ਟੀਐੱਲਐੱਫ਼ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ
Publish Date: Mon, 23 Nov 2026 03:32 PM (IST)
Updated Date: Mon, 23 Nov 2026 03:34 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਮੋਗਾ ਵਿਖੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਗੁਰਬਾਣੀ ਅਤੇ ਰੂਹਾਨੀ ਰੰਗ ਵਿਚ ਰੰਗਿਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਸੰਕਲਪ ਲਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ, ਜੋ ਪੂਰੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਸਮਰਪਿਤ ਰਹੀ। ਇਸ ਦੌਰਾਨ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਸ਼ਬਦ ਕੀਰਤਨ ਪੇਸ਼ ਕੀਤਾ। ਰਸਭਿੰਨੀ ਗੁਰਬਾਣੀ ਅਤੇ ਸ਼ਬਦਾਂ ਨੇ ਸਮੁੱਚੇ ਸਕੂਲ ਕੈਂਪਸ ਨੂੰ ਰੂਹਾਨੀ ਮਾਹੌਲ ਨਾਲ ਭਰ ਦਿੱਤਾ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਆਪਣੇ ਵਿਚਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਤੇ ਚਾਨਣਾ ਪਾਇਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਵੱਲੋਂ ਦਿੱਤੇ ਤਿੰਨ ਮਹਾਨ ਸਿਧਾਂਤਾਂ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੂਰੀ ਦੁਨੀਆਂ ਨੂੰ ਪਿਆਰ, ਸ਼ਾਂਤੀ, ਬਰਾਬਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਰਸਤਾ ਦਿਖਾਇਆ। ਸਕੂਲ ਦੀ ਪ੍ਰਿੰਸੀਪਲ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਜੀਵਨ ਸਾਨੂੰ ਸੱਚਾਈ, ਇਮਾਨਦਾਰੀ, ਦਇਆ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਦਿੰਦਾ ਹੈ। ਅੰਤ ਵਿਚ ਸਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਪਿਆਰ, ਬਰਾਬਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ।