ਝੁੱਗੀ ਵਾਲਿਆਂ ਦੇ ਸਾਲਾਨਾ ਸਮਾਗਮਾਂ ਲਈ ਤਿਆਰੀਆਂ ਜ਼ੋਰਾਂ 'ਤੇ ਪਿੰਡ ਦੋਲੇਵਾਲਾ ਮਾਇਰ ਵਿਖੇ ਸਥਿਤ
Publish Date: Mon, 16 Nov 2026 04:28 PM (IST)
Updated Date: Mon, 16 Nov 2026 04:30 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਪਿੰਡ ਦੋਲੇਵਾਲਾ ਮਾਇਰ ਵਿਖੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਤੇ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਆਰੰਭ ਕਰ ਦਿੱਤੀਆਂ ਗਈਆਂ ਹਨ। ਬਾਬਾ ਜੀ ਦੀ ਯਾਦ ਵਿੱਚ ਮਨਾਏ ਜਾਣ ਵਾਲੇ ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਨੌਜਵਾਨਾਂ ਅਤੇ ਸੇਵਾਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾ ਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਨੇ ਇਸ ਅਸਥਾਨ ਤੇ 28 ਸਾਲ ਮਹਾਨ ਤਪੱਸਿਆ ਕੀਤੀ। ਅੰਤ 4 ਦਸੰਬਰ 1974 ਨੂੰ ਸਵੇਰੇ 6 ਵੱਜ ਕੇ 32 ਮਿੰਟ ਤੇ ਜੋਤੀ ਜੋਤ ਸਮਾਏ ਸਨ। ਉਨ੍ਹਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਹਰ ਸਾਲ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਸਾਲਾਨਾ ਬਰਸੀ ਸਮਾਗਮ ਮਨਾਇਆ ਜਾਂਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਧਾਰਮਿਕ ਅਸਥਾਨ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ। ਇਸ ਵਾਰ ਵੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸੰਗਤ ਦੀ ਆਮਦ, ਸੇਵਾ-ਸੰਭਾਲ ਅਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸੇਵਾਦਾਰ ਗੱਜਣ ਸਿੰਘ, ਕੁਲਵਿੰਦਰ ਸਿੰਘ, ਸਰਪੰਚ ਇਕਬਾਲ ਸਿੰਘ, ਗਿਆਨੀ ਬਲਵੰਤ ਸਿੰਘ, ਬਾਬਾ ਲੱਖੀ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ ਸਿੱਧੂ, ਡਾ. ਬਾਜ ਸਿੰਘ ਅਤੇ ਸਰਪੰਚ ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਟਰਾਸਪੋਰਟ ਸਮੇਤ ਹੋਰ ਪਤਵੰਤੇ ਅਤੇ ਸੇਵਾਦਾਰ ਹਾਜ਼ਰ ਸਨ।