- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐੱਸਐੱਫ਼ਸੀ ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਆਈਸੀਐੱਸਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਦੇ 12ਵੀਂ ਜਮਾਤ ਦੇ ਵਿਦਿਆਰਥੀ ਪ੍ਰਭਜੋਤ ਸਿੰਘ ਨੇ ਨੈਸ਼ਨਲ ਪੱਧਰ ਦੇ ਪਾਵਰਲਿਫਟਿੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਭਜੋਤ ਸਿੰਘ ਨੇ ਛੱਤੀਸਗੜ੍ਹ ਦੇ ਖ਼ਾਲਸਾ ਪਬਲਿਕ ਸਕੂਲ ਦੁਰਗ ਵਿਖੇ ਕਰਵਾਏ ਗਏ ਪਾਵਰਲਿਫਟਿੰਗ ਸੀਨੀਅਰ ਨੈਸ਼ਨਲ ਫੈਡਰੇਸ਼ਨ ਕੱਪ ਇੰਡੀਆ ’ਚ ਭਾਗ ਲਿਆ। ਇਸ ਮੁਕਾਬਲੇ ਦੌਰਾਨ ਉਸ ਨੇ 66 ਕਿੱਲੋਗ੍ਰਾਮ ਭਾਰ ਵਰਗ ਵਿੱਚ ਆਪਣੀ ਤਾਕਤ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 520 ਕਿੱਲੋਗ੍ਰਾਮ ਭਾਰ ਚੁੱਕਿਆ। ਇਸ ਪ੍ਰਾਪਤੀ ਸਦਕਾ ਉਸ ਨੇ ਬੈਂਚ ਪ੍ਰੈੱਸ ’ਚ ਕਾਂਸੀ ਦਾ ਤਗਮਾ, ਡੈੱਡਲਿਫਟ ਵਿਚ ਕਾਂਸੀ ਦਾ ਤਗਮਾ ਅਤੇ ਓਵਰਆਲ ਮੁਕਾਬਲੇ ਵਿਚ ਵੀ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਲਈ ਉਸ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰਭਜੋਤ ਸਿੰਘ ਦੀ ਇਸ ਕਾਮਯਾਬੀ ਪਿੱਛੇ ਉਸ ਦੀ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦੇ ਨਾਲ-ਨਾਲ ਉਸ ਦੇ ਮਾਪਿਆਂ ਅਤੇ ਸਕੂਲ ਦੇ ਅਧਿਆਪਕਾਂ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਕੌਸ਼ਿਕ ਨੇ ਪ੍ਰਭਜੋਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਅਤੇ ਆਤਮ-ਸਨਮਾਨ ਵਧਦਾ ਹੈ। ਖੇਡਾਂ ਸਾਨੂੰ ਮਿਹਨਤ, ਅਨੁਸ਼ਾਸਨ ਅਤੇ ਟੀਚੇ ਪ੍ਰਤੀ ਸਮਰਪਣ ਦੀ ਭਾਵਨਾ ਸਿਖਾਉਂਦੀਆਂ ਹਨ ਅਤੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਸਕੂਲ ਦੇ ਸੀਐੱਮਡੀ ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਪ੍ਰਭਜੋਤ ਸਿੰਘ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਮਾਪਿਆਂ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ।