ਪਰਾਲੀ ਸਾੜਨ ਵਿਰੁੱਧ ਸਕੂਲਾਂ ਨੂੰ ਮੋਹਰੀ ਬਣਾਉਣ ਦੀ ਤਿਆਰੀ ਪਰਾਲੀ ਸਾੜਨ ਦੀ ਸਮੱਸਿਆ
Publish Date: Fri, 23 Oct 2026 04:46 PM (IST)
Updated Date: Fri, 23 Oct 2026 04:48 PM (IST)
ਜਗਮੀਤ ਸਿੰਘ ਪੰਜਾਬੀ ਜਾਗਰਣ ਫ਼ਰੀਦਕੋਟ: ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਹੁਣ ਸਕੂਲਾਂ ਰਾਹੀਂ ਕਿਸਾਨ ਪਰਿਵਾਰਾਂ ਅਤੇ ਪਿੰਡਾਂ ਤੱਕ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਉਦੇਸ਼ ਤਹਿਤ ਫ਼ਰੀਦਕੋਟ ਜ਼ਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਮੁਖੀਆਂ, ਪ੍ਰਿੰਸੀਪਲਾਂ ਤੇ ਇੰਚਾਰਜਾਂ ਲਈ ਪਰਾਲੀ ਅਤੇ ਖੇਤੀਬਾੜੀ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸ਼ੇਸ਼ ਜਾਗਰੂਕਤਾ ਵੈਬੀਨਾਰ ਕਰਵਾਇਆ ਗਿਆ। ਇਸ ਵਿੱਚ ਸਕੂਲਾਂ ਨੂੰ ਸਿੱਖਿਆ ਦੇ ਨਾਲ-ਨਾਲ ਵਾਤਾਵਰਣ ਸੰਭਾਲ ਦੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਰਾਹੁਲ ਚਾਬਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਜਨਾ ਕੌਸ਼ਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਸ ਵੈਬੀਨਾਰ ਦਾ ਮੁੱਖ ਮਕਸਦ ਵਿਦਿਆਰਥੀਆਂ ਰਾਹੀਂ ਪਰਾਲੀ ਨਾ ਸਾੜਨ ਦਾ ਸੁਨੇਹਾ ਘਰਾਂ ਤੱਕ ਪਹੁੰਚਾਉਣਾ ਅਤੇ ਕਿਸਾਨਾਂ ਨੂੰ ਇਸ ਦੇ ਬਦਲਵੇਂ ਪ੍ਰਬੰਧਾਂ ਬਾਰੇ ਜਾਗਰੂਕ ਕਰਨਾ ਸੀ। ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤੀ ’ਚ ਵਰਤਣ ’ਤੇ ਜ਼ੋਰ ਵੈਬੀਨਾਰ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਸਹਾਇਕ ਮੰਡੀਕਰਨ ਅਫ਼ਸਰ ਫ਼ਰੀਦਕੋਟ ਨੇ ਪਾਵਰਪੁਆਇੰਟ ਪੇਸ਼ਕਾਰੀ ਰਾਹੀਂ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਢੁੱਕਵੀਂ ਖੇਤੀ ਮਸ਼ੀਨਰੀ ਅਤੇ ਤਕਨੀਕਾਂ ਦੀ ਮਦਦ ਨਾਲ ਖੇਤਾਂ ਵਿੱਚ ਸੰਭਾਲਿਆ ਜਾਂ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ। ਇਸ ਨਾਲ ਮਿੱਟੀ ਦੇ ਜੈਵਿਕ ਪਦਾਰਥਾਂ ਅਤੇ ਪੌਸ਼ਟਿਕ ਤੱਤਾਂ ਦੀ ਸੰਭਾਲ ਵਿੱਚ ਮਦਦ ਮਿਲਦੀ ਹੈ ਅਤੇ ਮਿੱਟੀ ਦੀ ਨਮੀ ਬਰਕਰਾਰ ਰੱਖਣ ਦੀ ਸਮਰੱਥਾ ਤੇ ਉਪਜਾਊ ਸ਼ਕਤੀ ਨੂੰ ਲਾਭ ਹੋ ਸਕਦਾ ਹੈ। ਉਨ੍ਹਾਂ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਦੇ ਨੁਕਸਾਨਾਂ ਬਾਰੇ ਦੱਸਦਿਆਂ ਕਿਹਾ ਕਿ ਹਵਾ ਪ੍ਰਦੂਸ਼ਣ ਕਾਰਨ ਸਾਹ ਦੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਅੱਖਾਂ ਅਤੇ ਚਮੜੀ ਵਿੱਚ ਜਲਣ ਹੋਣ ਦੇ ਨਾਲ ਸੜਕਾਂ ’ਤੇ ਧੂੰਏਂ ਕਾਰਨ ਦਿੱਖ ਘਟਣ ਨਾਲ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਇਸ ਲਈ ਪਰਾਲੀ ਨਾ ਸਾੜਨਾ ਮਨੁੱਖੀ ਸਿਹਤ, ਵਾਤਾਵਰਣ ਅਤੇ ਖੇਤੀਬਾੜੀ ਦੀ ਲੰਬੇ ਸਮੇਂ ਦੀ ਸਥਿਰਤਾ ਲਈ ਅਹਿਮ ਹੈ। ਸਕੂਲਾਂ ’ਚ ਹੋਣਗੇ ਪੰਜ ਤਰ੍ਹਾਂ ਦੇ ਮੁਕਾਬਲੇ ਵੈਬੀਨਾਰ ਵਿੱਚ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਿੰਸੀਪਲ ਮਨਿੰਦਰ ਕੌਰ ਨੇ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਅੰਦਰ ਵਾਤਾਵਰਣ ਸੰਭਾਲ ਅਤੇ ਪਰਾਲੀ ਪ੍ਰਬੰਧਨ ਬਾਰੇ ਪੰਜ ਪ੍ਰਮੁੱਖ ਗਤੀਵਿਧੀਆਂ ਕਰਵਾਉਣ ਦੀ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚ ਨਾਅਰੇ ਲਿਖਣ, ਪੋਸਟਰ ਬਣਾਉਣ, ਲੇਖ ਲਿਖਣ, ਪ੍ਰਸ਼ਨੋਤਰੀ ਮੁਕਾਬਲੇ ਅਤੇ ਜਾਗਰੂਕਤਾ ਰੈਲੀਆਂ ਸ਼ਾਮਲ ਹਨ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਸ ਦੇ ਬਦਲਵੇਂ ਤਰੀਕਿਆਂ ਬਾਰੇ ਜਾਣੂ ਕਰਵਾਇਆ ਜਾਵੇਗਾ। ਵਿਦਿਆਰਥੀ ਆਪਣੇ ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਜਾਣਕਾਰੀ ਸਾਂਝੀ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨਗੇ। ਕੁਦਰਤ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ਵੈਬੀਨਾਰ ਦੌਰਾਨ ਗੁਰਬਾਣੀ ਦੀ ਪਾਵਨ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਹਵਾ, ਪਾਣੀ ਅਤੇ ਧਰਤੀ ਦੀ ਮਹੱਤਤਾ ਉਜਾਗਰ ਕੀਤੀ ਗਈ। ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦਾ ਸਾਂਝਾ ਫ਼ਰਜ਼ ਹੈ। ਵੈਬੀਨਾਰ ਰਾਹੀਂ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਗਈ ਕਿ ਜਾਗਰੂਕਤਾ ਦੀਆਂ ਗਤੀਵਿਧੀਆਂ ਨੂੰ ਸਕੂਲਾਂ ਤੱਕ ਸੀਮਤ ਨਾ ਰੱਖਿਆ ਜਾਵੇ, ਬਲਕਿ ਪਿੰਡਾਂ ਅਤੇ ਕਿਸਾਨ ਪਰਿਵਾਰਾਂ ਤੱਕ ਵੀ ਪਹੁੰਚਾਇਆ ਜਾਵੇ, ਤਾਂ ਜੋ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਕੇ ਸਾਫ਼ ਹਵਾ, ਸਿਹਤਮੰਦ ਮਿੱਟੀ ਅਤੇ ਬਿਹਤਰ ਭਵਿੱਖ ਦੀ ਸਿਰਜਣਾ ਕੀਤੀ ਜਾ ਸਕੇ।