ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ ’ਤੇ
ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ
Publish Date: Mon, 16 Mar 2026 04:37 PM (IST)
Updated Date: Tue, 17 Mar 2026 04:04 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੈਂਪ ਆਰਏਐੱਮਪੀ ਸਕੀਮ ਅਧੀਨ 19 ਤੋਂ 21 ਮਾਰਚ 2026 ਤੱਕ ਜ਼ਿਲ੍ਹਾ ਪੱਧਰੀ ਪੰਜਾਬ ਸਖੀ ਸ਼ਕਤੀ ਮੇਲਾ ਸਰਕਾਰੀ ਆਈਟੀਆਈ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਦਾ ਹੋਵੇਗਾ। ਪ੍ਰਸਿੱਧ ਗਾਇਕ ਮੰਡੇਰ ਬਦ੍ਰਰਜ ਮੇਲੇ ਵਿਚ ਲੋਕਾਂ ਦਾ ਮਨੋਰੰਜਨ ਕਰਨਗੇ। ਇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਵੱਲੋਂ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿਹਾ ਕਿ ਮੇਲੇ ਵਿਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਰਸਾਉਣ ਦਾ ਸੁਨਹਿਰਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖ਼ਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੇਲੇ ਵਿਚ ਰੁਜ਼ਗਾਰ ਮੇਲਾ ਅਤੇ ਸਿਹਤ ਕੈਂਪ ਵੀ ਲਗਾਏ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਮਹਿਲਾਉਦਮੀਆਂ ਨੇ ਸਰਕਾਰ ਪਾਸੋਂ ਵਿੱਤੀ ਪ੍ਰੋਤਸਾਹਨ ਲੈ ਕੇ ਆਪਣੇ ਉਦਯੋਗ ਸਥਾਪਿਤ ਕੀਤੇ ਹਨ ਜਾਂ ਆਪਣੇ ਸਵੈ-ਰੁਜ਼ਗਾਰ ਚਲਾਏ ਹਨ, ਉਨ੍ਹਾਂ ਨੂੰ ਆਪਣੇ ਉਤਪਾਦਾਂ ਨੂੰ ਵੇਚਣ ਲਈ ਮੁਫ਼ਤ ਸਟਾਲਾਂ ਦਿੱਤੀਆਂ ਜਾਣਗੀਆਂ। ਮੇਲੇ ਵਿਚ ਜਿਹੜੀਆਂ ਮਹਿਲਾਵਾਂ ਵੱਲੋਂ ਵਧੀਆ ਕਾਰਗੁਜ਼ਾਰੀ/ਸਟਾਲ ਲਾਈ ਜਾਵੇਗੀ ਉਨ੍ਹਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਅ ਕੇ ਮੇਲੇ ਨੂੰ ਸਫ਼ਲ ਬਨਾਉਣ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਰਪੰਚਾਂ, ਮਿਉਂਸੀਪਲ ਕੌਂਸਲਾਂ, ਉਦਯੋਗਿਕ ਐਸੋਸੀਏਸ਼ਨਾਂ ਅਤੇ ਆਮ ਜਨਤਾ ਨੂੰ ਇਸ ਮੇਲੇ ਵਿਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।