ਹਰਿੰਦਰ ਭੱਲਾ, ਬਾਘਾਪੁਰਾਣਾ : ਹਾਲ ਹੀ 'ਚ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਸੋਮਵਾਰ ਨੂੰ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਬਾਘਾਪੁਰਾਣਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਕੀਤੇ ਸਾਰੇ ਵਾਅਦੇ ਲਾਰਿਆਂ ਦੇ ਰੂਪ ਵਿੱਚ ਸਾਬਤ ਹੋਏ ਹਨ। ਘਰ ਘਰ ਨੌਕਰੀ ਦੇਣ ਵਾਲੀ ਕੈਪਟਨ ਸਰਕਾਰ ਰੁਜਗਾਰ ਦੇਣ ਦੀ ਬਜਾਏ ਰੁਜ਼ਗਾਰ ਖੋਹਣ ਤਕ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਆਪਣੇ ਹੱਕ ਮੰਗ ਰਹੇ ਅਧਿਆਪਕਾਂ ਤੇ ਲਾਠੀਚਾਰਜ ਕੀਤਾ ਗਿਆ ਜਿਸ ਦੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਉਨ੍ਹਾਂ ਆਖਿਆ ਕਿ ਸਿੱਖਿਆ ਮੰਤਰੀ ਉਮ ਪ੍ਕਾਸ਼ ਸੋਨੀ ਅਧਿਆਪਕਾਂ ਨਾਲ ਵਾਅਦੇ ਕਰਕੇ ਵਾਰ ਵਾਰ ਆਪਣਾ ਪੱਲਾ ਝਾੜ ਰਿਹਾ ਹੈ। ਇਕ ਪਾਸੇ ਕੈਪਟਨ ਦੀ ਸਰਕਾਰ ਨੇ 800 ਸਰਕਾਰੀ ਸਕੂਲ ਬੰਦ ਕਰ 'ਤੇ ਉਸ ਤੋਂ ਬਾਅਦ ਅਧਿਆਪਕਾਂ ਦੀਆਂ ਨੌਕਰੀਆਂ ਨੂੰ ਖੋਹਿਆ ਅਤੇ ਤਨਖਾਹਾਂ ਵਿੱਚ ਕਟੌਤੀ ਕੀਤੀ ਅਤੇ ਪੰਜਾਬ ਦੀ ਕੈਪਟਨ ਸਰਕਾਰ ਹੁਣ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਨਾਲ ਸਰਕਾਰੀ ਹਸਪਤਾਲ ਅਤੇ ਬੱਸ ਸਟੈਂਡ ਵੀ ਪ੍ਾਈਵੇਟ ਕਰ ਰਹੀ ਹੈ।

ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਕਰਨ ਵੈਰੋਕੇ ਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਜਿੰਦਰ ਸਿੰਘ ਰਾਜੇਆਣਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਅਧਿਆਪਕਾਂ ਉਪਰ ਲਾਠੀਚਾਰਜ ਕਰਵਾ ਕਿ ਸਾਬਤ ਕਰ ਦਿੱਤਾ ਕਿ ਸਰਕਾਰ ਰੁਜਗਾਰ ਦੇਣ ਦੀ ਬਜਾਏ ਰੁਜਗਾਰ ਖੋਹਣ ਵਾਲੇ ਪਾਸੇ ਜਾ ਰਹੀ ਹੈ। ਜਿਸ ਦੇ ਖਿਲਾਫ ਲੋਕਾਂ ਵਿੱਚ ਗੁੱਸਾ ਹੈ। ਅਰਥੀ ਸਾੜਨ ਤੋਂ ਬਾਅਦ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਕਿ ਅਧਿਆਪਕਾਂ ਦੇ ਸੰਘਰਸ਼ ਵਿੱਚ ਉਹ ਅਧਿਆਪਕਾਂ ਨਾਲ ਮੋਦੇ ਨਾਲ ਮੋਢਾ ਜੋੜਕੇ ਖੜ੍ਹਨਗੇ।