
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸਿੱਖਿਆ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਧਾਰਮਿਕ ਅਧਿਆਪਕ ਭਾਈ ਦਵਿੰਦਰਦੁਆਰ ਸਿੰਘ ਖ਼ਾਲਸਾ, ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿੱਚ ਸੁਖਮਨੀ ਸਾਹਿਬ ਦੇ ਜਾਪ ਕੀਤੇ। ਪ੍ਰਿੰਸੀਪਲ ਸੰਦੀਪ ਸਿੰਘ ਵੋਹਰਾ ਨੇ ਇਸ ਮੌਕੇ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗਜ ਜੀ ਦੇ ਆਦੇਸ਼ਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸਿੱਖਿਆ ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਵਿਦਿਅਕ ਅਦਾਰਿਆਂ ’ਚ ਅੱਜ ਬੰਦੀ ਸਿੰਘਾਂ ਦੀ ਰਿਹਾਈ ’ਤੇ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ਪਾਠਾਂ ਉਪਰੰਤ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਾਨੂੰਨ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ। ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਇਸ ਲਈ ਇਖ਼ਲਾਕੀ ਤੌਰ ’ਤੇ ਸਜ਼ਾ ਪੂਰੀ ਕਰ ਚੁੱਕੇ ਸਾਰੇ ਬੰਦੀ ਸਿੰਘ ਬਿਨ੍ਹਾਂ ਕਿਸੇ ਦੇਰੀ ਰਿਹਾਅ ਕੀਤੇ ਜਾਣੇ ਚਾਹੀਦੇ ਹਨ।