ਨ ਦੌਰਾਨ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਵਿਚ ਆ ਰਹੀਆਂ ਰੁਕਾਵਟਾਂ ਕਾਰਨ ਕਿਸਾਨ ਭਾਰੀ ਚਿੰਤਾ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਰੋਜ਼ਾਨਾ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ, ਤਾਂ ਜੋ ਝੋਨੇ ਦੀ ਲਵਾਈ ਅਤੇ ਸਿੰਚਾਈ ਦੇ ਕੰਮ ਬਿਨਾਂ ਰੁਕਾਵਟ ਜਾਰੀ ਰਹਿ ਸਕਣ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ ਅਤੇ ਦਫ਼ਤਰ ਇੰਚਾਰਜ ਹਰਮਨਪ੍ਰੀਤ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਇਸ ਵੇਲੇ ਝੋਨੇ ਦੀ ਲਵਾਈ ਪੂਰੇ ਜੋਰਾਂ ‘ਤੇ ਚੱਲ ਰਹੀ ਹੈ। ਕਿਸਾਨ ਦਿਨ-ਰਾਤ ਮਿਹਨਤ ਕਰਕੇ ਸਮੇਂ ਸਿਰ ਫ਼ਸਲ ਦੀ ਬਿਜਾਈ ਅਤੇ ਸਿੰਚਾਈ ਵਿਚ ਲੱਗੇ ਹੋਏ ਹਨ, ਪਰ ਲਗਾਤਾਰ ਲੱਗ ਰਹੇ ਬਿਜਲੀ ਕੱਟ ਉਨ੍ਹਾਂ ਲਈ ਵੱਡੀ ਮੁਸੀਬਤ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਲਈ ਦਿੱਤੀ ਜਾ ਰਹੀ ਬਿਜਲੀ ਵਿਚ ਅਣਐਲਾਨੇ ਅਤੇ ਲੰਬੇ ਸਮੇਂ ਦੇ ਕੱਟ ਲੱਗ ਰਹੇ ਹਨ, ਜਿਸ ਕਾਰਨ ਟਿਊਬਵੈੱਲ ਢੰਗ ਨਾਲ ਨਹੀਂ ਚੱਲ ਰਹੇ। ਇਸ ਨਾਲ ਖੇਤਾਂ ਵਿਚ ਪਾਣੀ ਦੀ ਕਮੀ ਪੈਦਾ ਹੋ ਰਹੀ ਹੈ ਅਤੇ ਝੋਨੇ ਦੀ ਲਵਾਈ ਪ੍ਰਭਾਵਿਤ ਹੋ ਰਹੀ ਹੈ। ਕਈ ਥਾਵਾਂ ‘ਤੇ ਕਿਸਾਨਾਂ ਨੂੰ ਰਾਤ ਦੇ ਅਜੀਬ ਸਮਿਆਂ ਵਿੱਚ ਬਿਜਲੀ ਮਿਲਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਨੀਂਦ ਛੱਡ ਕੇ ਖੇਤਾਂ ਵਿੱਚ ਡਿਊਟੀ ਦੇਣੀ ਪੈਂਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਸੈਕਟਰ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ, ਪਰ ਮੌਜੂਦਾ ਹਕੀਕਤ ਉਸ ਤੋਂ ਬਿਲਕੁਲ ਵੱਖਰੀ ਹੈ। ਬੀਕੇਯੂ ਲੱਖੋਵਾਲ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਨੂੰ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨਾ ਠੀਕ ਨਹੀਂ ਹੋਵੇਗਾ। ਯੂਨੀਅਨ ਨੇ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਬਿਜਲੀ ਸਪਲਾਈ ਪ੍ਰਣਾਲੀ ਵਿਚ ਸੁਧਾਰ ਕਰਕੇ 8 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਹਾਲਾਤ ਵਿਚ ਜਲਦੀ ਸੁਧਾਰ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਭਰ ਦੇ ਕਿਸਾਨਾਂ ਨੂੰ ਇਕੱਠਾ ਕਰਕੇ ਤਿੱਖਾ ਅਤੇ ਵਿਆਪਕ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਦੀ ਹੋਵੇਗੀ।