ਪੰਜਾਬ ਬਚਾਓ ਰੈਲੀ ਦੀ ਤਿਆਰੀ ਜ਼ੋਰਾਂ ’ਤੇ : ਪਵਨ ਗੋਇਲ
ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਚ
Publish Date: Thu, 05 Mar 2026 04:14 PM (IST)
Updated Date: Fri, 06 Mar 2026 04:00 AM (IST)

ਪਵਨ ਗਰਗ ਪੰਜਾਬੀ ਜਾਗਰਣ, ਬਾਘਾਪੁਰਾਣਾ : ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਰੈਲੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਬਾਘਾਪੁਰਾਣਾ ਦੀ ਅਨਾਜ ਮੰਡੀ ਵਿਖ਼ੇ ਕਰਵਾਈ ਜਾ ਰਹੀ ਹੈ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਪਵਨ ਗੋਇਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨ ਵਰਗ ਵਿਚ ਰੈਲੀ ਪ੍ਰਤੀ ਖਾਸਾ ਜੋਸ਼ ਹੈ ਅਤੇ ਵੱਡੀ ਗਿਣਤੀ ਵਿਚ ਯੂਥ ਵਰਕਰ ਅਤੇ ਸੀਨੀਅਰ ਵਰਕਰ ਸ਼ਮੂਲੀਅਤ ਕਰਨ ਲਈ ਤਿਆਰ ਹਨ। ਪਵਨ ਗੋਇਲ ਨੇ ਕਿਹਾ ਕਿ ਪੰਜਾਬ ਬਚਾਓ ਰੈਲੀ ਦਾ ਮਕਸਦ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਲੋਕਾਂ ਸਾਹਮਣੇ ਰੱਖਣਾ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ, ਨੌਜਵਾਨਾਂ ਅਤੇ ਬੇਰੁਜਗਾਰਾਂ ਦੇ ਹੱਕਾਂ ਲਈ ਸੰਘਰਸ਼ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਲੜਾਈ ਜਾਰੀ ਰਹੇਗੀ। ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਵੱਲੋਂ ਵੀ ਵਰਕਰਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਰੈਲੀ ਸਥਾਨ ‘ਤੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਟਰਾਂਸਪੋਰਟ, ਬੈਠਕ ਵਿਵਸਥਾ ਅਤੇ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਾਰੇ ਸਹਿਭਾਗੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪਵਨ ਗੋਇਲ ਨੇ ਹਲਕੇ ਦੇ ਸਮੂਹ ਨੌਜਵਾਨਾਂ, ਮਹਿਲਾਵਾਂ ਅਤੇ ਸਿਆਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਕੇ ਰੈਲੀ ਨੂੰ ਕਾਮਯਾਬ ਬਣਾਉਣ। ਉਨ੍ਹਾਂ ਕਿਹਾ ਕਿ ਬਾਘਾਪੁਰਾਣਾ ਦੀ ਇਹ ਰੈਲੀ ਸੂਬੇ ਦੀ ਰਾਜਨੀਤੀ ਵਿਚ ਨਵਾਂ ਮੋੜ ਸਾਬਤ ਹੋਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨੀਤੀ ਅਤੇ ਦ੍ਰਿੜਤਾ ਨੂੰ ਲੋਕਾਂ ਤੱਕ ਪਹੁੰਚਾਏਗੀ। ਪਾਰਟੀ ਆਗੂਆਂ ਦਾ ਵਿਸ਼ਵਾਸ ਹੈ ਕਿ ਇਸ ਰੈਲੀ ਨਾਲ ਹਲਕੇ ਵਿਚ ਅਕਾਲੀ ਦਲ ਦੀ ਸੰਗਠਨਾਤਮਿਕ ਤਾਕਤ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤ ਬੁਨਿਆਦ ਤਿਆਰ ਹੋਵੇਗੀ। ਇਸ ਮੌਕੇ ’ਤੇ ਗੁਰਜੰਟ ਸਿੰਘ ਬਰਾੜ, ਆਤਮਾ ਸਿੰਘ ਬਰਾੜ,ਟੀਨੂੰ ਸਿੰਘ ਬਰਾੜ,ਪਰਮ ਸਿੰਘ ਬਰਾੜ ਆਦਿ ਹਾਜ਼ਰ ਸਨ।