ਮੁੱਖ ਮੰਤਰੀ ਅੱਜ ਕਰਨਗੇ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਜ਼ਿਲ੍ਹਾ ਮੋਗਾ ਦੇ ਪਿੰਡ ਨੱਥੂਵਾਲਾ
Publish Date: Wed, 25 Nov 2026 05:41 PM (IST)
Updated Date: Wed, 25 Nov 2026 05:43 PM (IST)
ਨੱਥੂਵਾਲਾ ਜਦੀਦ ’ਚ ਖੁਸ਼ਹਾਲ ਪੰਜਾਬ ਰੈਲੀ ਦੀ ਤਿਆਰੀ ਮੁਕੰਮਲ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਜ਼ਿਲ੍ਹਾ ਮੋਗਾ ਦੇ ਪਿੰਡ ਨੱਥੂਵਾਲਾ ਜਦੀਦ ਵਿਖੇ ਅੱਜ ਹੋਣ ਵਾਲੀ ਖੁਸ਼ਹਾਲ ਪੰਜਾਬ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਨਗੇ। ਇਸ ਸਮਾਗਮ ਵਿਚ ਇਕ ਲੱਖ ਤੋਂ ਵੱਧ ਲੋਕ ਸ਼ਾਮਲ ਹੋਣਗੇ। ਇਸ ਖੁਸ਼ਹਾਲ ਪੰਜਾਬ ਪੰਜਾਬ ਰੈਲੀ ‘ਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਾਮਲ ਹੋਣਗੇ। ਸਮਾਗਮ ਵਾਲੀ ਥਾਂ ਤੇ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਜਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਇਸ ਰਾਜ ਪੱਧਰੀ ਸਮਾਗਮ ਵਿਚ ਪੂਰੇ ਪੰਜਾਬ ਭਰ ਤੋਂ ਇਕ ਲੱਖ ਤੋਂ ਵਧੇਰੇ ਲੋਕ ਇਕੱੱਤ਼ਰ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਗਮ ਵਿਚ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕਰਨਗੇ। ਡੀਸੀ ਮੋਗਾ ਸਾਗਰ ਸੇਤੀਆ ਨੇ ਕਿਹਾ ਕਿ ਸਮਾਗਮ ਵਿਚ ਵੱਡੀ ਗਿਣਤੀ ‘ਚ ਲੋਕਾਂ ਦੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦਿਆਂ ਪਾਰਕਿੰਗ, ਆਵਾਜਾਈ, ਸੁਰੱਖਿਆ, ਪੀਣ ਵਾਲੇ ਪਾਣੀ, ਸਾਫ਼-ਸਫ਼ਾਈ ਅਤੇ ਬੈਠਣ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਟ੍ਰੈਫਿਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੇ ਲੋਕਾਂ, ਖਾਸ ਕਰਕੇ ਔਰਤਾਂ, ਬਜ਼ੁਰਗਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮਾਗਮ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਰ ਪੱਧਰ ਤੇ ਪ੍ਰਬੰਧ ਸੁਚਾਰੂ ਬਣਾਏ ਰੱਖੇ ਜਾਣ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦੌਰਾਨ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਰਾਸ਼ਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੋਰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਨੂੰ ਸੁਚਾਰੂ, ਸੁਰੱਖਿਅਤ ਅਤੇ ਯਾਦਗਾਰੀ ਬਣਾਉਣ ਲਈ ਹਰ ਸੰਭਵ ਪ੍ਰਬੰਧ ਕੀਤੇ ਗਏ ਹਨ।